3 ਮਾਰਚ ਨੂੰ ਹੀ ਹੋਵੇਗਾ ਪੰਜਾਬ ਦਾ ਬਜਟ ਇਜਲਾਸ ,ਰਾਜਪਾਲ ਨੇ ਦਿੱਤੀ ਮਨਜ਼ੂਰੀ
ਚੰਡੀਗੜ੍ਹ, 28ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਬਜਟ ਇਜਲਾਸ ਨੂੰ ਲੈ ਕੇ ਗਵਰਨਰ ਤੇ ਸਰਕਾਰ ਵਿਚ ਚੱਲ ਰਿਹਾ ਰੇੜਕਾ ਹੁਣ ਖ਼ਤਮ ਹੋ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਬਜਟ ਸੈਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਪੰਜਾਬ ਦਾ ਬਜਟ ਇਜਲਾਸ 3 ਮਾਰਚ ਨੂੰ ਹੀ ਹੋਵੇਗਾ। ਸੁਪਰੀਮ ਕੋਰਟ ‘ਚ ਬਜਟ ਸੈਸ਼ਨ ਬੁਲਾਏ ਜਾਣ ਸਬੰਧੀ ਸੁਣਵਾਈ ਦੌਰਾਨ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਦੱਸਿਆ ਕਿ ਰਾਜਪਾਲ ਨੇ ਸੈਸ਼ਨ ਬੁਲਾਇਆ ਹੈ।ਜ਼ਿਕਰਯੋਗ ਹੈ ਕਿ ਜਦੋਂ ਪੰਜਾਬ ਸਰਕਾਰ ਨੇ ਰਾਜਪਾਲ ਕੋਲੋਂ ਬਜਟ ਇਜਲਾਸ ਚਲਾਉਣ ਦਾ ਪ੍ਰਸਤਾਵ ਭੇਜਿਆ ਸੀ ਤਾਂ ਰਾਜਪਾਲ ਨੇ ਇਹ ਕਹਿ ਕੇ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਕਿ ਪਹਿਲਾਂ ਮੁੱਖ ਮੰਤਰੀ ਉਨ੍ਹਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦੇਣ।
ਦੱਸ ਦਈਏ ਕਿ ਬਜਟ ਸੈਸ਼ਨ ਨੂੰ ਲੈ ਕੇ ਬੀਤੇ ਕੱਲ੍ਹ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਅੱਜ ਸਾਢੇ ਤਿੰਨ ਵਜੇ ਸੁਪਰੀਮ ਕੋਰਟ ਨੇ ਸੁਣਵਾਈ ਕੀਤੀ। ਇਸ ਸੁਣਵਾਈ ਦੌਰਾਨ ਰਾਜਪਾਲ ਨੇ ਬਜਟ ਸੈਸ਼ਨ ਚਲਾਉਣ ਨੂੰ ਮਨਜ਼ੁੂਰੀ ਦੇ ਦਿੱਤੀ ਹੈ।