ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ
ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਆਪਣੇ ਸੈਂਕੜੇ ਸਮਰਥਕਾਂ ਸਮੇਤ ਹੋਏ ‘ਆਪ’ ’ਚ ਸ਼ਾਮਲ
ਚੰਡੀਗੜ੍ਹ, 9 ਮਈ(ਵਿਸ਼ਵ ਵਾਰਤਾ)- ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ‘ਚ ਵੀ ਆਮ ਆਦਮੀ ਪਾਰਟੀ (ਆਪ) ਨੂੰ ਕਾਫੀ ਮਜ਼ਬੂਤੀ ਮਿਲੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਚੰਡੀਗੜ੍ਹ ਤੋਂ 2024 ਦੀਆਂ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨੇ ਗਏ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਆਪਣੇ ਸੈਂਕੜੇ ਸਮਰਥਕਾਂ ਸਮੇਤ ਵੀਰਵਾਰ ਨੂੰ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ।
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਦੀਪ ਸਿੰਘ ਬੁਟੇਰਲਾ ਅਤੇ ਉਨ੍ਹਾਂ ਦੇ ਸਾਰੇ ਸਾਥੀਆਂ ਨੂੰ ਰਸਮੀ ਤੌਰ ‘ਤੇ ਪਾਰਟੀ ‘ਚ ਸ਼ਾਮਲ ਕਰਕੇ ‘ਆਪ’ ਪਰਿਵਾਰ ਵਿਚ ਸਵਾਗਤ ਕੀਤਾ।
ਹਰਦੀਪ ਸਿੰਘ ਬੁਟੇਰਲਾ ਚੰਡੀਗੜ੍ਹ ਤੋਂ ਤਿੰਨ ਵਾਰ ਵਾਰਡ ਕੌਂਸਲਰ ਰਹਿ ਚੁੱਕੇ ਹਨ। ਉਹ ਨਗਰ ਨਿਗਮ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਵਜੋਂ ਵੀ ਆਪਣੀ ਜ਼ਿੰਮੇਵਾਰੀ ਨਿਭਾ ਚੁੱਕੇ ਹਨ। ਚੰਡੀਗੜ੍ਹ ਦੇ ਲੋਕਾਂ ਵਿੱਚ ਉਨ੍ਹਾਂ ਦੀ ਕਾਫੀ ਮਜ਼ਬੂਤ ਪਕੜ ਕਾਰਨ ਅਕਾਲੀ ਦਲ ਨੇ ਉਨ੍ਹਾਂ ਨੂੰ ਇਸ ਵਾਰ ਲੋਕ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨ ਕੀਤਾ ਸੀ। ਉੱਥੇ ਹੀ ਹਰਦੀਪ ਸਿੰਘ ਵੱਲੋਂ ਪਾਰਟੀ ਛੱਡਣ ‘ਤੇ ਅਕਾਲੀ ਨੂੰ ਕਾਫੀ ਵੱਡਾ ਨੁਕਸਾਨ ਝੱਲਣਾ ਪਵੇਗਾ।
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਰਦੀਪ ਬੁਟੇਰਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਾਰਟੀ ਵਿੱਚ ਸ਼ਾਮਲ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਭਗਵੰਤ ਮਾਨ ਸਰਕਾਰ ਦੇ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਅਤੇ ਲੋਕ ਭਲਾਈ ਨੀਤੀਆਂ ਤੋਂ ਕਾਫੀ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ ਹਾਂ।
ਅੱਜ ਅਸੀਂ ਕਾਫੀ ਦੇਰ ਤੱਕ ਮੁੱਖ ਮੰਤਰੀ ਭਗਵੰਤ ਮਾਨ ਨਾਲ ਬੈਠ ਕੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ। ਪੰਜਾਬ ਦੇ ਵਿਕਾਸ ਲਈ ਉਨ੍ਹਾਂ ਦੀ ਵੱਡੀ ਸੋਚ ਹੈ। ਉਨ੍ਹਾਂ ਕਿਹਾ ਕਿ ਮੈਂ ਮਹਿਸੂਸ ਕੀਤਾ ਕਿ ਚੰਡੀਗੜ੍ਹ ਦੇ ਲੋਕਾਂ ਲਈ ਕੰਮ ਕਰਵਾਉਣ ਲਈ ਮੈਨੂੰ ਅਤੇ ਮੇਰੇ ਸਾਥੀਆਂ ਨੂੰ ਕਿਸੇ ਨਾ ਕਿਸੇ ਪਾਰਟੀ ਨਾਲ ਹੱਥ ਮਿਲਾਉਣਾ ਪਵੇਗਾ, ਇਸ ਲਈ ਅਸੀਂ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਨੂੰ ਚੁਣਿਆ ਹੈ, ਜਿਨ੍ਹਾਂ ਦੀ ਸੋਚ ਨਾਲ ਪੰਜਾਬ ਅੱਗੇ ਵਧ ਰਿਹਾ ਹੈ। ਅਸੀਂ ਚੰਡੀਗੜ੍ਹ ਨੂੰ ਵੀ ਉਨ੍ਹਾਂ ਦੀ ਸੋਚ ਦੇ ਤਹਿਤ ਅੱਗੇ ਲੈ ਕੇ ਜਾਵਾਂਗੇ।