ਮੁੱਖ ਮੰਤਰੀ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
ਜ਼ਮਾਨਤ ਦੀ ਮਿਆਦ ਵਧਾਉਣ ਦੀ ਅਪੀਲ ਖਾਰਜ
ਚੰਡੀਗੜ੍ਹ, 29 ਮਈ (ਵਿਸ਼ਵ ਵਾਰਤਾ) ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ 7 ਦਿਨਾਂ ਲਈ ਵਧਾਉਣ ਦੀ ਪਟੀਸ਼ਨ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਹੁਣ ਕੇਜਰੀਵਾਲ ਨੂੰ 2 ਜੂਨ ਨੂੰ ਵਾਪਸ ਤਿਹਾੜ ਜੇਲ੍ਹ ਜਾਣਾ ਪਵੇਗਾ। ਸੁਪਰੀਮ ਕੋਰਟ ਨੇ ਕਿਹਾ- ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਲਈ ਹੇਠਲੀ ਅਦਾਲਤ ਵਿੱਚ ਜਾਣ ਦੀ ਆਜ਼ਾਦੀ ਦਿੱਤੀ ਗਈ ਹੈ, ਇਸ ਲਈ ਪਟੀਸ਼ਨ ਸਵੀਕਾਰ ਨਹੀਂ ਕੀਤੀ ਜਾ ਰਹੀ ਹੈ। ਕੇਜਰੀਵਾਲ ਨੂੰ 10 ਮਈ ਨੂੰ ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੀ ਅਦਾਲਤ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਸੀ। ਜਿਸ ਵਿੱਚ ਉਸ ਨੂੰ 2 ਜੂਨ ਨੂੰ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਹੈ।























