ਅੰਮ੍ਰਿਤਪਾਲ ਸਿੰਘ ਅੱਜ ਐਮ.ਪੀ ਵਜੋਂ ਚੁੱਕਣਗੇ ਸਹੁੰ
ਚੰਡੀਗੜ੍ਹ, 5ਜੁਲਾਈ(ਵਿਸ਼ਵ ਵਾਰਤਾ) Amritpal Singh News- ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਸਮਰਥਕ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅੱਜ ਸੰਸਦ ‘ਚ ਸਹੁੰ ਚੁੱਕਣਗੇ। ਇਸ ਦੇ ਲਈ ਅੰਮ੍ਰਿਤਪਾਲ ਨੂੰ 4 ਦਿਨਾਂ ਦੀ ਪੈਰੋਲ ਮਿਲ ਗਈ ਹੈ ਪਰ ਪੁਲਿਸ ਪ੍ਰਸ਼ਾਸਨ ਉਹਨਾਂ ਨੂੰ ਸਹੁੰ ਚੁੱਕਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ ਤੋਂ ਬਾਹਰ ਲਿਆਵੇਗਾ। ਪੈਰੋਲ ਦੀਆਂ ਸ਼ਰਤਾਂ ਦੇ ਹਿੱਸੇ ਵਜੋਂ, Amritpal ਨੂੰ ਦਿੱਲੀ ਵਿੱਚ ਆਪਣੇ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਉਸ ਨੂੰ ਅਜੇ ਤੱਕ ਪ੍ਰੋਗਰਾਮ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ। ਹਾਲਾਂਕਿ ਪਰਿਵਾਰ ਦਿੱਲੀ ਪਹੁੰਚ ਗਿਆ ਹੈ।ਗੌਰਤਲਬ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਦਿੱਤੀ ਗਈ ਪੈਰੋਲ ਵਿੱਚ 4 ਦਿਨਾਂ ਦਾ ਜ਼ਿਕਰ ਕੀਤਾ ਗਿਆ ਹੈ। ਇਸ ਵਿੱਚ 10 ਸ਼ਰਤਾਂ ਵੀ ਲਗਾਈਆਂ ਗਈਆਂ ਹਨ। ਸੁਰੱਖਿਆ, ਉਸ ਨੂੰ ਲਿਆਉਣ, ਰਹਿਣ ਅਤੇ ਵਾਪਸ ਲੈ ਕੇ ਜਾਣ ਦੀ ਜ਼ਿੰਮੇਵਾਰੀ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤਿੰਦਰ ਸਿੰਘ ਨੂੰ ਸੌਂਪੀ ਗਈ ਹੈ। ਅੰਮ੍ਰਿਤਸਰ ਤੋਂ ਕਰੀਬ 40 ਕਿਲੋਮੀਟਰ ਦੂਰ ਪਿੰਡ ਜੱਲੂਪੁਰ ਖੇੜਾ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਹਨ। ਉਹ ਖਡੂਰ ਸਾਹਿਬ ਸੀਟ ਤੋਂ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ ਹਰਾ ਕੇ ਸੰਸਦ ਮੈਂਬਰ ਬਣੇ ਹਨ।
ਜ਼ਿਕਰਯੋਗ ਹੈ ਕਿ 23 ਫਰਵਰੀ 2023 ਨੂੰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਹਜ਼ਾਰਾਂ ਲੋਕਾਂ ਦੀ ਭੀੜ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਦਾਖਲ ਹੋਈ। ਇਸ ਤੋਂ ਬਾਅਦ ਉਸ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ। 18 ਮਾਰਚ ਨੂੰ ਅੰਮ੍ਰਿਤਪਾਲ ਘਰੋਂ ਭੱਜ ਗਿਆ ਸੀ। ਪੁਲਿਸ ਨੇ ਜਾਂਚ ਏਜੰਸੀਆਂ ਦੇ ਨਾਲ ਮਿਲ ਕੇ ਇੱਕ ਮਹੀਨੇ ਤੱਕ ਉਸਦੀ ਭਾਲ ਜਾਰੀ ਰੱਖੀ। 23 ਅਪ੍ਰੈਲ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਅੰਮ੍ਰਿਤਪਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਖਾਲਿਸਤਾਨੀ ਵਿਚਾਰਧਾਰਾ ਦਾ ਸਮਰਥਨ ਕਰਨ ਦੇ ਦੋਸ਼ ‘ਚ ਉਸ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਲਗਾਇਆ ਗਿਆ ਹੈ। ਅੰਮ੍ਰਿਤਪਾਲ ਨੂੰ ਚੋਣ ਪ੍ਰਚਾਰ ਲਈ ਜੇਲ੍ਹ ਤੋਂ ਬਾਹਰ ਨਹੀਂ ਆਉਣ ਦਿੱਤਾ ਗਿਆ, ਫਿਰ ਵੀ ਉਸ ਨੂੰ 4 ਲੱਖ ਤੋਂ ਵੱਧ ਵੋਟਾਂ ਮਿਲੀਆਂ ਹਨ।