ਕੈਬਨਿਟ ਮੰਤਰੀ ਓ.ਪੀ. ਸੋਨੀ ਨੇ ਕੀਤੀ ਜਲੰਧਰ ਵਿਖੇ ਮੈਗਾ ਰੋਜ਼ਗਾਰ ਮੇਲੇ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ
6ਵੇਂ ਮੈਗਾ ਰੋਜ਼ਗਾਰ ਮੇਲੇ ਅਧੀਨ ਲਗਾਏ ਗਏ 20 ਰੋਜ਼ਗਾਰ ਮੇਲਿਆਂ ਵਿੱਚ 14947 ਨੌਕਰੀਆਂ ਦੀ ਕੀਤੀ ਗਈ ਪੇਸ਼ਕਸ਼
ਇਸ ਸਾਲ ਸ਼ੁਰੂ ਹੋਵੇਗਾ ਸਰਕਾਰੀ ਮੈਡੀਕਲ ਕਾਲਜ ਮੋਹਾਲੀ, ਕਪੂਰਥਲਾ ਅਤੇ ਹੁਸ਼ਿਆਰਪੁਰ ਨੂੰ ਮੈਡੀਕਲ ਕਾਲਜਾਂ ਲਈ ਫੇਜ਼ -1 ਵਿੱਚ 100 ਕਰੋੜ ਰੁਪਏ ਦਿੱਤੇ : ਕੈਬਨਿਟ ਮੰਤਰੀ
ਜਲੰਧਰ, 6 ਅਕਤੂਬਰ (ਵਿਸ਼ਵ ਵਾਰਤਾ )-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਘਰ-ਘਰ ਰੋਜ਼ਗਾਰ ਮਿਸ਼ਨ ਪ੍ਰੋਗਰਾਮ ਤਹਿਤ ਜਲੰਧਰ ਜ਼ਿਲ੍ਹੇ ਨੇ ਇਸ ਸਾਲ ਸਤੰਬਰ ਮਹੀਨੇ ਵਿੱਚ ਲਗਾਏ ਗਏ 20 ਰੋਜ਼ਗਾਰ ਮੇਲਿਆਂ ਵਿੱਚ 8112 ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਕਰ ਕੇ ਰਾਜ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਪ੍ਰਧਾਨਗੀ ਹੇਠ 6ਵੇਂ ਰਾਜ ਪੱਧਰੀ ਰੋਜ਼ਗਾਰ ਮੇਲੇ ਦੇ ਵਰਚੂਅਲ ਸਮਾਪਤੀ ਸਮਾਰੋਹ ਵਿੱਚ ਹਿੱਸਾ ਲੈਂਦੇ ਹੋਏ ਮੈਡੀਕਲ ਸਿੱਖਿਆ ਮੰਤਰੀ, ਪੰਜਾਬ ਓ.ਪੀ. ਸੋਨੀ ਨੇ ਰੋਜ਼ਗਾਰ ਹਾਸਲ ਕਰਨ ਵਾਲੇ ਜਲੰਧਰ ਦੇ 8112 ਨੌਜਵਾਨਾਂ ਅਤੇ ਪੂਰੇ ਸੂਬੇ ਦੇ 93000 ਨੌਜਵਾਨਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰਜਿੰਦਰ ਬੇਰੀ, ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ, ਚੌਧਰੀ ਸੁਰਿੰਦਰ ਸਿੰਘ, ਮੇਅਰ ਜਗਦੀਸ਼ ਰਾਜ ਰਾਜਾ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਏ.ਡੀ.ਸੀ. (ਡੀ) ਵਿਸ਼ੇਸ਼ ਸਾਰੰਗਲ ਵੀ ਮੌਜੂਦ ਸਨ।
ਸੋਨੀ ਨੇ ਰਾਜ ਸਰਕਾਰ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕੇ ਮੁਹੱਈਆ ਕਰਵਾਉਣ ਦੇ ਦ੍ਰਿੜ ਸੰਕਲਪ ਨੂੰ ਦੁਹਰਾਉਂਦਿਆਂ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦਾ ਵੱਡਮੁੱਲਾ ਸਰਮਾਇਆ ਹੁੰਦੇ ਹਨ ਅਤੇ ਜੇ ਉਨ੍ਹਾਂ ਨੂੰ ਸਹੀ ਮੌਕਾ ਮਿਲਦਾ ਹੈ ਤਾਂ ਉਹ ਸਾਰੇ ਰਾਜ ਨੂੰ ਬਦਲਣ ਵਿੱਚ ਸਹਾਇਤਾ ਕਰ ਸਕਦੇ ਹਨ।
ਮੰਤਰੀ ਨੇ ਦੱਸਿਆ ਕਿ ਸਤੰਬਰ ਮਹੀਨੇ ਵਿਚ ਲੱਗੇ 6ਵੇਂ ਮੈਗਾ ਰੋਜ਼ਗਾਰ ਮੇਲੇ ਦੌਰਾਨ ਕੁੱਲ 93593 ਨੌਜਵਾਨਾਂ ਨੂੰ ਪਲੇਸਮੈਂਟ ਮਿਲੀ ਹੈ, ਜਿਸ ਵਿਚੋਂ ਜਲੰਧਰ ਵੱਲੋਂ 8112 ਉਮੀਦਵਾਰਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ । ਉਨ੍ਹਾਂ ਦੱਸਿਆ ਕਿ ਜ਼ਿਲੇ ਵੱਲੋਂ ਵੱਖ-ਵੱਖ ਕੰਪਨੀਆਂ ਰਾਹੀਂ 14947 ਅਸਾਮੀਆਂ ਦੀ ਪੇਸ਼ਕਸ਼ ਕੀਤੀ ਗਈ ਸੀ ਅਤੇ ਕੁੱਲ 5999ਪੁਰਸ਼ ਅਤੇ 2112 ਮਹਿਲਾ ਉਮੀਦਵਾਰਾਂ ਅਤੇ ਇਕ ਦਿਵਿਆਂਗ ਵਿਅਕਤੀ ਨੇ ਰੋਜ਼ਗਾਰ ਮੇਲਿਆਂ ਵਿੱਚ ਪਲੇਸਮੈਂਟ ਹਾਸਲ ਕੀਤੀ ਹੈ।
ਸੋਨੀ ਨੇ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਵੱਖ-ਵੱਖ ਥਾਵਾਂ ‘ਤੇ 20 ਆਨਲਾਈਨ ਅਤੇ ਨਿੱਜੀ ਤੌਰ ‘ਤੇ ਰੋਜ਼ਗਾਰ ਮੇਲੇ ਲਗਾਏ ਅਤੇ ਹਰ ਨੌਜਵਾਨ ਦੇ ਨੌਕਰੀ ਦੇ ਸੁਪਨੇ ਨੂੰ ਪੂਰਾ ਕਰਨ ਵਿਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੱਸਿਆ ਕਿ ਇਨ੍ਹਾਂ 20 ਰੋਜ਼ਗਾਰ ਮੇਲਿਆਂ ਵਿੱਚ ਕੁੱਲ 502 ਕੰਪਨੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ ਅਤੇ 10205ਨੌਜਵਾਨਾਂ ਨੇ ਹਿੱਸਾ ਲਿਆ।
ਬਾਅਦ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਦੱਸਿਆ ਕਿ ਕੀਤਾ ਕਿ ਸਰਕਾਰੀ ਮੈਡੀਕਲ ਕਾਲਜ ਮੁਹਾਲੀ ਇਸ ਸਾਲ ਸ਼ੁਰੂ ਹੋ ਜਾਵੇਗਾ ਕਿਉਂਕਿ ਇਸ ਦੀ ਇਮਾਰਤ ਦੀ ਉਸਾਰੀ ਪਹਿਲਾਂ ਹੀ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਅਤੇ ਕਪੂਰਥਲਾ ਵਿਖੇ ਦੋ ਹੋਰ ਮੈਡੀਕਲ ਕਾਲਜ ਸਥਾਪਤ ਕੀਤੇ ਜਾ ਰਹੇ ਹਨ ਅਤੇ ਰਾਜ ਸਰਕਾਰ ਵੱਲੋਂ ਇਨ੍ਹਾਂ ਕਾਲਜਾਂ ਲਈ 50-50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨੇ ਕਾਲਜਾਂ ‘ਤੇ ਕੁੱਲ 975 ਕਰੋੜ ਰੁਪਏ ਖਰਚੇ ਜਾਣਗੇ।
ਰਾਜ ਵਿਚ ਨੌਕਰੀਆਂ ਦੇ ਵਧੇਰੇ ਮੌਕੇ ਪੈਦਾ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਹੁਰਾਉਂਦਿਆਂ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਗਲੇ ਸਾਲ ਵਿਚ ਇਕ ਲੱਖ ਸਰਕਾਰੀ ਨੌਕਰੀਆਂ ਲੈ ਕੇ ਆਵੇਗੀ, ਜੋ ਰਾਜ ਵਿਚ ਬੇਰੋਜ਼ਗਾਰੀ ਦੀ ਦਰ ਨੂੰ ਘਟਾਉਣ ਵਿੱਚ ਸਹਾਇਕ ਸਾਬਤ ਹੋਣਗੀਆਂ।
ਇਸ ਮੌਕੇ ਹਾਜ਼ਰ ਹੋਰਨਾਂ ਪਤਵੰਤਿਆਂ ਵਿੱਚ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਲਾਲੀ, ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਜਸਵੰਤ ਰਾਏ ਵੀ ਮੌਜੂਦ ਹਨ।