9 ਹਜ਼ਾਰ ਕਰੋੜ ਰੁਪਏ ਲੈ ਕੇ ਭੱਜਣ ਵਾਲੇ ਵਿਜੇ ਮਾਲਿਆ ਨੂੰ ਸੁਪਰੀਮ ਕੋਰਟ ਨੇ ਲਗਾਇਆ 2 ਹਜ਼ਾਰ ਰੁਪਏ ਦਾ ਜੁਰਮਾਨਾ
ਪੜ੍ਹੋ ਹੋਰ ਸੁਣਾਈ ਕਿਹੜੀ ਸਜਾ
ਚੰਡੀਗੜ੍ਹ,11 ਜੁਲਾਈ(ਵਿਸ਼ਵ ਵਾਰਤਾ)-ਸੁਪਰੀਮ ਕੋਰਟ ਨੇ ਅੱਜ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਮਾਣਹਾਨੀ ਦੇ ਮਾਮਲੇ ਵਿੱਚ ਚਾਰ ਮਹੀਨੇ ਦੀ ਕੈਦ ਅਤੇ 2000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਬੈਂਚ ਨੇ ਕਿਹਾ, ”ਸਜ਼ਾ ਜ਼ਰੂਰੀ ਹੈ ਕਿਉਂਕਿ ਮਾਲਿਆ ਨੂੰ ਕੋਈ ਪਛਤਾਵਾ ਨਹੀਂ ਹੈ। ਜੁਰਮਾਨਾ ਅਦਾ ਨਾ ਕਰਨ ‘ਤੇ 2 ਮਹੀਨੇ ਦੀ ਵਾਧੂ ਸਜ਼ਾ ਭੁਗਤਣੀ ਪਵੇਗੀ। ਇਸ ਦੇ ਨਾਲ ਹੀ ਕੋਰਟ ਨੇ ਮਾਲਿਆ ਨੂੰ 4 ਹਫ਼ਤਿਆਂ ਦੇ ਅੰਦਰ 8% ਵਿਆਜ ਨਾਲ ਆਪਣੇ ਬੱਚਿਆਂ ਦੇ ਵਿਦੇਸ਼ੀ ਖਾਤਿਆਂ ਵਿੱਚ ਟਰਾਂਸਫਰ ਕੀਤੇ ਗਏ 40 ਮਿਲੀਅਨ ਡਾਲਰ (ਲਗਭਗ 317 ਕਰੋੜ ਰੁਪਏ) ਵਾਪਸ ਕਰਨ ਲਈ ਵੀ ਕਿਹਾ ਗਿਆ ਹੈ। ਅਜਿਹਾ ਕਰਨ ਵਿੱਚ ਅਸਫਲ ਰਹਿਣ ਦੇ ਨਤੀਜੇ ਵਜੋਂ ਉਸਦੀ ਜਾਇਦਾਦ ਕੁਰਕ ਹੋ ਜਾਵੇਗੀ। ਸੁਪਰੀਮ ਕੋਰਟ ਵਿੱਚ ਜਸਟਿਸ ਯੂ ਯੂ ਲਲਿਤ, ਜਸਟਿਸ ਐਸ ਰਵਿੰਦਰ ਭੱਟ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ 3 ਮੈਂਬਰੀ ਬੈਂਚ ਨੇ ਇਹ ਫੈਸਲਾ ਦਿੱਤਾ।
ਇਸ ਦੇ ਨਾਲ ਹੀ ਦੱਸ ਦਈਏ ਕਿ ਭਾਰਤੀ ਸਟੇਟ ਬੈਂਕ ਦੀ ਅਗਵਾਈ ਵਾਲੇ ਬੈਂਕਾਂ ਦੇ ਇੱਕ ਸੰਘ ਨੇ ਸੁਪਰੀਮ ਕੋਰਟ ਵਿੱਚ ਇਹ ਦੋਸ਼ ਲਾਇਆ ਸੀ ਕਿ ਮਾਲਿਆ 9,000 ਕਰੋੜ ਰੁਪਏ ਤੋਂ ਵੱਧ ਦੇ ਕਰਜ਼ਿਆਂ ਦੀ ਅਦਾਇਗੀ ‘ਤੇ ਅਦਾਲਤੀ ਹੁਕਮਾਂ ਦੀ ਪਾਲਣਾ ਨਹੀਂ ਕਰ ਰਿਹਾ ਹੈ।ਇਹ ਵੀ ਜਿਕਰਯੋਗ ਹੈ ਕਿ ਮਾਲਿਆ ਮਾਰਚ 2016 ਤੋਂ ਯੂਕੇ(ਇੰਗਲੈਂਡ) ਵਿੱਚ ਹੈ। ਉਹ ਹੁਣ ਜ਼ਮਾਨਤ ‘ਤੇ ਬਾਹਰ ਹੈ।