ਜਲੰਧਰ, 24 ਸਤੰਬਰ (ਵਿਸ਼ਵ ਵਾਰਤਾ)-ਜ਼ਿਲ੍ਹੇ ਦੇ ਦਿਹਾਤੀ ਇਲਾਕਿਆਂ ਦੀ ਮੁਕੰਮਲ ਕਾਇਆ ਕਲਪ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਰਾਜ ਸਰਕਾਰ ਦੀ ਰਹਿਨੁਮਾਈ ਹੇਠ ਵਿਕਾਸ ਕਾਰਜਾਂ ਦੀ ਰਫਤਾਰ ਨੂੰ ਤੇਜ਼ ਕਰਨ ਲਈ ਤਿਆਰ-ਬਰ-ਤਿਆਰ ਹੈ, ਜਿਸ ਲਈ ਸਰਕਾਰ ਵੱਲੋਂ ਸਮਾਰਟ ਵਿਲੇਜ ਮੁਹਿੰਮ (ਐਸਵੀਸੀ) ਦੇ ਦੂਜੇ ਪੜਾਅ ਅਧੀਨ ਜ਼ਿਲ੍ਹੇ ਲਈ 77.61 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਤਾਲਾਬੰਦੀ ਤੋਂ ਬਾਅਦ ਦੇ ਸਮੇਂ ਦੌਰਾਨ ਪਿੰਡਾਂ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਅਤੇ ਪਿੰਡਾਂ ਵਿਚ ਵਸੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਰਾਜ ਸਰਕਾਰ ਵੱਲੋਂ ਇਹ ਪਹਿਲ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਜ਼ਿਲ੍ਹੇ ਦੇ 890 ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਯੋਜਨਾ ਬਣਾਈ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਵਿਕਾਸ ਪ੍ਰਾਜੈਕਟਾਂ ਨੂੰ ਸੁਚਾਰੂ ਅਤੇ ਕੁਸ਼ਲਤਾ ਨਾਲ ਚਲਾਉਣ ਲਈ ਇਕ ਵਿਸਤ੍ਰਿਤ ਵਿਧੀ ਤਿਆਰ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਲੋਕਾਂ ਦੀ ਭਲਾਈ ਲਈ ਕੰਮ ਨਿਰਧਾਰਤ ਸਮੇਂ ਦੇ ਅੰਦਰ ਸ਼ੁਰੂ ਅਤੇ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਕਿਹਾ ਕਿ ਰਾਜ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣ ਲਈ ਇਹ ਸਮੇਂ ਦੀ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਲਾਗੂ ਕਰਨ ਵਿੱਚ ਹੋਰ ਦੇਰ ਨਾ ਹੋਵੇ।
ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਐਸਵੀਸੀ ਪ੍ਰੋਗਰਾਮ ਤਹਿਤ ਸ਼ੁਰੂ ਕੀਤੇ ਸਾਰੇ ਕੰਮ ਮੁਕੰਮਲ ਕਰਨ ਲਈ ਵੀ ਕਿਹਾ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਰਾਜ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਇਨ੍ਹਾਂ ਕਾਰਜਾਂ ਰਾਹੀਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਸਹਾਇਕ ਸਾਬਤ ਹੋਵੇਗੀ ।