ਪੰਜਾਬ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਥੋਰੀ
ਜਲੰਧਰ, 30 ਸਤੰਬਰ (ਵਿਸ਼ਵ ਵਾਰਤਾ)- ਡਿਪਟੀ ਕਮਿਸ਼ਨਰ, ਜਲੰਧਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਸਹੂਲਤ ਲਈ ਚਾਲੂ ਸੀਜ਼ਨ ਦੌਰਾਨ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਅੱਜ ਇਥੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਨਵੀਂ ਅਨਾਜ ਮੰਡੀ ਦਾ ਦੌਰਾ ਕਰਨ ਪੁੱਜੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਾਲੂ ਮਾਰਕੀਟਿੰਗ ਸੀਜ਼ਨ ਦੌਰਾਨ ਝੋਨੇ ਦੇ ਦਾਣੇ-ਦਾਣੇ ਦੀ ਨਿਰਵਿਘਨ ਚੁਕਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਅਨਾਜ ਮੰਡੀਆਂ ਵਿਚੋਂ ਕਿਸਾਨਾਂ ਦੀ ਫ਼ਸਲ ਦੀ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਚੁਕਾਈ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਥੋਰੀ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਤੋਂ ਇਲਾਵਾ ਅਨਾਜ ਦੀ ਢੋਆ-ਢੁਆਈ ਅਤੇ ਭੰਡਾਰਨ ਲਈ ਢੁੱਕਵੀਂ ਵਿਧੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਖਰੀਦ ਦੇ ਅਲਾਟ ਕੀਤੇ ਹਿੱਸੇ ਅਨੁਸਾਰ ਝੋਨੇ ਦੀ ਤੁਰੰਤ ਅਤੇ ਨਿਰਵਿਘਨ ਲਿਫਟਿੰਗ ਨੂੰ ਯਕੀਨੀ ਬਣਾਉਣ ਅਤੇ ਖਰੀਦ ਕਾਰਜਾਂ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਖਰੀਦ ਕੇਂਦਰ ਵਿੱਚ ਅਧਿਕਾਰੀਆਂ ਨੂੰ ਬਿਜਲੀ, ਕਿਸਾਨਾਂ ਲਈ ਸ਼ੈੱਡਾਂ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਕਣਕ ਦੀ ਗੁਣਵੱਤਾ ਜਾਂਚਣ ਲਈ ਉਪਕਰਣਾਂ ਸਮੇਤ ਹੋਰ ਲੋੜੀਂਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਰਾਜ ਸਰਕਾਰ ਵੱਲੋਂ ਜਾਰੀ ਸੁਰੱਖਿਆ ਸਾਵਧਾਨੀਆਂ ਦੀ ਸਖਤੀ ਨਾਲ ਪਾਲਣਾ ਕਰਦਿਆਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਢੁੱਕਵੇਂ ਪ੍ਰਬੰਧ ਕਰਨ ਨੂੰ ਵੀ ਕਿਹਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 9396 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਖਰੀਦ ਏਜੰਸੀਆਂ ਵੱਲੋਂ 8834 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ ਲਗਭਗ 149 ਮੰਡੀਆਂ/ਖਰੀਦ ਕੇਂਦਰਾਂ ਬਣਾਏ ਗਏ ਹਨ। ਥੋਰੀ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਸੁਕਾ ਕੇ ਲੈ ਕੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਆਉਣ ‘ਤੇ ਕਿਸਾਨ ਕੰਟਰੋਲ ਰੂਮ ਨੰਬਰ 01815019252 ‘ਤੇ ਸੰਪਰਕ ਕਰਨ।
ਇਸ ਮੌਕੇ ਹਾਜ਼ਰ ਪਤਵੰਤਿਆਂ ਵਿੱਚ ਐਸਡੀਐਮ ਰਾਹੁਲ ਸਿੰਧੂ, ਡਿਪਟੀ ਫੂਡ ਐਂਡ ਸਪਲਾਈ ਕੰਟਰੋਲਰ ਨਰਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਮੁਕੇਸ਼ ਕੈਲੇ ਅਤੇ ਹੋਰ ਮੌਜੂਦ ਸਨ।
























