-ਲੋਕ ਸਭਾ ਮੈਂਬਰ ਵੱਲੋਂ ਖੇਤੀਬਾੜੀ ਕਾਨੂੰਨ ਕਿਸਾਨੀ ਦੀ ਤਬਾਹੀ ਵਾਲੇ ਗ਼ਲਤ ਕਾਨੂੰਨ ਕਰਾਰ
-ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੀ ਹਮਾਇਤ ‘ਚ ਕਰਨਗੇ ਟ੍ਰੈਕਟਰ ਰੈਲੀ-ਪਰਨੀਤ ਕੌਰ
– ਪਟਿਆਲਾ ਸ਼ਹਿਰ ‘ਚ ਡੇਂਗੂ ਵਿਰੁੱਧ ਜਾਗਰੂਕਤਾ ਮੇਅਰ ਸੰਜੀਵ ਸ਼ਰਮਾ ਵੱਲੋਂ ਕੱਢੀ ਲਈ ਸਾਇਕਲ ਰੈਲੀ ਨੂੰ ਰਵਾਨਾ ਕੀਤਾ
-ਪਰਨੀਤ ਕੌਰ ਵੱਲੋਂ ਲੋਕਾਂ ਨੂੰ ਕੋਰੋਨਾ ਅਤੇ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ
ਪਟਿਆਲਾ, 3 ਅਕਤੂਬਰ (ਵਿਸ਼ਵ ਵਾਰਤਾ)-ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਹੈ ਕਿ ਮੋਦੀ ਸਰਕਾਰ ਨੇ ਦੇਸ਼ ਦੇ ਅਨਾਜ਼ ਭੰਡਾਰ ਨੂੰ ਭਰਨ ਵਾਲੇ ਪੰਜਾਬ ਦੇ ਉਨ੍ਹਾਂ ਕਿਸਾਨਾਂ ਨਾਲ ਦਗ਼ਾ ਕਮਾਇਆ ਹੈ, ਜਿਨ੍ਹਾਂ ਨੇ ਦੇਸ਼ ਨੂੰ ਅੰਨ ਦੀ ਤੋਟ ਦੇ ਔਖੇ ਵੇਲੇ ਕਿਸੇ ਬਾਹਰਲੇ ਮੁਲਕ ਅੱਗੇ ਭੀਖ ਨਹੀਂ ਮੰਗਣ ਦਿੱਤੀ। ਸ੍ਰੀਮਤੀ ਪਰਨੀਤ ਕੌਰ ਅੱਜ ਇੱਥੇ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਵੱਲੋਂ ਸ੍ਰੀਮਤੀ ਪਰਨੀਤ ਕੌਰ ਦੇ ਜਨਮ ਦਿਨ ਮੌਕੇ ਸ਼ਹਿਰ ਵਿੱਚ ਡੇਂਗੂ ਵਿਰੁੱਧ ਜਾਗਰੂਕਤਾ ਲਈ ਰਾਘੋਮਾਜਰਾ ਤੋਂ ਕੱਢੀ ਗਈ ਸਾਇਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮਗਰੋਂ ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰ ਰਹੇ ਸਨ।
ਲੋਕ ਸਭਾ ਮੈਂਬਰ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਅਤੇ ਦੂਰਅੰਦੇਸ਼ੀ ਸੋਚ ਤੋਂ ਹੀਣੇ ਦਸਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਕਾਨੂੰਨ ਪਾਸ ਕਰਕੇ ਇੱਕ ਗ਼ੈਰ-ਜਿੰਮੇਵਾਰਾਨਾ ਆਗੂ ਦੀ ਭੂਮਿਕਾ ਨਿਭਾਈ ਹੈ, ਜਿਸ ਦੇ ਭਿਆਨਕ ਸਿੱਟੇ ਨਿਕਲਣਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਪਾਸ ਕਰਨ ਤੋਂ ਪਹਿਲਾਂ ਇਸ ਦੇ ਪਿਛੋਕੜ ਨੂੰ ਅੱਖੋਂ ਪਰੋਖੇ ਕਰਕੇ ਕਿਸਾਨਾਂ ਦੀ ਬਰਬਾਦੀ ਦੀ ਨੀਂਹ ਰੱਖੀ ਹੈ। ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦਾ ਹਰ ਪੱਖੋ ਸਾਥ ਦੇ ਕੇ ਕਿਸਾਨਾਂ ਦੀ ਲੜਾਈ ਅੱਗੇ ਹੋ ਕੇ ਲੜੀ ਜਾਵੇਗੀ।
ਸ੍ਰੀਮਤੀ ਪਰਨੀਤ ਕੌਰ ਨੇ ਅਕਾਲੀ ਦਲ ਵੱਲੋਂ ਅਪਣਾਈ ਰਣਨੀਤੀ ਅਤੇ ਸ੍ਰੀ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਬਾਰੇ ਪੁੱਛੇ ਸਵਾਲ ਦੇ ਜਵਾਬ ‘ਚ ਆਖਿਆ ਕਿ ਸ੍ਰੀ ਰਾਹੁਲ ਗਾਂਧੀ ਦੀ ਟ੍ਰੈਕਟਰ ਰੈਲੀ ਰਾਹੀਂ ਪ੍ਰਸਾਤਵਤ ਪੰਜਾਬ ਫੇਰੀ ਕਿਸਾਨੀ ਦੇ ਅੰਦੋਲਨ ਦਾ ਸਾਥ ਦੇਣ ਵਾਲਾ ਇੱਕ ਗ਼ੈਰ-ਸਿਆਸੀ ਫੈਸਲਾ ਹੈ, ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਮੁੱਚੀ ਲੀਡਰਸ਼ਿਪ ਮੌਜੂਦ ਰਹੇਗੀ। ਜਦੋਂਕਿ ਹਰਸਿਮਰਤ ਕੌਰ ਵੱਲੋਂ ਕੇਂਦਰੀ ਮੰਤਰੀ ਮੰਡਲ ਤੋਂ ਦਿੱਤਾ ਗਿਆ ਅਸਤੀਫ਼ਾ ਬਹੁਤ ਸਮਾਂ ਪਹਿਲਾਂ ਦਿੱਤਾ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣਾ ਸਿਆਸੀ ਆਧਾਰ ਤਾਂ ਪਹਿਲਾਂ ਹੀ ਗਵਾ ਚੁੱਕਾ ਸੀ ਅਤੇ ਹੁਣ ਇਸ ਨੇ ਆਪਣਾ ਵਿਸ਼ਵਾਸ਼ ਵੀ ਗਵਾ ਲਿਆ ਹੈ। ਯੂ.ਪੀ. ਦੇ ਹਾਥਰਸ ਗੈਂਗਰੇਪ ਦੀ ਕਰੜੀ ਨਿੰਦਾ ਕਰਦਿਆਂ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜਾ ਦਿੱਤੀ ਜਾਣੀ ਚਾਹੀਦੀ ਹੈ।
ਇਸ ਮੌਕੇ ਵੱਡੀ ਗਿਣਤੀ ‘ਚ ਪੁੱਜੇ ਪਟਿਆਲਵੀਆਂ ਵੱਲੋਂ ਸ੍ਰੀਮਤੀ ਪਰਨੀਤ ਕੌਰ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਇਛਾਵਾਂ ਕਬੂਲਦਿਆਂ ਸੰਸਦ ਮੈਂਬਰ ਨੇ ਸਾਰਿਆਂ ਦਾ ਧੰਨਵਾਦ ਕਿਹਾ ਕਿ ਸਮੁੱਚਾ ਪਟਿਆਲਾ ਉਨ੍ਹਾਂ ਦੇ ਪਰਿਵਾਰ ਦਾ ਇੱਕ ਹਿੱਸਾ ਹੈ। ਉਨ੍ਹਾਂ ਪਟਿਆਲਾ ਸ਼ਹਿਰ ਅਤੇ ਜ਼ਿਲ੍ਹੇ ਦੇ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਜ਼ਿਲ੍ਹੇ ਅੰਦਰ ਚਹੁਤਰਫ਼ਾ ਵਿਕਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਕੋਰੋਨਾ ਦੀ ਭਿਆਨਕ ਮਹਾਂਮਾਰੀ ਤੋਂ ਬਚਣ ਲਈ ਸਾਵਧਾਨੀਆਂ ਅਪਨਾਉਣ ਦਾ ਸੱਦਾ ਦਿੰਦਿਆਂ ਡੇਂਗੂ ਤੋਂ ਬਚਣ ਲਈ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਾਫ਼ ਸਫ਼ਾਈ ਕਰਨ ਦੀ ਵੀ ਅਪੀਲ ਕੀਤੀ।
ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਵੱਲੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੇ ਜਨਮ ਦਿਨ ਨੂੰ ਸਮਰਪਿਤ ਕੱਢੀ ਗਈ ਸਾਇਕਲ ਰੈਲੀ ‘ਚ ਸ਼ਾਮਲ 500 ਤੋਂ ਵਧੇਰੇ ਸਾਇਕਲ ਸਵਾਰਾਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਹਨੂਮਾਨ ਮੰਦਰ ਤੋਂ ਸ਼ੁਰੂ ਹੋਕੇ ਵੱਖ-ਵੱਖ ਬਾਜ਼ਾਰਾਂ ‘ਚੋਂ ਹੁੰਦੇ ਹੋਏ ਡੇਂਗੂ ਵਿਰੁੱਧ ਜਾਗਰੂਕਤਾ ਫੈਲਾਉਂਦਿਆਂ ਕਿਲਾ ਚੌਂਕ ਵਿਖੇ ਸਮਾਪਤੀ ਕੀਤੀ। ਇਸ ਮੌਕੇ ਨਗਰ ਨਿਗਮ ਵੱਲੋਂ ਸਵੱਛਤਾ ਅਭਿਆਨ ਲਈ ਪਟਿਆਲਾ ਦੇ ਬ੍ਰਾਂਡ ਅੰਬੈਸਡਰ ਐਲਾਨੇ ਗਏ ਉੱਘੇ ਕਲਾਕਾਰ ਹੌਬੀ ਧਾਲੀਵਾਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਪਟਿਆਲਾ ਸ਼ਹਿਰ ਨੇ ਲਗਾਤਾਰ 10 ਸਾਲ ਸਿਆਸੀ ਵਿਤਕਰੇ ਦਾ ਸੰਤਾਪ ਭੋਗਿਆ ਹੈ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਬਣਨ ਤੋਂ ਬਾਅਦ ਸ੍ਰੀਮਤੀ ਪਰਨੀਤ ਕੌਰ ਅਤੇ ਬੀਬਾ ਜੈਇੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕੀਤੇ ਹਨ। ਸ੍ਰੀ ਬਿੱਟੂ ਨੇ ਕਿਹਾ ਕਿ ਸ਼ਹਿਰ ਅੰਦਰ ਜੈਕਬ ਡਰੇਨ ਦਾ ਸੁੰਦਰੀਕਰਨ, ਛੋਟੀ ਤੇ ਵੱਡੀ ਨਦੀ ਦਾ ਸੁੰਦਰੀਕਰਨ, ਦੋ ਨਵੇਂ ਪੁਲ, ਰਾਜਪੁਰਾ ਰੋਡ ‘ਤੇ ਅੰਡਰ ਬ੍ਰਿਜ, ਨਹਿਰੀ ਪਾਣੀ ਪ੍ਰਾਜੈਕਟ, ਹੈਰੀਟੇਜ ਸਟਰੀਟ, ਮੁੱਖ ਡੰਪਿੰਗ ਗਰਾਊਂਡ ਨੂੰ ਖ਼ਤਮ ਕਰਨਾ ਅਤੇ ਸ਼ਹਿਰ ਦੇ ਹਰ ਘਰ ਵਿੱਚ ਪਾਣੀ ਤੇ ਸੀਵਰੇਜ ਦੇ ਕੁਨੈਕਸ਼ਨ ਮੁਹੱਈਆ ਕਰਵਾਉਣਾ ਸ਼ਾਮਲ ਹੈ।
ਇਸ ਮੌਕੇ ਮੇਅਰ ਦੇ ਨਾਲ ਡਿਪਟੀ ਸ੍ਰੀਮਤੀ ਵਿਨਤੀ ਸੰਗਰ, ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਤੇ ਸੰਯੁਕਤ ਕਮਿਸ਼ਨਰ ਸ੍ਰੀ ਅਵਿਕੇਸ਼ ਗੁਪਤਾ ਤੇ ਸ੍ਰੀ ਲਾਲ ਵਿਸ਼ਵਾਸ਼ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਨਗਰ ਨਿਗਮ ਵਿਖੇ ਸ੍ਰੀਮਤੀ ਪਰਨੀਤ ਕੌਰ ਦੇ ਜਨਮ ਦਿਨ ਨੂੰ ਮਨਾਉਂਦਿਆਂ ਸ਼ਹਿਰ ਵਾਸੀਆਂ ਵੱਲੋਂ ਆਪਣੀ ਇੱਛਾ ਅਨੁਸਾਰ ਲਗਾਏ ਖ਼ੂਨਦਾਨ ਕੈਂਪ ‘ਚ ਆਪਣਾ ਖ਼ੂਨਦਾਨ ਕੀਤਾ।
ਇਸ ਦੌਰਾਨ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਮੁੱਖ ਮੰਤਰੀ ਦੇ ਓਐਸਡੀ ਸ੍ਰੀ ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਲੋਕ ਸਭਾ ਮੈਂਬਰ ਦੇ ਨਿਜੀ ਸਕੱਤਰ ਸ੍ਰੀ ਬਲਵਿੰਦਰ ਸਿੰਘ, ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ, ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਸ. ਸੰਤੋਖ ਸਿੰਘ, ਸ੍ਰੀ ਸੋਨੂ ਸੰਗਰ, ਪੰਜਾਬ ਲਾਰਜ ਇੰਡਸਟਰੀ ਵਿਕਾਸ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਕੇ.ਕੇ. ਸਹਿਗਲ, ਬਲਾਕ ਪ੍ਰਧਾਨ ਨਰੇਸ਼ ਦੁੱਗਲ, ਅਤੁਲ ਜੋਸ਼ੀ, ਰੂਪ ਕੁਮਾਰ, ਯੂਥ ਕਾਂਗਰਸ ਪ੍ਰਧਾਨ ਅਨੁਜ ਖੋਸਲਾ, ਨਿਖਿਲ ਬਾਤਿਸ਼ ਸ਼ੇਰੂ, ਜਸਵਿੰਦਰ ਰੰਧਾਵਾ, ਗਿੰਨੀ ਨਾਗਪਾਲ, ਅਸ਼ਵਨੀ ਮਿੱਕੀ, ਹਰੀਸ਼ ਕਪੂਰ, ਸੰਦੀਪ ਮਲਹੋਤਰਾ, ਹਰੀਸ਼ ਅਗਰਵਾਲ, ਪ੍ਰੋ. ਸ਼ਮਿੰਦਰ ਸਿੰਘ, ਸਤਪਾਲ ਵਰਮਾ, ਪ੍ਰਧਾਨ ਯੂਥ ਫੈਡਰੇਸ਼ਨ ਆਫ਼ ਇੰਡੀਆ ਪਰਮਿੰਦਰ ਭਲਵਾਨ, ਜਤਵਿੰਦਰ ਗਰੇਵਾਲ ਸਮੇਤ ਵੱਡੀ ਗਿਣਤੀ ਸ਼ਹਿਰੀ ਅਤੇ ਸਾਇਕਲ ਚਾਲਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਭਗਵੰਤ ਮਾਨ ਨੇ ਫਗਵਾੜਾ ‘ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ
ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ...