ਸਕੱਤਰ ਮੰਡੀ ਬੋਰਡ ਵਲੋਂ ਕਪੂਰਥਲਾ ਤੇ ਫਗਵਾੜਾ ਦੀਆਂ ਮੰਡੀਆਂ ਵਿਖੇ ਝੋਨੇ ਦੀ ਖਰੀਦ ਦਾ ਜਾਇਜ਼ਾ
ਕਿਸਾਨਾਂ ਨੂੰ ਨਿਰਧਾਰਿਤ ਨਮੀ ਵਾਲਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਦੀ ਅਪੀਲ
ਕਿਸਾਨਾਂ ਤੇ ਆੜ੍ਹਤੀਆਂ ਖਰੀਦ ਪ੍ਰਬੰਧਾਂ ’ਤੇ ਜਤਾਈ ਤਸੱਲੀ
ਕਪੂਰਥਲਾ, 13 ਅਕਤੂਬਰ (ਵਿਸ਼ਵ ਵਾਰਤਾ)-ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਵੀ ਭਗਤ ਨੇ ਕਿਹਾ ਹੈ ਕਿ ਸੂਬੇ ਵਿਚ ਝੋਨੇ ਦੀ ਖਰੀਦ ਬਿਲਕੁਲ ਨਿਰਵਿਘਨ ਜਾਰੀ ਹੈ ਅਤੇ ਬੀਤੇ ਕੱਲ੍ਹ ਤੱਕ 34.48 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਵਿਚੋਂ ਹੁਣ ਤੱਕ 33.04 ਲੱਖ ਮੀਟਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਪਿਛਲੇ ਸੀਜ਼ਨ 2019-20 ਦੌਰਾਨ ਇਸ ਸਮੇਂ ਤੱਕ 15.45 ਲੱਖ ਮੀਟਰਿਕ ਟਨ ਝੋਨੇ ਦੀ ਖ੍ਰੀਦ ਹੋਈ ਸੀ।
ਅੱਜ ਕਪੂਰਥਲਾ ਤੇ ਫਗਵਾੜਾ ਵਿਖੇ ਦਾਣਾ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਪੁਖਤਾ ਪ੍ਰਬੰਧਾਂ ਨਾਲ ਖਰੀਦ ਬਿਲਕੁਲ ਸੁਚਾਰੂ ਤਰੀਕੇ ਨਾਲ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਕਾਰਨ ਜਾਰੀ ਹਦਾਇਤਾਂ ਦੀ ਪਾਲਣਾ ਹਿੱਤ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਭੀੜ ਨੂੰ ਰੋਕਣ ਲਈ 10 ਲੱਖ 8 ਹਜ਼ਾਰ 712 ਪਾਸ ਜਾਰੀ ਕੀਤੇ ਜਾ ਚੁੱਕੇ ਹਨ।
ਇਸ ਮੌਕੇ ਉਨ੍ਹਾਂ ਕਪੂਰਥਲਾ ਦੀ ਨਵੀਂ ਦਾਣਾ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਵੀ ਗੱਲਬਾਤ ਕੀਤੀ ਤੇ ਅਤੇ ਖਰੀਦ ਵਿਵਸਥਾ ਵਿਚ ਕਿਸੇ ਵੀ ਦਰਪੇਸ਼ ਮੁਸ਼ਕਿਲ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਆੜ੍ਹਤੀਆਂ ਵਲੋਂ ਖ੍ਰੀਦ ਕੀਤੇ ਝੋਨੇ ਬਦਲੇ ਅਦਾਇਗੀ ਵਿਚ ਤੇਜੀ ਲਿਆਉਣ ਦੀ ਮੰਗ ਬਾਰੇ ਦੱਸਿਆ ਕਿ ਕੱਲ੍ਹ 14 ਅਕਤੂਬਰ ਤੋਂ ਕਿਸਾਨਾਂ ਤੇ ਆੜ੍ਹਤੀਆਂ ਨੂੰ ਨਾਲੋ-ਨਾਲ ਅਦਾਇਗੀ ਕੀਤੀ ਜਾਵੇਗੀ।
ਉਨ੍ਹਾਂ ਨੇ ਮੰਡੀ ਵਿਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਦੌਰਾਨ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕਿਸਾਨ ਵੀਰ ਨਮੀ ਦੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਝੋਨੇ ਨੂੰ ਮੰਡੀ ਵਿਚ ਲੈ ਕੇ ਆਉਣ ਤਾਂ ਜੋ ਫਸਲ ਦੀ ਖਰੀਦ ਨੂੰ ਤੁਰੰਤ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਿਆ ਜਾਵੇਗਾ ਜਿਸ ਲਈ ਸਰਕਾਰੀ ਖਰੀਦ 30 ਨਵੰਬਰ ਤੱਕ ਜਾਰੀ ਰਹੇਗੀ।
ਇਸ ਮੌਕੇ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਗੀਤਾ ਬਿਸ਼ੰਭੂ, ਜਿਲ੍ਹਾ ਮੰਡੀ ਅਫਸਰ ਅਰਵਿੰਦਰ ਸਿੰਘ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਕੌੜਾ, ਰਾਇਸ ਮਿੱਲਰ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰਬੀਰ ਸਿੰਘ ਚਾਹਲ ਤੇ ਮੰਡੀ ਬੋਰਡ ਦੇ ਹੋਰ ਅਧਿਕਾਰੀ ਹਾਜ਼ਰ ਸਨ।
























