ਮੀਟਿੰਗ ਚੋਂ ਬਾਈਕਾਟ ਕਰਕੇ ਬਾਹਰ ਆਏ ਕਿਸਾਨ ਆਗੂ
ਮਾਨਸਾ 14 ਅਕਤੂਬਰ (ਵਿਸ਼ਵ ਵਾਰਤਾ)-ਪੰਜਾਬ ਵਿਚ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੇ ਰਾਹ ਪਈਆਂ ਕਿਸਾਨ ਜਥੇਬੰਦੀਆਂ
ਦੀ ਕੇਂਦਰ ਸਰਕਾਰ ਦੇ ਖੇਤੀ ਮੰਤਰਾਲੇ ਦੇ ਸੱਕਤਰ ਸੰਜੇ ਅੱਗਰਵਾਲ ਨਾਲ ਦਿੱਲੀ ਵਿਖੇ ਚੱਲੀ ਗੱਲਬਾਤ ਟੁੱਟ ਗਈ ਹੈ। ਕਿਸਾਨ ਜਥੇਬੰਦੀਆਂ ਦੇ ਆਗੂ ਮੀਟਿੰਗ ਵਿੱਚੋਂ ਉਠੱਕੇ ਬਾਹਰ ਆ ਗਏ ਹਨ।
ਪਤਾ ਲੱਗਿਆ ਹੈ ਕਿ ਇਹ ਮੀਟਿੰਗ ਉਸ ਵੇਲੇ ਬਿਨਾਂ ਕਿਸੇ ਹੱਲ ਤੋਂ ਅੱਧ ਵਿਚਾਲੇ ਸਮਾਪਤ ਹੋ ਗਈ , ਜਦੋਂ ਮੀਟਿੰਗ ਵਿੱਚ ਕੋਈ ਕੇਂਦਰੀ ਮੰਤਰੀ ਨਹੀਂ ਆਇਆ, ਹਾਲਾਂਕਿ ਪਹਿਲਾਂ ਰਾਜਨਾਥ ਸਿੰਘ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਆਉਣ ਬਾਰੇ ਚਰਚਾ ਸਵੇਰ ਤੋਂ ਹੀ ਚੱਲ ਰਹੀ ਸੀ।
ਇਸ ਤੋਂ ਪਹਿਲਾਂ ਜਥੇਬੰਦੀਆਂ ਦਿੱਲੀ ਵਿਖੇ ਨਵੇਂ ਬਣੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਕੇਂਦਰ ਸਰਕਾਰ ਵਲੋਂ ਦਿੱਤੇ ਸੱਦੇ ਤਹਿਤ ਗੱਲਬਾਤ ਕਰਨ ਲਈ ਅੱਜ ਵੱਡੇ ਤੜਕੇ ਦੇ ਦਿੱਲੀ ਲਈ ਰਵਾਨਾ ਹੋਏ ਸਨ।
ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ, ਜਥੇਬੰਦੀ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਬਲਕਰਨ ਸਿੰਘ ਬੱਲੀ, ਅਤੇ ਭਾਰਤੀ ਕਿਸਾਨ ਯੂਨੀਅਨ (ਮਾਨਸਾ ) ਦੇ ਸੂਬਾ ਪ੍ਰਧਾਨ ਬੋਘ ਸਿੰਘ ਨੇ ਫੋਨ ਰਾਹੀਂ ਇਸ ਪੱਤਰਕਾਰ ਨੂੰ ਦੱਸਿਆ ਕਿ ਕੇਂਦਰੀ ਮੰਤਰੀ ਆਪ ਚੋਣਾਂ ਦੇ ਪ੍ਰਚਾਰ ਲਈ ਰੁੱਝੇ ਹੋਏ ਹਨ ਅਤੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਬੁਲਾਕੇ ਗੁੰਮਰਾਹ ਕਰ ਰਹੇ ਹਨ।
ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਇਸ ਪੱਤਰਕਾਰ ਨੂੰ ਦੱਸਿਆ ਕਿ ਮੀਟਿੰਗ ਵਿਚ ਉਸ ਵੇਲੇ ਰੋਲਾ ਪੈ ਗਿਆ, ਜਦੋਂ ਕਿਸੇ ਕੇਂਦਰੀ ਮੰਤਰੀ ਦੇ ਨਾ ਆਉਣ ਬਾਰੇ ਪਤਾ ਲੱਗਿਆ।
ਬਾਅਦ ਵਿਚ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਭਾਜਪਾ ਨੂੰ ਕਿਸਾਨ ਵਿਰੋਧੀ ਨੀਤੀਆਂ ਵਾਲੀ ਸਰਕਾਰ ਕਿਹਾ।
ਉਨ੍ਹਾਂ ਦੱਸਿਆ ਕਿ ਜਥੇਬੰਦੀਆਂ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ, ਫਸਲਾਂ ਦੇ ਭਾਅ ਡਾ ਸਵਾਮੀ ਨਾਥਨ ਦੀ ਰਿਪੋਰਟ ਅਨੁਸਾਰ ਮਿੱਥਣ, ਸਾਰੀਆਂ ਜਿਣਸਾਂ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ ਮੁਤਾਬਕ ਹੋਣ ਦੀ ਗਰੰਟੀ ਦੀ ਗੱਲ ਸੱਕਤਰ ਕੋਲ ਰੱਖ ਦਿੱਤੀ ਹੈ।
ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਸੂਬਾ ਪ੍ਰਧਾਨ ਬੋਘ ਸਿੰਘ ਨੇ ਦੱਸਿਆ ਕਿ ਹੁਣ ਅਗਲੇ ਸੰਘਰਸ਼ ਨੂੰ ਜਾਰੀ ਰੱਖਣ ਲਈ ਭਲਕੇ 15 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਚ ਸਾਰੀਆਂ ਜਥੇਬੰਦੀਆਂ ਦੀ ਮੀਟਿੰਗ ਬੁਲਾਈ ਗਈ ਹੈ।























