ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ
ਨਵਾਂਸ਼ਹਿਰ, 19 ਅਕਤੂਬਰ ( ਵਿਸ਼ਵ ਵਾਰਤਾ )-ਜ਼ਿਲੇ ਦੀਆਂ ਮੰਡੀਆਂ ਵਿਚ ਹੁਣ ਤੱਕ 179369 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 66752 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 47825 ਮੀਟਿ੍ਰਕ ਟਨ, ਪਨਸਪ ਵੱਲੋਂ 49522 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 12725 ਮੀਟਿ੍ਰਕ ਟਨ, ਐਫ. ਸੀ. ਆਈ ਵੱਲੋਂ 1515 ਮੀਟਿ੍ਰਕ ਟਨ ਅਤੇ ਵਪਾਰੀਆਂ ਵੱਲੋਂ 1030 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਅਧਿਕਾਰੀਆਂ ਨੂੰ ਸੁਚਾਰੂ ਖ਼ਰੀਦ ਅਤੇ ਕੋਵਿਡ ਸਾਵਧਾਨੀਆਂ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨਾਂ ਕਿਹਾ ਕਿ ਸਮੁੱਚੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ। ਉਨਾਂ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਇਸ ਨੂੰ ਖੇਤ ਵਿਚ ਹੀ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ। ਉਨਾਂ ਕਿਹਾ ਕਿ ਇਸ ਨਾਲ ਜਿਥੇ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕੇਗੀ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹੇਗੀ।