ਨਵਾਂਸ਼ਹਿਰ, 26 ਅਕਤੂਬਰ (ਵਿਸ਼ਵ ਵਾਰਤਾ)-ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਨਵਾਂਸ਼ਹਿਰ ਬਲਾਕ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕਰ ਕੇ ਉਥੇ ਲਿਫਟਿੰਗ ਅਤੇ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਵਿਧਾਇਕ ਅੰਗਦ ਸਿੰਘ ਅਤੇ ਪੰਜਾਬ ਲਾਰਜ ਇੰਡਸਟ੍ਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਨਾਲ ਨਵਾਂਸ਼ਹਿਰ, ਫਾਂਬੜਾ, ਦੁਪਾਲਪੁਰ, ਗਰਚਾ, ਰਾਹੋਂ ਅਤੇ ਜਾਡਲਾ ਮੰਡੀਆਂ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ ਅਤੇ ਕਿਸੇ ਨੂੰ ਵੀ ਖ਼ਰੀਦ ਪ੍ਰਕਿਰਿਆ ਦੌਰਾਨ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਦੇ ਬਾਵਜੂਦ ਜਿਵੇਂ ਕਣਕ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜੀ ਗਈ ਸੀ, ਉਸੇ ਤਰਾਂ ਝੋਨੇ ਦੇ ਸੀਜ਼ਨ ਵਿਚ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖ਼ਰੀਦ ਕੇਂਦਰਾਂ ਵਿਚ ਲਗਾਤਾਰ ਨਿਗਰਾਨੀ ਰੱਖਣ, ਤਾਂ ਜੋ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਇਸ ਦੌਰਾਨ ਉਨਾਂ ਕਿਸਾਨਾਂ ਅਤੇ ਆੜਤੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਕਿਸਾਨਾਂ ਨਾਲ ਔਖੀ ਘੜੀ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਇਸ ਤੋਂ ਪਿੱਛੇ ਨਹੀਂ ਹਟੇਗੀ।






















