ਜ਼ਿਲਾ ਰੋਜ਼ਗਾਰ ਅਫ਼ਸਰ ਵੱਲੋਂ ਬੈਂਕਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਨਵਾਂਸ਼ਹਿਰ, 26 ਅਕਤੂਬਰ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਹੁਨਰਮੰਦ ਨੌਜਵਾਨਾਂ ਲਈ ਸਵੈ-ਰੋਜ਼ਗਾਰ ਸਥਾਪਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਰੁਪਿੰਦਰ ਕੌਰ ਵੱਲੋਂ ਅੱਜ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਜ਼ਿਲੇ ਦੇ ਵੱਖ-ਵੱਖ ਬੈਂਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨਾਂ ਕਿਹਾ ਕਿ ਅਗਲੀ ਤਿਮਾਹੀ ਦੌਰਾਨ ਸਵੈ-ਰੋਜ਼ਗਾਰ ਸਬੰਧੀ ਲੋਨ ਸਕੀਮਾਂ ਤਹਿਤ ਵੱਧ ਤੋਂ ਵੱਧ ਕਰਜ਼ ਸਮੇਂ ਸਿਰ ਬੇਰੋਜ਼ਗਾਰ ਨੌਜਵਾਨਾਂ ਨੂੰ ਉਪਲਬੱਧ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨਾਂ ਲੀਡ ਬੈਂਕ ਮੈਨੇਜਰ ਅਤੇ ਬੈਂਕਾਂ ਦੇ ਡੀ. ਸੀ. ਓਜ਼ ਨੂੰ ਕਿਹਾ ਕਿ ਜ਼ਿਲੇ ਦੇ ਬੇਰੋਜ਼ਗਾਰ ਹੁਨਰਮੰਦ ਨੌਜਵਾਨਾਂ ਲਈ ਸਰਕਾਰ ਦੀਆਂ ਲੋਨ ਸਬੰਧੀ ਸਕੀਮਾਂ ਅਧੀਨ ਲੋਨ ਸਮੇਂ ਸਿਰ ਮਨਜ਼ੂਰ ਕੀਤੇ ਜਾਣ। ਇਸ ਦੌਰਾਨ ਬੈਂਕਾਂ ਨੂੰ ਸਵੈ-ਰੋਜ਼ਗਾਰ ਲਈ ਲੋਨ ਦੇ ਮਿਲੇ ਟੀਚਿਆਂ ਦੀ ਸਮੀਖਿਆ ਵੀ ਕੀਤੀ ਗਈ ਅਤੇ ਬੈਂਕ ਅਧਿਕਾਰੀਆਂ ਨੂੰ ਮਿੱਥੇ ਸਮੇਂ ’ਤੇ ਇਹ ਟੀਚੇ ਪੂਰੇ ਕਰਨ ਦੀ ਹਦਾਇਤ ਕੀਤੀ ਗਈ। ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਜ਼ਿਲੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ ਅਤੇ ਹਰੇਕ ਨੌਜਵਾਨ ਨੂੰ ਉਸ ਦੀ ਯੋਗਤਾ ਅਨੁਸਾਰ ਰੋਜ਼ਗਾਰ ਜਾਂ ਸਵੈ-ਰੋਜ਼ਗਾਰ ਦਿਵਾਉਣ ਵਿਚ ਜੁੱਟਿਆ ਹੋਇਆ ਹੈ।























