ਨਵਾਂਸ਼ਹਿਰ, 27 ਅਕਤੂਬਰ (ਵਿਸ਼ਵ ਵਾਰਤਾ)-ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਵਿਧਾਇਕ ਅੰਗਦ ਸਿੰਘ ਅਤੇ ਪੰਜਾਬ ਲਾਰਜ ਇੰਡਸਟ੍ਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਸਮੇਤ ਸਰਕਾਰੀ ਕਾਲਜ ਜਾਡਲਾ ਦੀ ਨਵੀਂ ਉਸਾਰੀ ਜਾ ਰਹੀ ਬਿਲਡਿੰਗ ਦੇ ਕੰਮ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਕਿਹਾ ਕਾਲਜ ਦੀ ਇਮਾਰਤ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਅਤੇ ਅਗਲੇ ਸੈਸ਼ਨ ਅਪ੍ਰੈਲ 2021 ਤੋਂ ਇਥੇ ਕਲਾਸਾਂ ਲੱਗਣੀਆਂ ਸ਼ੁਰੂ ਹੋ ਜਾਣਗੀਆਂ। ਉਨਾਂ ਦੱਸਿਆ ਕਿ ਹਲਕੇ ਦੇ ਵਿਧਾਇਕ ਅੰਗਦ ਸਿੰਘ ਦੀਆਂ ਜੀਅ-ਤੋੜ ਕੋਸ਼ਿਸ਼ਾਂ ਸਦਕਾ ਇਸ ਇਲਾਕੇ ਵਿਚ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਕਰਵਾਏ ਗਏ ਇਸ ਵੱਕਾਰੀ ਸਿੱਖਿਆ ਕੇਂਦਰ ਦੀ ਆਲੀਸ਼ਾਨ ਇਮਾਰਤ ’ਤੇ 11.89 ਕਰੋੜ ਦੀ ਰਾਸ਼ੀ ਖ਼ਰਚ ਕੀਤੀ ਜਾ ਰਹੀ ਹੈ। ਉਨਾਂ ਵਿਧਾਇਕ ਅੰਗਦ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਕ ਨੌਜਵਾਨ ਵਿਧਾਇਕ ਹੋਣ ਦੇ ਨਾਤੇ ਉਹ ਇਲਾਕੇ ਦੇ ਨੌਜਵਾਨਾਂ ਨੂੰ ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿਚ ਮੋਹਰੀ ਬਣਾਉਣ ਲਈ ਬੇਹੱਦ ਗੰਭੀਰ ਹਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਅਤੇ ਉਸਾਰੂ ਪਾਸੇ ਲਗਾਉਣ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨਾਂ ਦੱਸਿਆ ਕਿ ਇਸੇ ਤਹਿਤ ਨਵਾਂਸ਼ਹਿਰ ਵਿਖੇ ਤਜਵੀਜ਼ਤ ਇਕ ਵਿਸ਼ਵ ਪੱਧਰੀ ਖੇਡ ਕੰਪਲੈਕਸ ਦੀ ਜਲਦ ਉਸਾਰੀ ਲਈ ਬੀਤੇ ਦਿਨੀਂ ਉਨਾਂ ਕੇਂਦਰੀ ਖੇਡ ਤੇ ਯੁਵਾ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜੀਜੂ ਨਾਲ ਮੁਲਾਕਾਤ ਕੀਤੀ ਹੈ, ਜਿਸ ਦਾ ਉਨਾਂ ਵੱਲੋਂ ਹਾਂ ਪੱਖੀ ਹੁੰਗਾਰਾ ਭਰਿਆ ਗਿਆ ਹੈ। ਉਨਾਂ ਕਿਹਾ ਕਿ ਉਮੀਦ ਹੈ ਕਿ ਇਨਾਂ ਯਤਨਾਂ ਦੇ ਜਲਦ ਹੀ ਉਸਾਰੂ ਸਿੱਟੇ ਸਾਹਮਣੇ ਆਉਣਗੇ।






















