ਕਿਸਾਨ ਹਨ ਦੇਸ਼ ਦੀ ਜਾਨ, ਖੇਤੀ ਬਿੱਲ ਕਿਸਾਨਾਂ ਦੇ ਹਿੱਤ ਵਿੱਚ
ਬਠਿੰਡਾ 3 ਨਵੰਬਰ (ਕੁਲਬੀਰ ਬੀਰਾ ): ਬਠਿੰਡਾ ਪੁੱਜੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਨੇ ਪੰਜਾਬ ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਨਕਸਲਵਾਦ ਦੀ ਸ਼ੈਅ ਕਰਾਰ ਦਿੱਤਾ ਅਤੇ ਕਿਹਾ ਕਿ ਬਾਹਰੀ ਤਾਕਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਇਸ ਅੰਦੋਲਨ ਨੂੰ ਸ਼ਹਿ ਦੇ ਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਦੇਸ਼ ਦੀ ਜਾਨ ਹੈ ਅਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨ ਕਿਸਾਨਾਂ ਦੇ ਹੱਕ ਵਿੱਚ ਹਨ ਅਤੇ ਕਿਸੇ ਵੀ ਦੇਸ਼ ਦੀ ਸਰਕਾਰ ਉਸ ਦੇਸ਼ ਦੇ ਕਿਸਾਨਾਂ ਨੂੰ ਕਦੇ ਵੀ ਤਬਾਹ ਨਹੀਂ ਕਰਦੀ। ਕਿਸਾਨ ਅੰਦੋਲਨ ਨੂੰ ਬਾਹਰੀ ਤਾਕਤਾਂ ਦੀ ਸ਼ਹਿ ਤੇ ਪੁੱਛੇ ਸਵਾਲ ਤੇ ਉਨ੍ਹਾਂ ਕਿਹਾ ਕਿ ਇਸ ਅੰਦੋਲਨ ਨੂੰ ਬਾਹਰ ਬੈਠੇ ਵਿਦੇਸ਼ੀ ਤਾਕਤਾਂ ਫੰਡਿੰਗ ਕਰ ਰਹੀਆਂ ਹਨ ਅਤੇ ਪੰਜਾਬ ਦੇ ਨਕਸਲੀ ਇਸ ਵਿੱਚ ਸ਼ਾਮਲ ਹੋ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ ਜਿਨ੍ਹਾਂ ਨੂੰ ਕਿਸੇ ਵੀ ਕੀਮਤ ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਬਠਿੰਡਾ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਵੱਲੋਂ ਚੋਣ ਲੜਨ ਦੇ ਪੁੱਛੇ ਸਵਾਲ ਤੇ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਬਠਿੰਡਾ ਨਗਰ ਨਿਗਮ ਚੋਣਾਂ ਵਿਚ ਪੰਜਾਹ ਵਾਰਡਾਂ ਵਿੱਚ ਆਪਣੇ ਦਮ ਤੇ ਚੋਣ ਲੜੇਗੀ ਅਤੇ 2022 ਵਿੱਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਦਮ ਤੇ 117 ਸੀਟਾਂ ਤੇ ਇਕੱਲਿਆਂ ਚੋਣ ਲੜਕੇ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾਵੇਗੀ। ਪੰਜਾਬ ਅੰਦਰ ਖਾਲਿਸਤਾਨ ਦੇ ਪੋਸਟਰ ਅਤੇ ਲੱਗ ਰਹੇ ਨਾਅਰਿਆਂ ਦੇ ਸਵਾਲ ਤੇ ਜਵਾਬ ਦਿੰਦਿਆ ਮਦਨ ਮੋਹਨ ਮਿੱਤਲ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਦੀ ਸ਼ਹਿ ਤੇ ਭਾਰੀ ਤਾਕਤਾਂ ਪੰਜਾਬ ਦੇ ਨੌਜਵਾਨਾਂ ਨੂੰ ਵਰਗਲਾ ਰਹੀਆਂ ਹਨ।






















