ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਖੇਤੀ ਕਾਨੂੰਨਾਂ ਖਿਲਾਫ਼ ਡੀਸੀ ਦਫ਼ਤਰ ਅੱਗੇ ਵਿਸ਼ਾਲ ਧਰਨਾ ਤੇ ਮੁਜਾਹਰਾ
ਬਠਿੰਡਾ 18 ਨਵੰਬਰ (ਕੁਲਬੀਰ ਬੀਰਾ)-ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਅਤੇ ਕਿਸਾਨ ਵਿਰੋਧੀ ਲਿਆਂਦੇ ਗਏ ਕਾਨੂੰਨ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ ਤਹਿਤ ਜ਼ਿਲ੍ਹਾ ਬਠਿੰਡਾ ਵੱਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਕੱਠੇ ਹੋਏ ਕਿਸਾਨਾਂ ਮਜ਼ਦੂਰਾਂ ਅਤੇ ਔਰਤਾਂ ਨੇ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਅੱਗੇ ਧਰਨਾ ਦੇਣ ਉਪਰੰਤ ਸ਼ਹਿਰ ਵਿਚ ਮੁਜ਼ਾਹਰਾ ਕੀਤਾ ।ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ , ਸੂਬਾ ਸਕੱਤਰ ਹਰਿੰਦਰ ਕੌਰ ਬਿੰਦੂ ਅਤੇ ਜਰਨਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਗੱਲਬਾਤ ਦੌਰਾਨ ਸਾਹਮਣੇ ਆਏ ਝਕਾਨੀ ਮਾਰ ਅਮਲ ਜ਼ਰ੍ਹੀਏ ਪੰਜਾਬ ਵਿੱਚ ਸੰਘਰਸ਼ਸ਼ੀਲ ਤਿੰਨ ਕਿਸਾਨ ਕੇਂਦਰਾਂ (ਭਾਰਤੀ ਕਿਸਾਨ ਯੂਨੀਅਨ ਏਕਤਾ, 30 ਜਥੇਬੰਦੀਆਂ ਦਾ ਮੰਚ ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ) ਦੇ ਊਣੇ ਰਹਿ ਰਹੇ ਤਾਲਮੇਲ ਦਾ ਲਾਹਾ ਲੈ ਕੇ 5 ਕਾਲੇ ਕਾਨੂੰਨਾਂ ਨੂੰ ਕਾਇਮ ਰੱਖਦਿਆਂ ਦੋਮ ਦਰਜੇ ਦੀਆਂ ਮੰਗਾਂ ਬਾਰੇ ਲਾਰੇ ਲੱਪੇ ਲਾ ਕੇ ਮੌਜੂਦਾ ਇਤਿਹਾਸਕ ਕਿਸਾਨ ਘੋਲ਼ ਨੂੰ ਠਿੱਬੀ ਲਾਉਣ ਦੀ ਤਾਕ ਵਿੱਚ ਹੈ। ਕੱਲ੍ਹ ਦੇ ਅਖਬਾਰ ਵਿੱਚ ਗੱਲਬਾਤ ਕਿਸੇ ਸਿੱਟੇ ਤੇ ਪਹੁੰਚਣ ਦੀ ਸੰਭਾਵਨਾ ਬਾਰੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਛਪਿਆ ਬਿਆਨ ਇਸ ਸ਼ੰਕਾ ਦੀ ਪ੍ਰੋੜ੍ਹਤਾ ਕਰਦਾ ਹੈ। ਅਜਿਹੀਆਂ ਸਰਕਾਰੀ ਚਾਲਾਂ ਨੂੰ ਮਾਤ ਦੇਣ ਦੇ ਮਕਸਦ ਨਾਲ ਤਿੰਨਾਂ ਸੰਘਰਸ਼ਸ਼ੀਲ ਕੇਂਦਰਾਂ ਦੇ ਆਪਸੀ ਤਾਲਮੇਲ ਨੂੰ ਪੂਰਾ ਮਜ਼ਬੂਤ ਕਰਨ ਦੇ ਮਕਸਦ ਲਈ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਵੀ ਕੀਤੀ ਜਾਵੇਗੀ। ਬੁਲਾਰਿਆਂ ਨੇ ਕਿਹਾ ਕਿਪੰਜਾਬ ਦੀਆਂ 31 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਅਤੇ ਬਿਜਲੀ ਸੋਧ ਕਾਨੂੰਨ 2020 ਨੂੰ ਰੱਦ ਕਰਾਉਣ ਲਈ ਮੋਦੀ ਸਰਕਾਰ ਵਿਰੁੱਧ ਮੋਰਚੇ ਲਾਏ ਹੋਏ ਹਨ ਅਤੇ ਇਨ੍ਹਾਂ ਕਨੂੰਨਾਂ ਦਾ ਸਾਰੇ ਭਾਰਤ ਦੇ ਕਿਸਾਨ ਵਿਰੋਧ ਕਰ ਰਹੇ ਹਨ ਪਰ ਕੇਂਦਰ ਦੀ ਸਰਕਾਰ ਨੇ ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਇਹ ਕਾਨੂੰਨ ਰੱਦ ਕਰਨ ਦੀ ਥਾਂ ਪਰਾਲੀ ਦੀ ਸੰਭਾਲ ਕਰਨ ਦੀ ਬਜਾਏ ਮਜ਼ਬੂਰੀਵੱਸ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ 1 ਕਰੋੜ ਦੇ ਜੁਰਮਾਨੇ ਅਤੇ 5 ਸਾਲ ਦੀ ਸਜ਼ਾ ਨਵਾਂ ਆਰਡੀਨੈਂਸ ਜਾਰੀ ਕਰ ਦਿੱਤਾ । ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ, ਕੇਂਦਰ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦੀ ਕਮੇਟੀ ਬਣਾ ਕੇ ਸੰਘਰਸ਼ ਨੂੰ ਠੰਢਾ ਕਰਨ ਲੋਕਾਂ ਨੂੰ ਘੋਲਾਂ ਤੋਂ ਅਵੇਸਲੇ ਕਰਨ ਦੀ ਵਿਉਂਤ ,ਲਾਰੇ-ਲੱਪੇ ਲਾ ਕੇ ਇਹ ਕਨੂੰਨ ਲਾਗੂ ਕਰਨ ਦੀ ਸਕੀਮ ਬਣਾ ਕੇ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪੰਜਾਬ ਵਿਚ ਅਗਲੀ ਸਰਕਾਰ ਭਾਜਪਾ ਦੀ ਬਣਾਉਣ ਦੇ ਸੁਪਨੇ ਲਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਧੱਕੇ ਨਾਲ ਇਹ ਕਨੂੰਨ ਲਾਗੂ ਕਰਨ ਦੇ ਹੰਕਾਰੀ ਫੈਸਲੇ ਦਾ ਪੰਜਾਬ ਦੇ ਕਿਸਾਨ ਅਤੇ ਹੋਰ ਕਿਰਤੀ ਲੋਕਾਂ ਵੱਲੋਂ ਆਪਣੀ ਚੇਤਨ ਪਹਿਰੇਦਾਰੀ ਰਾਹੀਂ ਪੰਜਾਬ ਵਿੱਚੋਂ ਭਾਜਪਾ ਦਾ ਸਫ਼ਾਇਆ ਕਰਕੇ ਭਾਜਪਾ ਦਾ ਹੰਕਾਰ ਤੋੜ ਦਿੱਤਾ ਜਾਵੇਗਾ। ਅੱਜ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੋਂ ਲੈ ਕੇ ਗੋਲ ਡਿੱਗੀ ਤੱਕ ਮੁਜ਼ਾਹਰਾ ਕਰਕੇ ਸ਼ਹਿਰ ਵਾਸੀਆਂ ਨੂੰ ਇਨਾਂ ਲੋਕਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ । ਬੁਲਾਰਿਆਂ ਨੇ ਇਹ ਪੰਜੇ ਕਾਨੂੰਨ ਰੱਦ ਕਰਨ ਦੀ ਮੰਗ ਤੋਂ ਇਲਾਵਾ ਮੰਗ ਕੀਤੀ ਕਿ ਹੈ ਜਨਤਕ ਵੰਡ ਪ੍ਰਣਾਲੀ ਨੂੰ ਮਜਬੂਤ ਕਰਕੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਦੇ ਲੋੜਵੰਦ ਲੋਕਾਂ ਨੂੰ ਰਾਸ਼ਨ ਦਿੱਤਾ ਜਾਵੇ , ਜੇਲਾਂ ਵਿੱਚ ਡੱਕੇ ਸਾਰੇ ਬੇਦੋਸੇ ਲੇਖਕਾਂ, ਬੁੱਧੀਜੀਵੀਆਂ, ਜਮਹੂਰੀ ਕਾਰਕੁੰਨਾਂ , ਪੱਤਰਕਾਰਾਂ ਅਤੇ ਵਿਦਿਆਰਥੀਆਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾ ਕੀਤਾ ਜਾਵੇ। ਅੱਜ ਦੇ ਇਕੱਠ ਨੂੰ ਉਪਰੋਕਤ ਬੁਲਾਰਿਆਂ ਤੋਂ ਇਲਾਵਾ ਰਾਜਵਿੰਦਰ ਸਿੰਘ ਰਾਮਨਗਰ, ਪਰਮਜੀਤ ਕੌਰ ਪਿੱਥੋ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਰਕਾਮ ਦੇ ਆਗੂ ਗੁਰਵਿੰਦਰ ਸਿੰਘ ਪੰਨੂੰ ਅਤੇ ਜਗਰੂਪ ਸਿੰਘ ਨੇ ਵੀ ਸੰਬੋਧਨ ਕੀਤਾ।ਅੱਜ ਦੇ ਇਕੱਠ ਵੱਲੋਂ ਠੇਕਾ ਮੁਲਾਜ਼ਮ ਕੰਪਿਊਟਰ ਅਪਰੇਟਰ ਸੰਘਰਸ਼ ਕਮੇਟੀ ਪਾਵਰਕੌਮ ਪੰਜਾਬ ਵੱਲੋਂ ਸੰਘਰਸ਼ ਕਰ ਰਹੇ 13 ਮੁਲਾਜ਼ਮਾਂ ਨੂੰ ਆਹਲੂਵਾਲੀਆਕਮੇਟੀ ਦੀਆਂ ਸਿਫਾਰਸ਼ਾਂ ਤਹਿਤ ਨੌਕਰੀ ਤੋਂ ਫਾਰਗ ਵਿਰੁੱਧ ਉਹਨਾਂ ਨੂੰ ਨੌਕਰੀ ਤੇ ਬਹਾਲ ਕਰਨ ਦਾ ਮਤਾ ਪਾਸ ਕੀਤਾ।
























