
ਮਾਨਸਾ 20 ਨਵੰਬਰ 🙁 ਵਿਸ਼ਵ ਵਾਰਤਾ )
ਪੰਜਾਬ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ 26 ਅਤੇ 27 ਨਵੰਬਰ ਦੇ ਦਿੱਲੀ ਕੂਚ ਦੌਰਾਨ ਕਿਸਾਨਾਂ ਨੂੰ ਚਾਰ ਮਹੀਨਿਆਂ ਦਾ ਰਾਸ਼ਨ ਲੈਕੇ ਜਾਣ ਦੇ ਦਿੱਤੇ ਸੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ ਡੇਢ਼ ਵਜੇ ਪੰਜਾਬ ਭਵਨ ਵਿਖੇ ਸੂਬੇ ਦੀਆਂ ਸਾਰੀਆਂ ਸੰਘਰਸ਼ਸ਼ੀਲ ਧਿਰਾਂ ਦੀ ਮੀਟਿੰਗ ਬੁਲਾਈ ਗਈ ਹੈ। ਜਥੇਬੰਦੀਆਂ ਦੇ ਮੁਖੀਆਂ ਨੂੰ ਮੁੱਖ ਮੰਤਰੀ ਦਫ਼ਤਰ ਵਲੋਂ ਸ੍ਰੀ ਐਮ.ਪੀ ਸਿੰਘ ਨੇ ਇਸ ਸਬੰਧੀ ਬਕਾਇਦਾ ਰੂਪ ਵਿਚ ਸੁਨੇਹੇ ਲਾ ਦਿੱਤੇ ਗਏ ਹਨ।
ਕਿਸਾਨ ਜਥੇਬੰਦੀਆਂ ਵਲੋਂ ਇਸ ਸੁਨੇਹੇ ਨੂੰ ਸਵੀਕਾਰ ਕਰਦਿਆਂ ਭਲਕੇ 21ਨਵੰਬਰ ਦੀ ਇਸ ਮੀਟਿੰਗ ਵਿਚ ਜਾਣ ਲਈ ਆਪਣੀਆਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ।
ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ( ਮਾਨਸਾ) ਦੇ ਸੂਬਾਈ ਪ੍ਰਧਾਨ ਬੋਘ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਮੀਟਿੰਗ ਵਿੱਚ ਸਰਕਾਰ ਵਲੋਂ ਸਨੇਹਾ ਪੁੱਜ ਗਿਆ ਹੈ।
ਉਨ੍ਹਾਂ ਨੇ ਇਸ ਪੱਤਰਕਾਰ ਨੂੰ ਦੱਸਿਆ ਕਿ ਸੰਘਰਸ਼ਸੀਲ ਜਥੇਬੰਦੀਆਂ ਦੇ ਆਗੂਆਂ ਨੇ ਮੀਟਿੰਗ ਵਿੱਚ ਭਾਗ ਲੈਣ ਦਾ ਫੈਸਲਾ ਕਰਨ ਲਿਆ ਗਿਆ ਹੈ ਅਤੇ ਉਸ ਤੋਂ ਪਹਿਲਾਂ ਜਥੇਬੰਦੀਆਂ ਨੇ ਆਪਣੀ ਇੱਕ ਮੀਟਿੰਗ 11 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੱਦ ਲਈ ਗਈ ਹੈ ਤਾਂ ਜੋ ਮੁੱਖ ਮੰਤਰੀ ਕੋਲ ਉਠਾਏ ਜਾਣ ਵਾਲੇ ਮਸਲਿਆਂ ਨੂੰ ਆਪਸ ਵਿੱਚ ਵਿਚਾਰਿਆ ਜਾ ਸਕੇ।
ਕਿਸਾਨ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਪੰਜਾਬ ਵਿੱਚ ਯੂਰੀਆ ਖਾਦ ਦੀ ਘਾਟ ਝੋਨੇ ਦੀ ਖਰੀਦ, ਬਾਹਰਲੇ ਰਾਜਾਂ ਵਿਚੋਂ ਆਉਂਦੇ ਝੋਨੇ ਦੀ ਤਕਲੀਫ ਸਮੇਤ ਅਨੇਕਾਂ ਮਸਲਿਆਂ ਨੂੰ ਵਿਚਾਰਿਆ ਜਾਵੇਗਾ।
ਇਹ ਵੀ ਪਤਾ ਲੱਗਿਆ ਹੈ ਕਿ ਮੁੱਖ ਮੰਤਰੀ ਵੱਲੋਂ ਇਹ ਮੀਟਿੰਗ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੂੰ ਨਾਲ ਲੈਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦਾ ਪ੍ਰੋਗਰਾਮ ਬਣਾਇਆ ਜਾ ਰਿਹਾ ਹੈ ਤਾਂ ਜੋ ਮਾਲ ਗੱਡੀਆਂ ਸਮੇਤ ਰੁੱਕੇ ਪਏ ਪੰਜਾਬ ਦੇ ਹੋਰ ਮਸਲਿਆਂ ਨੂੰ ਹੱਲ ਕੀਤਾ ਜਾ ਸਕੇ ਅਤੇ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਸੁਖਾਵਾਂ ਮਾਹੌਲ ਸਿਰਜਿਆ ਜਾ ਸਕੇ।






















