ਪੰਜਾਬ ਦੇ ਕਿਸਾਨਾਂ ਨੇ ਮੁਲਕ ਦੇ ਕਿਸਾਨਾਂ ਨੂੰ ਰਾਹ ਦਿਖਾਈ: ਸ. ਪਰਮਿੰਦਰ ਸਿੰਘ ਢੀਂਡਸਾ
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਕਿਸਾਨਾਂ ਦੇ ਹਰ ਸੰਘਰਸ਼ ਵਿਚ ਉਨ੍ਹਾ ਨਾਲ ਖੜ੍ਹੀ
ਚੰਡੀਗੜ੍ਹ, ਨਵੰਬਰ 23, 2020 (ਵਿਸ਼ਵ ਵਾਰਤਾ)-
ਖੇਤੀ ਕਾਲੇ ਕਾਨੂੰਨਾਂ ਦੇ ਵਿਰੁਧ 26 ਨਵੰਬਰ ਨੂੰ ਦਿੱਲੀ ਚੱਲੋ ਪ੍ਰੋਗਰਾਮ ਦੇ ਤਹਿਤ ਕੂਚ ਕਰਨ ਜਾ ਰਹੇ ਦੇਸ਼ ਭਰ ਦੇ ਕਿਸਾਨਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਆਗੂਆਂ ਨੇ ਵੀ ਕਮਰ ਕੱਸ ਲਈ ਹੈ। ਦਿੱਲੀ ਵਿਚ ਕਿਸਾਨਾਂ ਦੇ ਦੇਸ਼ ਵਿਆਪੀ ਸਾਂਤਮਈ ਅੰਦੋਲਨ ਦਾ ਹਿੱਸਾ ਬਣਨ ਜਾ ਰਹੀ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ ਅਤੇ ਲਹਿਰਾ ਤੋਂ ਵਿਧਾਇਕ ਸ. ਪਰਮਿੰਦਰ ਸਿੰਘ ਢੀੰਡਸਾ ਨੇ ਕਿਹਾ ਕਿ ਪਾਰਟੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜੀ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਰੱਦ ਹੋਣ ਤਕ ਪਾਰਟੀ ਕਿਸਾਨਾਂ ਦੇ ਹਰੇਕ ਸੰਘਰਸ਼ ਵਿਚ ਉਨ੍ਹਾ ਦਾ ਸਾਥ ਦਵੇਗੀ। ਸ. ਢੀਂਡਸਾ ਨੇ ਕਿਹਾ ਕਿ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਪਾਰਟੀ ਦੇ ਸਾਰੇ ਆਗੂ ਇਸ ਅੰਦੋਲਨ ਵਿਚ ਸਮੂਲੀਅਤ ਕਰਨਗੇ। ਤਾਂਕਿ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦੀ ਆਵਾਜ਼ ਹੋਰ ਬੁਲੰਦ ਹੋ ਸਕੇ। ਉਨ੍ਹਾ ਕਿਹਾ ਕਿ ਦਿੱਲੀ ਚਲੋ ਪ੍ਰੋਗਰਾਮ ਲਈ ਪਾਰਟੀ ਵਲੋਂ ਪਿੰਡ-ਪਿੰਡ ਲਾਮਬੰਦੀ ਕੀਤੀ ਜਾ ਰਹੀ ਹੈ। ਉਨ੍ਹਾ ਕਿਹਾ ਕਿ ਕਿਸਾਨਾਂ ਨੇ ਟ੍ਰੈਕਟਰ-ਟਰਾਲੀਆਂ ਰਾਹੀਂ ਜਾਣ ਦਾ ਫੈਸਲਾ ਲਿਆ ਹੈ। ਇਸ ਕਰਕੇ ਪਾਰਟੀ ਦੇ ਆਗੂ ਵੀ ਉਨ੍ਹਾ ਦੇ ਨਾਲ ਇਸੇ ਤਰਾਂ ਜਾਣਗੇ। ਸ. ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਪੁਰੇ ਮੁਲਕ ਦੇ ਕਿਸਨਾਂ ਨੂੰ ਰਾਹ ਵਿਖਾਈ ਹੈ। ਉਨ੍ਹਾ ਕਿਹਾ ਕਿ 26 ਨਵੰਬਰ ਸੰਵਿਧਾਨ ਤੇ ਦਸਤਖ਼ਤ ਕੀਤੇ ਗਏ ਸਨ ਅਤੇ ਉਨ੍ਹਾ ਨੂੰ ਉਮੀਦ ਹੈ ਕਿ ਕਿਸਨਾਂ ਨੂੰ ਸੰਵਿਧਾਨ ਦਿਵਸ ਮੌਕੇ ਅਪਣੀ ਗੱਲ ਕਰਨ ਦਾ ਹੱਕ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕੇਵਲ ਇਕਜੁੱਟ ਹੋਣ ਨਾਲ ਹੀ ਇਸ ਲੜਾਈ ਵਿਚ ਜਿੱਤ ਹਾਸਿਲ ਕੀਤੀ ਜਾ ਸਕਦੀ ਹੈ। ਇਸ ਕਰਕੇ ਸਾਰਿਆਂ ਨੂੰ ਆਪਸੀ ਮੱਤਭੇਦ ਭੁਲਾ ਕੇ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ। ਸ. ਢੀਂਡਸਾ ਨੇ ਕਿਸਾਨਾਂ ਵਲੋਂ ਬਣਾਏ ਗਏ ਕੌਮੀ ਸਾਂਝੇ ਮੋਰਚੇ ਦੀ ਵੀ ਸ਼ਲਾਘਾ ਕੀਤੀ ਹੈ।