ਬਰਗਾੜੀ ਬੇਅਦਬੀ ਮਾਮਲੇ ਦੀ ਵੱਡੀ ਖਬਰ
ਚੰਡੀਗੜ੍ਹ 23 ਨਵੰਬਰ ( ਵਿਸ਼ਵ ਵਾਰਤਾ)-ਬਰਗਾੜੀ ਬੇਅਦਬੀ ਮਾਮਲੇ ਵਿੱਚ ਅੱਜ ਹਾਈਕੋਰਟ ਨੇ ਰਿਵਿਊ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਮਾਮਲੇ ਵਿੱਚ ਐਸਆਈਟੀ ਦੀ ਜਾਂਚ ਨੂੰ ਜਾਰੀ ਰੱਖਣ ਦਾ ਆਦੇਸ਼ ਦਿੱਤਾ ਹੈ।
ਕੀ ਸੀ ਮਾਮਲਾ?
12 ਅਕਤੂਬਰ2015 ਨੂੰ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ। ਇਸ ਮਾਮਲੇ ਵਿੱਚ ਸਿੱਖ ਸੰਗਠਨਾਂ ਅਤੇ ਸੰਗਤਾਂ ਦੁਆਰਾ ਕੋਟਕਪੁਰਾ ਅਤੇ ਬਰਗਾੜੀ ਨਾਲ ਲੱਗਦੇ ਪਿੰਡ ਬਹਿਬਲ ਕਲਾਂ ਵਿੱਚ ਵੀ ਧਰਨਾ ਦਿੱਤਾ ਗਿਆ ਸੀ। ਇਸ ਧਰਨੇ ਦੌਰਾਨ 14 ਅਕਤੂਬਰ 2015 ਨੂੰ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਪਿੰਡ ਨਿਯਾਮੀਵਾਲਾ ਦੇ ਕਿਸ਼ਨ ਭਗਵਾਨ ਸਿੰਘ ਅਤੇ ਪਿੰਡ ਸਰਾਂਵਾ ਦੇ ਗੁਰਜੀਤ ਸਿੰਘ ਮਾਰੇ ਗਏ ਸਨ। ਦੱਸਿਆ ਗਿਆ ਹੈ ਕਿ ਪੁਲਿਸ ਨੇ ਬਿਨਾਂ ਕਿਸੇ ਕਾਰਨ ਸ਼ਾਂਤੀ ਪੂਰਨ ਧਰਨੇ ਉਤੇ ਬੈਠੀਆਂ ਸਤਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸੰਗਤਾਂ ਉਤੇ ਗੋਲੀਆਂ ਚਲਾਈਆਂ ਸਨ। ਸਾਬਕਾ ਅਕਾਲੀ ਭਾਜਪਾ ਸਰਕਾਰ ਨੇ ਦੋਵੇਂ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਘਰ ਦੇ ਇਕ-ਇਕ ਮੈਂਬਰ ਨੂੰ ਨੌਕਰੀ ਤਾਂ ਦੇ ਦਿੱਤੀ। ਪਰ ਉਹਨਾਂ ਨੂੰ ਇਨਸਾਫ ਦਿਵਾਉਣ ਦੇ ਵਾਅਦੇ ਦੀ ਸਥਿਤੀ ਜਿਉਂ ਦੀ ਤਿਉਂ ਉਥੇ ਹੀ ਹੈ।