
ਪਟਨਾ ਸਾਹਿਬ, 25 ਦਸੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਉੱਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਅਤੇ ਮਨੁੱਖਤਾ ਦੇ ਭਲੇ ਲਈ ਅਰਦਾਸ ਕੀਤੀ। ਅਕਾਲੀ ਦਲ ਦੇ ਪ੍ਰਧਾਨ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਸਮੇਤ ਆਪਣੇ ਪਰਿਵਾਰਕ ਮੈਂਬਰਾਂ ਨਾਲ ਸਿੱਖ ਸੰਗਤ ਨਾਲ ਗੱਲਬਾਤ ਕੀਤੀ ਅਤੇ ਕੀਰਤਨ ਸੁਣਿਆ
ਬਾਅਦ ਵਿਚ ਅਕਾਲੀ ਦਲ ਦੇ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਸੀਨੀਅਰ ਆਗੂਆਂ ਮਨਜੀਤ ਸਿੰਘ ਜੀਕੇ ਅਤੇ ਮਨਜਿੰਦਰ ਸਿਘ ਸਿਰਸਾ ਸਮੇਤ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ ਨੂੰ ਉਹਨਾਂ ਦੀ ਰਿਹਾਇਸ਼ ਉੱਤੇ ਜਾ ਕੇ ਮਿਲੇ। ਸਰਦਾਰ ਬਾਦਲ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਇੰਨੀ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਸਮੂਹ ਸਿੱਖ ਸੰਗਤ ਵੱਲੋਂ ਮੁੱਖ ਮੰਤਰੀ ਅਤੇ ਬਿਹਾਰ ਸਰਕਾਰ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਬਿਹਾਰ ਦੇ ਮੁੱਖ ਮੰਤਰੀ ਨੇ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾ ਕੇ ਇੱਕ ਮਹਾਨ ਸੇਵਾ ਕੀਤੀ ਹੈ, ਜਿਸ ਵਾਸਤੇ ਸਿੱਖ ਕੌਮ ਸਦਾ ਉਹਨਾਂ ਰਿਣੀ ਰਹੇਗੀ। ਇਸ ਮੌਕੇ ਉਹਨਾਂ ਸ੍ਰੀ ਨਿਤੀਸ਼ ਕੁਮਾਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਉਹਨਾਂ ਸਿੱਖ ਸੰਗਤ ਵੱਲੋਂ ਪੰਜਾਬ ਆਉਣ ਦਾ ਸੱਦਾ ਦਿੱਤਾ। ਨਿਤੀਸ਼ ਕੁਮਾਰ ਨੇ ਬੜੀ ਹਲੀਮੀ ਨਾਲ ਸੱਦਾ ਸਵੀਕਾਰ ਕਰਦਿਆਂ ਕਿਹਾ ਕਿ ਉਹਨਾਂ ਨੇ ਜੋ ਕੁੱਝ ਕੀਤਾ ਆਪਣਾ ਫਰਜ਼ ਸਮਝ ਕੇ ਕੀਤਾ ਹੈ। ਉਹਨਾਂ ਕਿਹਾ ਕਿ ਮੈਂ ਕੁੱਝ ਨਹੀਂ ਕੀਤਾ, ਸਗੋਂ ਗੁਰੂ ਸਾਹਿਬ ਨੇ ਹੀ ਮੈਥੋਂ ਇਹ ਸੇਵਾ ਲਈ ਹੈ।