ਸਿੰਘੂ ਬਾਰਡਰ ਤੇ ਕਿਸਾਨ ਜੱਥੇਬੰਦੀਆਂ ਕਰ ਰਹੀਆਂ ਹਨ ਮੀਟਿੰਗ
ਆਉਣ ਵਾਲੇ ਕੇਂਦਰ ਸਰਕਾਰ ਦੇ ਸੱਦੇ ਤੇ ਹੋਣਗੀਆਂ ਵਿਚਾਰਾਂ
ਮੀਟਿੰਗ ਵਿੱਚ ਦੇਸ਼ ਭਰ ਦੀਆਂ ਅੰਦੋਲਨ ਕਰ ਰਹੀਆਂ ਜੱਥੇਬੰਦੀਆਂ ਦੇ ਨੁਮਾਇੰਦੇ ਹੋਣਗੇ ਸ਼ਾਮਲ
ਜੱਥੇਬੰਦੀਆਂ ਨੂੰ ਆਸ ਹੈ ਕਿ ਕੇਂਦਰ ਸਰਕਾਰ ਵੱਲੋਂ ਛੇਤੀ ਹੀ ਆ ਸਕਦਾ ਹੈ ਮੁੜ ਗੱਲਬਾਤ ਦਾ ਸੱਦਾ

ਸਿੰਘੂ ਬਾਰਡਰ, ਦਿੱਲੀ 12ਦਸੰਬਰ(ਵਿਸ਼ਵ ਵਾਰਤਾ)-ਪਿਛਲੇ 17 ਦਿਨ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਚੱਲ ਰਹੇ ਇਤਿਹਾਸਕ ਕਿਸਾਨ ਅੰਦੋਲਨ ਨੂੰ ਚਲਾ ਰਹੀਆਂ ਦੇਸ਼ ਭਰ ਦੀਆਂ ਕਿਸਾਨ ਜੱਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਛੇਤੀ ਹੀ ਸਿੰਘੂ ਬਾਰਡਰ ਤੇ ਹੋਣ ਜਾ ਰਹੀ ਹੈ। ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਮੁੜ ਆਉਣ ਵਾਲੇ ਸੱਦੇ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਜੱਥੇਬੰਦੀਆਂ ਨੂੰ ਆਸ ਹੈ ਕਿ ਕੇਂਦਰ ਸਰਕਾਰ ਛੇਤੀ ਹੀ ਮੁੜ ਗੱਲਬਾਤ ਦਾ ਸੱਦਾ ਭੇਜ ਰਹੀ ਹੈ। ਉਸ ਗੱਲਬਾਤ ਬਾਰੇ ਕਿ ਰਣਨੀਤੀ ਬਣਾਉਣੀ ਚਾਹੀਦੀ ਹੈ, ਬਾਰੇ ਖੁੱਲ੍ਹ ਕੇ ਵਿਚਾਰਾਂ ਕੀਤੀਆਂ ਜਾਣਗੀਆਂ।
ਇਹ ਗੱਲ ਵਰਨਣਯੋਗ ਹੈ ਕਿ ਇਸ ਇਤਿਹਾਸਕ ਕਿਸਾਨ ਅੰਦੋਲਨ ਨੂੰ ਚਲਾ ਰਹੇ ਕਿਸਾਨ ਆਗੂ ਪਹਿਲੇ ਦਿਨ ਤੋਂ ਇਹ ਮੰਗ ਕਰ ਰਹੇ ਹਨ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਜਦੋਂ ਕਿ ਸਰਕਾਰ ਪ੍ਰਧਾਨ ਮੰਤਰੀ ਸਮੇਤ ਉਹਨਾਂ ਦੇ ਮੰਤਰੀ ਮੰਡਲ ਦੇ ਮੈਂਬਰ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਉਹਨਾਂ ਖੇਤੀ ਕਾਨੂੰਨਾਂ ਨੂੰ ਕਿਸਾਨ ਪੱਖੀ ਦੱਸਦੇ ਹੋਏ ਉਹਨਾਂ ਵਿੱਚ ਕੁਝ ਸੋਧਾਂ ਕਰਨ ਲਈ ਤਿਆਰ ਹਨ।





















