ਕਿਸਾਨ ਅੰਦੋਲਨ
ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕਿਸਾਨ ਅੰਦੋਲਨ 20 ਵੇਂ ਦਿਨ ਵੀ ਜਾਰੀ
ਕੜਾਕੇ ਦੀ ਠੰਢ ਦੇ ਬਾਵਜੂਦ ਹਜ਼ਾਰਾਂ ਕਿਸਾਨ ਦਿੱਲੀ ਦੀਆਂ ਸਰਹੱਦਾਂ ਦੇ ਡਟੇ
ਕੇਂਦਰ ਕਾਨੂੰਨ ਵਾਪਸ ਲੈਣ ਨੂੰ ਨਹੀਂ ਤਿਆਰ ਅਤੇ ਕਿਸਾਨ ਕਾਨੂੰਨਾਂ ਨੂੰ ਰੱਦ ਕਰਾਏ ਬਗੈਰ ਅੰਦੋਲਨ ਵਾਪਸ ਲੈਣ ਨੂੰ ਨਹੀਂ ਤਿਆਰ
ਅਗਲੀ ਰਣਨੀਤੀ ਤਿਆਰ ਕਰਨ ਲਈ ਕਿਸਾਨ ਜੱਥੇਬੰਦੀਆਂ ਦੀ ਅਹਿਮ ਮੀਟਿੰਗ ਅੱਜ


ਸਿੰਘੂ ਬਾਰਡਰ ਦਿੱਲੀ, 15 ਦਸੰਬਰ(ਵਿਸ਼ਵ ਵਾਰਤਾ)- ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਚਲਾਇਆ ਜਾ ਰਿਹਾ ਕਿਸਾਨ ਅੰਦੋਲਨ ਜੋ ਕਿ ਹੁਣ ਲੋਕ ਅੰਦੋਲਨ ਬਣ ਚੁੱਕਿਆ ਹੈ ਅੱਜ 20 ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਇਸ ਪੈ ਰਹੀ ਕੜਾਕੇ ਦੀ ਠੰਢ ਦੀ ਪਰਵਾਹ ਨਾ ਕਰਦਿਆਂ ਹਜ਼ਾਰਾਂ ਕਿਸਾਨ ਮਜ਼ਦੂਰ ਅਤੇ ਹੋਰ ਕਿਤਿਆਂ ਅਤੇ ਵਰਗਾਂ ਨਾਲ ਸੰਬੰਧਤ ਲੋਕ ਦਿੱਲੀ ਦੀਆਂ ਸਰਹੱਦਾਂ ਤੇ ਪੂਰੇ ਜੋਸ਼-ਖਰੋਸ਼ ਨਾਲ ਡਟੇ ਹੋਏ ਹਨ। ਸਭਨਾਂ ਦੀ ਇਕੋ ਹੀ ਆਵਾਜ਼ ਹੈ ਕਿ ਇਹ ਤਿੰਨੋਂ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਏ ਬਗੈਰ ਘਰਾਂ ਨੂੰ ਵਾਪਸ ਨਹੀਂ ਜਾਵਾਂਗੇ।
ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਅਗਲੀ ਰਣਨੀਤੀ ਤਿਆਰ ਕਰਨ ਲਈ ਕਿਸਾਨ ਜੱਥੇਬੰਦੀਆਂ ਦੀ ਅੱਜ ਇਕ ਅਹਿਮ ਮੀਟਿੰਗ ਹੋ ਰਹੀ ਹੈ। ਜਿਸ ਵਿੱਚ 40 ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ।ਸੰਭਾਵਨਾ ਹੈ ਕਿ ਕਿਸਾਨ ਆਗੂ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਕਈ ਵੱਡੇ ਫੈਸਲੇ ਲੈ ਸਕਦੇ ਹਨ।






















