ਸੰਤ ਬਾਬਾ ਰਾਮ ਸਿੰਘ ਦਾ ਅੰਤਿਮ ਸਸਕਾਰ –ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਦਿੱਤੀ ਅੰਤਿਮ ਵਿਦਾਇਗੀ

ਕਰਨਾਲ, 18 ਦਸੰਬਰ(ਵਿਸ਼ਵ ਵਾਰਤਾ)- ਕੇਂਦਰ ਸਰਕਾਰ ਵੱਲੋਂ ਲਿਆਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਦਿੱਲੀ ਦੇ ਬਾਰਡਰਾਂ ਤੇ ਡਟੇ ਕਿਸਾਨਾਂ ਦੀ ਹਾਲਤ ਨੂੰ ਦੇਖਦਿਆਂ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਾ ਵਾਰ ਗਏ ਸੰਤ ਬਾਬਾ ਰਾਮ ਸਿੰਘ ਸਿੰਘੜਾ ਵਾਲਿਆਂ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਬਾਬਾ ਰਾਮ ਸਿੰਘ ਦੇ ਅੱਜ ਗੁਰਦੁਆਰਾ ਨਾਨਕਸਰ ਠਾਠ ਸਿੰਘੜਾ ਵਿਖੇ ਕੀਤੇ ਗਏ ਅੰਤਿਮ ਸਸਕਾਰ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਅਤੇ ਅਹਿਮ ਸ਼ਖ਼ਸੀਅਤਾਂ ਹਾਜ਼ਰ ਸਨ। ਜਿਹਨਾਂ ਨੇ ਬਾਬਾ ਜੀ ਨੂੰ ਨਮ ਅੱਖਾਂ ਨਾਲ ਵਿਦਾਇਗੀ ਦਿੱਤੀ। ਗੁਰਦੁਆਰਾ ਸਾਹਿਬ ਦੇ ਅਹਾਤੇ ਵਿੱਚ ਬਣਾਏ ਗਏ ਅੰਗੀਠੇ ਤੇ ਉਹਨਾਂ ਦੀ ਦੇਹ ਨੂੰ ਅਗਨ ਭੇਟ ਕੀਤਾ ਗਿਆ। ਹਾਜ਼ਰ ਸੰਗਤਾਂ ਵਿੱਚ ਪੰਜਾਬ ਅਤੇ ਹਰਿਆਣਾ ਦੇ ਸਿਆਸੀ, ਸਮਾਜਿਕ ਅਤੇ ਧਾਰਮਿਕ ਆਗੂ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਵੀ ਹਾਜ਼ਰ ਸਨ।
ਦੱਸ ਦੱਈਏ ਕਿ ਬੁੱਧਵਾਰ , 16 ਦਸੰਬਰ ਨੂੰ ਕੁੰਡਲੀ ਬਾਰਡਰ ਤੇ ਸੰਘਰਸ਼ ਕਰ ਰਹੇ ਕਿਸਾਨਾਂ ਵਿੱਚ ਬੈਠੇ ਸੰਤ ਬਾਬਾ ਰਾਮ ਸਿੰਘ ਨੇ ਆਪਣੀ ਕਾਰ ਵਿੱਚ ਜਾ ਕੇ ਆਪਣੇ ਆਪ ਨੂੰ ਗੋਲੀ ਮਾਰ ਲਈ ਸੀ। ਉਹਨਾਂ ਨੇ ਇਸ ਸੰਬੰਧੀ ਦੋ ਨੋਟ ਛੱਡੇ ਸਨ ਜਿਹਨਾਂ ਵਿੱਚ ਉਹਨਾਂ ਨੇ ਕਿਸਾਨਾਂ ਦੀ ਹਾਲਤ ਤੇ ਚਿੰਤਾ ਪ੍ਰਗਟ ਕੀਤੀ ਸੀ।






















