‘ਬੇਟੀ ਬਚਾਓ ਬੇਟੀ ਪੜਾਓ’ ਸਕੀਮ ਤਹਿਤ ਲੜਕੀਆਂ ਨੂੰ ਮੁਕਾਬਲੇ ਦੇ ਇਮਤਿਹਾਨਾਂ ਲਈ ਦਿੱਤੀ ਜਾਵੇਗੀ ਮੁਫ਼ਤ ਕੋਚਿੰਗ-ਡੀ. ਸੀਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਬੱਚੀਆਂ ਦੀ ਬਿਹਤਰੀ ਲਈ ਲਏ ਅਹਿਮ ਫ਼ੈਸਲੇ
ਨਵਾਂਸ਼ਹਿਰ, 21 ਦਸੰਬਰ (ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਜ਼ਿਲੇ ਵਿਚ ‘ਬੇਟੀ ਬਚਾਓ ਬੇਟੀ ਪੜਾਓ’ ਸਕੀਮ ਨੂੰ ਸਿਖਰ ’ਤੇ ਪਹੁੰਚਾਉਣ ਅਤੇ ਬੱਚੀਆਂ ਦੀ ਬਿਹਤਰੀ ਲਈ ਅਹਿਮ ਫ਼ੈਸਲੇ ਲਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲੇ ਦੀਆਂ ਹੋਣਹਾਰ ਗ੍ਰੈਜੂਏਟ ਲੜਕੀਆਂ ਨੂੰ ਮੁਕਾਬਲੇ ਦੇ ਇਮਤਿਹਾਨਾਂ ਲਈ ਮੁਫ਼ਤ ਕੋਚਿੰਗ ਦੇਣ ਦਾ ਬਹੁਤ ਜਲਦ ਪ੍ਰਬੰਧ ਕੀਤਾ ਜਾ ਰਿਹਾ ਹੈ, ਤਾਂ ਜੋ ਉਹ ਮੁਕਾਬਲੇ ਦੇ ਇਸ ਯੁੱਗ ਵਿਚ ਕਿਸੇ ਪੱਖੋਂ ਵੀ ਘੱਟ ਨਾ ਰਹਿਣ। ਉਨਾਂ ਦੱਸਿਆ ਕਿ ਇਸੇ ਤਰਾਂ ਮੈਡੀਕਲ ਸਟਰੀਮ ਦੀਆਂ ਬਾਰਵੀਂ ਜਮਾਤ ਦੀਆਂ ਲੜਕੀਆਂ ਨੂੰ ‘ਨੀਟ’ ਪ੍ਰੀਖਿਆ ਲਈ ਵੀ ਮੁਫ਼ਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ‘ਅਨੀਮੀਆ ਮੁਕਤ ਮੁਹਿੰਮ’ ਤਹਿਤ ਬੱਚੀਆਂ ਵਿਚ ਖ਼ੂਨ ਦੀ ਕਮੀ ਦੀ ਜਾਂਚ ਲਈ ਸਿਹਤ ਵਿਭਾਗ ਨੂੰ ਹੋਮਿਓਗਲੋਬਿਨ ਮੀਟਰ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਮੌਕੇ ਲੜਕੀਆਂ ਲਈ ਸੈਲਫ ਡਿਫੈਂਸ ਦੀਆਂ ਕਲਾਸਾਂ ਸ਼ੁਰੂ ਕਰਨ ਅਤੇ ਖੇਡ ਟੂਰਨਾਮੈਂਟ ਕਰਵਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਸ ਸਕੀਮ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਸਬੰਧੀ ਮੈਂਬਰਾਂ ਤੋਂ ਸੁਝਾਅ ਵੀ ਲਏ ਗਏ।






















