ਇਤਿਹਾਸਕ ਕਿਸਾਨ ਅੰਦੋਲਨ ਦਾ 73 ਵਾਂ ਦਿਨ
ਕੜਾਕੇ ਦੀ ਠੰਢ ਦੇ ਬਾਵਜੂਦ ਠਾਠਾਂ ਮਾਰਦਾ ਇਕੱਠ
ਕਿਸਾਨ ਆਗੂਆਂ ਵੱਲੋਂ 6 ਫਰਵਰੀ ਨੂੰ ਦੇਸ਼ ਭਰ ਵਿੱਚ ਚੱਕਾ ਜਾਮ ਕਰਨ ਦਾ ਦਿੱਤਾ ਹੋਇਆ ਹੈ ਸੱਦਾ
ਚੱਕਾ ਜਾਮ ਨੂੰ ਭਰਵਾਂ ਹੁੰਗਾਰਾ ਮਿਲਣ ਦੀ ਹੈ ਆਸ
ਹਰਿਆਣਾ ਤੇ ਦੂਜੇ ਸੂਬਿਆਂ ਦੀਆਂ ਸਰਕਾਰਾਂ ਨੇ ਚੱਕਾ ਜਾਮ ਨੂੰ ਲੈ ਕੇ ਅਲਰਟ ਕੀਤਾ ਜਾਰੀ
ਦਿੱਲੀ ਐਨ.ਸੀ.ਆਰ ਵਿੱਚ ਨਹੀਂ ਹੋਵੇਗਾ ਚੱਕਾ ਜਾਮ

ਚੰਡੀਗੜ੍ਹ, 5 ਫਰਵਰੀ (ਵਿਸ਼ਵ ਵਾਰਤਾ)- ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ਤੇ ਪਿਛਲੇ 73 ਦਿਨਾਂ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਜੋ ਕਿ ਹੁਣ ਜਨ ਅੰਦੋਲਨ ਬਣ ਚੁੱਕਿਆ ਹੈ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਜੋਸ਼ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ। ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਖਿਲਾਫ ਸ਼ਾਂਤਮਈ ਅੰਦੋਲਨ ਚਲਾ ਰਹੇ ਕਿਸਾਨ ਆਗੂਆਂ ਨੇ ਕੱਲ 6 ਫਰਵਰੀ ਨੂੰ ਦੇਸ਼ ਭਰ ਵਿੱਚ ਚੱਕਾ ਜਾਮ ਕਰਨ ਦਾ ਸੱਦਾ ਦਿੱਤਾ ਹੋਇਆ ਹੈ। ਕਿਸਾਨ ਅੰਦੋਲਨ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਲੱਗਦਾ ਹੈ ਕਿ ਦੇਸ਼ ਦੇ ਲੋਕ ਕੱਲ੍ਹ ਦੇ ਸੱਦੇ ਨੂੰ ਪੂਰਾ ਸਮਰਥਨ ਦੇਣਗੇ। ਕਿਸਾਨ ਆਗੂਆਂ ਵੱਲੋਂ ਦਿੱਲੀ ਐਨ.ਸੀ.ਆਰ ਵਿੱਚ ਚੱਕ ਜਾਮ ਨਾ ਕਰਨ ਦਾ ਫੈਸਲਾ ਲਿਆ ਹੋਇਆ ਹੈ।ਦੇਸ਼ ਭਰ ਵਿੱਚ ਇਹ ਚੱਕਾ ਜਾਮ ਦਾ ਸੱਦਾ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਲਈ ਹੀ ਦਿੱਤਾ ਗਿਆ ਹੈ। ਕਿਸਾਨ ਆਗੂਆਂ ਵੱਲੋਂ ਚੱਕਾ ਜਾਮ ਦੇ ਸੱਦੇ ਨੂੰ ਵੀ ਪੂਰਨ ਸ਼ਾਂਤਮਈ ਢੰਗ ਨਾਲ ਕਰਨ ਦਾ ਸੱਦਾ ਦਿੱਤਾ ਗਿਆ ਹੈ। ਚੱਕਾ ਜਾਮ ਦੌਰਾਨ ਸਕੂਲੀ ਬੱਸਾਂ ਅਤੇ ਐਂਬੂਲੈਂਸ ਸੇਵਾਵਾਂ ਨੂੰ ਛੋਟ ਦਿੱਤੀ ਗਈ ਹੈ।






















