ਸਰਕਾਰ ਦੀਆਂ ਲੋਕ–ਪੱਖੀ ਤੇ ਪ੍ਰਗਤੀਸ਼ੀਲ ਨੀਤੀਆਂ ਦੀ ਜਿੱਤ ਹੋਈ ਹੈ’

ਚੰਡੀਗੜ੍ਹ 17 ਫ਼ਰਵਰੀ ( ਵਿਸ਼ਵ ਵਾਰਤਾ )-ਪ੍ਰਮੁੱਖ ਸਿੱਖ ਕਿਸਾਨ ਆਗੂ, ਆਲ ਇੰਡੀਆ ਜੱਟ ਮਹਾਂਸਭਾ ਦੇ ਚੰਡੀਗੜ੍ਹ ਸਟੇਟ ਪ੍ਰਧਾਨ ਤੇ ਮਹਾਂਸਭਾ ਦੇ ਕੌਮੀ ਡੈਲੀਗੇਟ ਸ. ਰਾਜਿੰਦਰ ਸਿੰਘ ਬਡਹੇੜੀ ਨੇ ਕਿਹਾ ਹੈ ਕਿ ਪੰਜਾਬ ਦੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ’ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਬੇਮਿਸਾਲ ਜਿੱਤ ਨੇ ਇਹ ਸਪੱਸ਼ਟ ਸੰਕੇਤ ਦੇ ਦਿੱਤੇ ਹਨ ਕਿ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸੂਬੇ ਵਿੱਚ ਇੱਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ, ਨਗਰ ਨਿਗਮ ਤੇ ਨਗਰ ਪੰਚਾਇਤਾਂ ਦੀਆਂ ਇਨ੍ਹਾਂ ਚੋਣਾਂ ’ਚ ਜਨਤਾ ਨੇ ਬਾਦਲ ਦਲ, ਭਾਜਪਾ ਤੇ ਆਮ ਆਦਮੀ ਪਾਰਟੀ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ।
ਸ. ਬਡਹੇੜੀ ਨੇ ਕਿਹਾ ਕਿ ਕਾਂਗਰਸ ਦੀ ਇਹ ਜਿੱਤ ਪੰਜਾਬ ਦੀ ਮੌਜੂਦਾ ਸਰਕਾਰ ਦੀਆਂ ਨੀਤੀਆਂ ਦੀ ਵੀ ਜਿੱਤ ਹੈ। ਉਨ੍ਹਾਂ ਕਿਹਾ ਕਿ ਸੂਬਾ ਅਸੈਂਬਲੀ ਚੋਣਾਂ ’ਚ ਵੀ ਅਕਾਲੀ ਦਲ, ਭਾਜਪਾ ਤੇ ਆਮ ਆਦਮੀ ਪਾਰਟੀ ਨੂੰ ਬਿਲਕੁਲ ਇਵੇਂ ਹੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ।
ਸ. ਬਡਹੇੜੀ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਟ੍ਰੇਲਰ ਵੇਖ ਕੇ ਅਸਲ ਹਾਲਾਤ ਨੂੰ ਸਮਝ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਪੰਗਾ ਬਹੁਤ ਮਹਿੰਗਾ ਪਵੇਗਾ ਤੇ ਕੇਂਦਰ ਸਰਕਾਰ ਨੂੰ ਜ਼ਿੱਦ ਛੱਡ ਕੇ ਕਿਸਾਨ–ਵਿਰੋਧੀ ਕਾਨੂੰਨ ਤੁਰੰਤ ਰੱਦ ਕਰ ਦੇਣੇ ਚਾਹੀਦੇ ਹਨ।
ਸ. ਬਡਹੇੜੀ ਨੇ ਇਹ ਵੀ ਕਿਹਾ ਕਿ ਦੂਜੀਆਂ ਪਾਰਟੀਆਂ ਵਾਂਗ ਕਾਂਗਰਸ ਨੇ ਦੂਸ਼ਣਬਾਜ਼ੀ ਵੱਲ ਕੋਈ ਧਿਆਨ ਨਹੀਂ ਦਿੱਤਾ, ਸਗੋਂ ਪੰਜਾਬ ਵਿੱਚ ਵਿਕਾਸ ਉੱਤੇ ਵਧੇਰੇ ਜ਼ੋਰ ਦਿੱਤਾ; ਇਸੇ ਲਈ ਜਨਤਾ ਨੇ ਮੁੜ ਇਸ ਪਾਰਟੀ ਨੂੰ ਸਿਰ–ਮੱਥੇ ਬਹਾਇਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਇਨ੍ਹਾਂ ਚੋਣ ਨਤੀਜਿਆਂ ਤੋਂ ਇਹ ਸਿੱਧ ਹੋ ਗਿਆ ਹੈ ਕਿ ਕਾਂਗਰਸ ਦੀਆਂ ਨੀਤੀਆਂ ਹੀ ਲੋਕ–ਪੱਖੀ ਤੇ ਪ੍ਰਗਤੀਸ਼ੀਲ ਹਨ; ਇਸੇ ਲਈ ਵਿਰੋਧੀ ਪਾਰਟੀਆਂ ਨੂੰ ਵੋਟਰਾਂ ਨੇ ਪੂਰੀ ਤਰ੍ਹਾਂ ਨਕਾਰ ਕੇ ਰੱਖ ਦਿੱਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ’ਚ ਵਿਰੋਧੀ ਧਿਰ ਦਾ ਪੂਰੀ ਤਰ੍ਹਾਂ ਸਫ਼ਾਇਆ ਹੋ ਜਾਵੇਗਾ।






















