ਖੇਤੀ ਕਾਨੂੰਨਾਂ ਦੀ ਵਾਪਸੀ ਤੇ ਮਜ਼ਦੂਰ ਮੰਗਾਂ ਨੂੰ ਲੈਕੇ
ਖੇਤ ਮਜ਼ਦੂਰਾਂ ਵੱਲੋਂ 15 ਮਾਰਚ ਨੂੰ ਬਠਿੰਡਾ ‘ਚ ਰੈਲੀ ਤੇ ਮੁਜ਼ਾਹਰੇ ਦਾ ਐਲਾਨ

ਬਠਿੰਡਾ,26 ਫਰਵਰੀ ( ਕੁਲਬੀਰ ਬੀਰਾ )ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਮਜ਼ਦੂਰਾਂ ਦੇ ਭਖਦੇ ਮਸਲਿਆਂ ਨੂੰ ਲੈਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ 15 ਮਾਰਚ ਨੂੰ ਬਠਿੰਡਾ ਵਿਖੇ ਸੂਬਾ ਪੱਧਰੀ ਰੈਲੀ ਤੇ ਮੁਜ਼ਾਹਰਾ ਕੀਤਾ ਜਾਵੇਗਾ।ਇਹ ਐਲਾਨ ਅੱਜ ਟੀਚਰ ਹੋਮ ਬਠਿੰਡਾ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਉਪਰੰਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਵਿੱਤ ਸਕੱਤਰ ਹਰਮੇਸ਼ ਮਾਲੜੀ ਵੱਲੋਂ ਕੀਤਾ ਗਿਆ। ਉਹਨਾਂ ਕਿਹਾ ਕਿ 15 ਮਾਰਚ ਨੂੰ ਕੀਤੀ ਜਾ ਰਹੀ ਖੇਤ ਮਜ਼ਦੂਰ ਰੈਲੀ ਵਿੱਚ ਹਜ਼ਾਰਾਂ ਮਜ਼ਦੂਰ ਮਰਦ ਔਰਤਾਂ ਸ਼ਾਮਲ ਹੋਣਗੇ। ਲਛਮਣ ਸਿੰਘ ਸੇਵੇਵਾਲਾ ਨੇ ਕਿਹਾ ਕਿ ਇਸ ਰੈਲੀ ਦੌਰਾਨ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਦੇ ਖੇਤ ਮਜ਼ਦੂਰਾਂ ਦੀ ਜ਼ਿੰਦਗੀ ਤੇ ਪੈਣ ਵਾਲੇ ਤਬਾਹਕੁੰਨ ਅਸਰਾਂ ਅਤੇ ਇਹਨਾਂ ਦੀ ਵਾਪਸੀ ਲਈ ਚੱਲ ਰਹੇ ਸੰਘਰਸ਼ ਚ ਖੇਤ ਮਜ਼ਦੂਰਾਂ ਦੀ ਅਹਿਮ ਭੂਮਿਕਾ ਨੂੰ ਉਭਾਰਿਆ ਜਾਵੇਗਾ। ਉਹਨਾਂ ਦੱਸਿਆ ਕਿ ਇਸ ਰੈਲੀ ਦੌਰਾਨ ਖੇਤੀ ਕਾਨੂੰਨਾਂ ਦੀ ਵਾਪਸੀ,ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਰੱਦ ਕਰਨ,ਦਲਿਤਾਂ ਤੇ ਵਧ ਰਹੇ ਅੱਤਿਆਚਾਰ ਬੰਦ ਕਰਨ, ਮਾਈਕਰੋਫਾਈਨਾਸ ਕੰਪਨੀਆਂ ਸਮੇਤ ਖੇਤ ਮਜ਼ਦੂਰਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਖ਼ਤਮ ਕਰਨ, ਬਿਜਲੀ ਬਿੱਲਾਂ ਦੀ ਮੁਆਫੀ, ਰੁਜ਼ਗਾਰ ਗਰੰਟੀ ਅਤੇ ਜ਼ਮੀਨ ਦੀ ਵੰਡ ਵਰਗੇ ਮੁੱਦਿਆਂ ਨੂੰ ਉਭਾਰਕੇ ਪੇਸ਼ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਤੋਂ ਪਹਿਲਾਂ ਉਹਨਾਂ ਪੰਚਾਇਤੀ,ਸਾਮਲਾਟ ਤੇ ਸਰਕਾਰੀ ਜ਼ਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਕਬਜ਼ੇ ਹੇਠ ਲਿਆਉਣ ਦਾ ਸਾਧਨ ਬਣਨਗੇ ਜਿਹਨਾਂ ਉੱਪਰ ਖੇਤ ਮਜ਼ਦੂਰਾਂ/ਦਲਿਤਾਂ ਦਾ ਕਾਨੂੰਨੀ ਅਧਿਕਾਰ ਹੈ । ਉਹਨਾਂ ਕਿਹਾ ਕਿ ਠੇਕਾ ਖੇਤੀ ਕਾਨੂੰਨ ਜ਼ਮੀਨੀ ਹੱਦਬੰਦੀ ਕਾਨੂੰਨ ਨੂੰ ਖ਼ਤਮ ਕਰਨ ਦਾ ਸਾਧਨ ਬਣੇਗਾ ਜਿਸ ਨਾਲ ਜ਼ਮੀਨੀ ਸੁਧਾਰ ਕਾਨੂੰਨ ਲਾਗੂ ਕਰਕੇ ਵਾਧੂ ਨਿੱਕਲਦੀ ਜ਼ਮੀਨ ਦੀ ਵੰਡ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਤੇ ਥੁੜ ਜ਼ਮੀਨੇ ਕਿਸਾਨਾਂ ਚ ਕਰਨ ਵਾਲਾ ਮੁੱਦਾ ਹੀ ਖਤਮ ਹੋ ਜਾਵੇਗਾ । ਸ੍ਰੀ ਹਰਮੇਸ਼ ਮਾਲੜੀ ਨੇ ਕਿਹਾ ਕਿ ਮੌਜੂਦਾ ਖੇਤੀ ਕਾਨੂੰਨ ਖੇਤ ਮਜ਼ਦੂਰਾਂ ਦੇ ਰੁਜ਼ਗਾਰ ਤੇ ਜਨਤਕ ਵੰਡ ਪ੍ਰਣਾਲੀ ਨੂੰ ਖਤਮ ਕਰਨ ਅਤੇ ਖੁਰਾਕੀ ਵਸਤਾਂ ਦੀ ਮਹਿੰਗਾਈ ਤੇ ਕਾਲਾਬਜ਼ਾਰੀ ਵਧਾਉਣ ਦਾ ਸਾਧਨ ਬਣਨਗੇ। ਉਹਨਾਂ ਕਿਹਾ ਕਿ ਇਹਨਾਂ ਕਾਨੂੰਨਾਂ ਦੇ ਲਾਗੂ ਹੋਣ ਦਾ ਖੇਤ ਮਜ਼ਦੂਰਾਂ ਤੇ ਸ਼ਹਿਰੀ ਗਰੀਬਾਂ ਨੂੰ ਵੀ ਭਾਰੀ ਖਮਿਆਜ਼ਾ ਭੁਗਤਣਾ ਪਵੇਗਾ। ਉਹਨਾਂ ਕਿਹਾ ਕਿ ਸਰਕਾਰਾਂ ਦੀਆਂ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਤੇ ਜਗੀਰਦਾਰਾਂ ਪੱਖੀ ਨੀਤੀਆਂ ਦੀ ਬਦੌਲਤ ਪਹਿਲਾਂ ਹੀ ਭਾਰੀ ਕਰਜ਼ੇ ਕਾਰਨ ਖੁਦਕੁਸ਼ੀਆਂ ਕਰ ਰਹੇ ਖੇਤ ਮਜ਼ਦੂਰ ਹੋਰ ਵੀ ਗੰਭੀਰ ਸੰਕਟ ਮੂੰਹ ਧੱਕੇ ਜਾਣਗੇ। ਯੂਨੀਅਨ ਦੇ ਸੂਬਾਈ ਆਗੂ ਹਰਭਗਵਾਨ ਸਿੰਘ ਮੂਣਕ ਤੇ ਗੁਰਪਾਲ ਸਿੰਘ ਨੰਗਲ ਨੇ ਕੇਂਦਰ ਦੇ ਨਾਲ ਨਾਲ ਪੰਜਾਬ ਸਰਕਾਰ ‘ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਘਰ ਘਰ ਨੌਕਰੀ ਤੇ ਕਰਜ਼ਾ ਕੁਰਕੀ ਮੁਆਫ਼ ਦੇ ਦਾਅਵੇ ਨਾਲ ਸਤਾ ਚ ਆਈ ਕੈਪਟਨ ਸਰਕਾਰ ਨੇ ਮਜ਼ਦੂਰਾਂ ਦੀ ਕਰਜ਼ਾ ਮੁਆਫੀ ਨੂੰ ਪੂਰੀ ਤਰ੍ਹਾਂ ਵਿਸਾਰ ਦਿੱਤਾ ਹੈ । ਉਹਨਾਂ ਕਿਹਾ ਕਿ ਖੇਤ ਮਜ਼ਦੂਰਾਂ ਨੂੰ ਅੱਜ ਹਜ਼ਾਰਾਂ ਰੁਪਏ ਦੇ ਬਿੱਲ ਭੇਜਕੇ ਉਹਨਾਂ ਦੇ ਘਰਾਂ ਚੋਂ ਬਿਜਲੀ ਮੀਟਰ ਪੁੱਟੇ ਜਾ ਰਹੇ ਹਨ। ਮਜ਼ਦੂਰ ਆਗੂਆਂ ਨੇ ਖੇਤ ਮਜ਼ਦੂਰਾਂ ਨੂੰ 15ਮਾਰਚ ਦੀ ਰੈਲੀ ਚ ਪਰਿਵਾਰਾਂ ਸਮੇਤ ਪਹੁੰਚਣ ਦਾ ਸੱਦਾ ਦਿੱਤਾ।ਇਸ ਮੌਕੇ ਮੋਗਾ ਜ਼ਿਲ੍ਹੇ ਦੇ ਆਗੂ ਦਰਸ਼ਨ ਸਿੰਘ ਹਿੰਮਤਪੁਰਾ ਅਤੇ ਬਠਿੰਡਾ ਜ਼ਿਲ੍ਹੇ ਦੇ ਆਗੂ ਤੀਰਥ ਸਿੰਘ ਕੋਠਾਗੁਰੂ ਤੇ ਬਲਵਿੰਦਰ ਸਿੰਘ ਮਾਲੀ ਵੀ ਮੌਜੂਦ ਸਨ।






















