ਕਿਸਾਨਾਂ ਦਾ ਧਰਨਾ 154 ਵੇਂ ਦਿਨ ਵਿੱਚ ਸ਼ਾਮਲ
ਮੋਦੀ ਸਰਕਾਰ ਨੰਗੇ ਚਿੱਟੇ ਰੂਪ ਵਿੱਚ ਕਰ ਰਹੀ ਹੈ ਕਾਰਪੋਰੇਟ ਘਰਾਣਿਆਂ ਦੀ ਰਾਖੀ – ਕਿਸਾਨ ਆਗੂ

ਬੁਢਲਾਡਾ 4 ਮਾਰਚ ( ਵਿਸ਼ਵ ਵਾਰਤਾ )-ਕਿਸਾਨਾਂ ਵੱਲੋਂ ਖੇਤੀ ਦੇ ਕਾਲੇ ਕਾਨੂੰਨਾਂ ਖਿਲਾਫ਼ ਆਰੰਭ ਲੜੀਵਾਰ ਧਰਨਾ ਅੱਜ 154 ਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ।
ਅੱਜ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ( ਡਕੌਂਦਾ ) ਦੇ ਆਗੂ ਮਿੱਠੂ ਸਿੰਘ ਅਹਿਮਦਪੁਰ , ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਬਲਵੀਰ ਸਿੰਘ ਗੁਰਨੇ ਖੁਰਦ , ਪੰਜਾਬ ਕਿਸਾਨ ਯੂਨੀਅਨ ਦੇ ਜਿਲਾ ਆਗੂ ਸਵਰਨ ਸਿੰਘ ਬੋੜਾਵਾਲ , ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਅਤੇ ਹਰਿੰਦਰ ਸਿੰਘ ਸੋਢੀ ਨੇ ਸੰਬੋਧਨ ਕੀਤਾ ।
ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਦੇਸ਼ ਵਿੱਚ ਕਰੋੜਾਂ ਲੋਕ ਸਿਹਤ , ਸਿੱਖਿਆ , ਮਕਾਨ , ਪੀਣ ਦੇ ਪਾਣੀ ਆਦਿ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ । ਇਸਦੇ ਬਾਵਜੂਦ ਅਮੀਰਾਂ ਦੀ ਜਾਇਦਾਦ ਵਿੱਚ ਚੋਖਾ ਵਾਧਾ ਹੋ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਆਜ਼ਾਦ ਭਾਰਤ ਵਿੱਚ ਦੇਸ਼ ਦੀ ਆਵਾਮ ਦਾ ਜੀਵਨ ਪੱਥਰ ਉੱਚਾ ਚੁੱਕਣ ਲਈ ਕੋਈ ਕਦਮ ਨਹੀਂ ਉਠਾਏ ਗਏ ਉਲਟਾ ਜਨਤਾ ‘ਤੇ ਕਰੋੜਾਂ-ਅਰਬਾਂ ਰੁਪੲਿਆ ਦੇ ਟੈਕਸਾਂ ਦਾ ਬੋਝ ਪਾਇਆ ਹੈ।
ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਨੰਗੇ ਚਿੱਟੇ ਰੂਪ ਵਿੱਚ ਕਾਰਪੋਰੇਟ ਘਰਾਣਿਆਂ ਅਤੇ ਸਾਮਰਾਜੀ ਸੰਸਥਾਵਾਂ ਦੇ ਹਿੱਤਾਂ ਦੀ ਰਖਵਾਲੀ ਕਰ ਰਹੀ ਹੈ ਅਤੇ ਦੇਸ਼ ਦੇ ਲੋਕਾਂ ਨੂੰ ਨਪੀੜ ਰਹੀ ਹੈ ਅਜਿਹਾ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ।






















