ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਂਦੀ ਵਿੱਤੀ ਸਹਾਇਤਾ ਨੂੰ 21000 ਰੁਪਏ ਤੋਂ ਵਧਾ ਕੇ ਕੀਤੀ ਗਈ 51000 ਰੁਪਏ-ਸੋਨੀ
ਸਕੀਮ ਤਹਿਤ ਲਾਭ ਲੈਣ ਲਈ ਬਿਨੈ-ਪੱਤਰ ਵਿਆਹ ਦੀ ਮਿਤੀ ਤੋਂ 30 ਦਿਨ ਪਹਿਲਾਂ ਅਤੇ ਵਿਆਹ ਦੀ ਮਿਤੀ ਤੋਂ ਬਾਅਦ 30 ਦਿਨ ਦੇ ਅੰਦਰ-ਅੰਦਰ ਨਿਰਧਾਰਤ ਪ੍ਰੋਫਾਰਮੇ ਵਿੱਚ ਦੇਣਾ ਜਰੂਰੀ

ਅੰਮ੍ਰਿਤਸਰ 16 ਮਾਰਚ 2021 (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵਲੋਂ ਅਸੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ, ਇਸਾਈ ਬਰਾਦਰੀ ਅਤੇ ਆਰਥਿਕ ਤੌਰ ‘ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਸਮੇਂ ਅਤੇ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਦੁਬਾਰਾ ਵਿਆਹ ਕਰਨ ‘ਤੇ 21000 ਰੁਪਏ ਰੁਪਏ ਦੀ ਵਿੱਤੀ ਸਹਾਇਤਾ ਅਸੀਰਵਾਦ ਵਜੋਂ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਮੁੱਖ ਦਫਤਰ ਮੋਹਾਲੀ ਵੱਲੋਂ ਆਨ ਲਾਈਨ ਮੈਨੇਜਮੈਟ ਸਿਸਟਮ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤੇ ਭੇਜੀ ਜਾਂਦੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਸ਼ੀ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਂਦੀ ਵਿੱਤੀ ਸਹਾਇਤਾ ਨੂੰ 21000 ਰੁਪਏ ਤੋਂ ਵਧਾ ਕੇ 51000 ਰੁਪਏ ਕਰਨ ਦਾ ਐਲਾਨ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਸਬੰਧਿਤ ਪਰਿਵਾਰ ਦੀ ਸਾਲਾਨਾ ਆਮਦਨ 32790/-ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ, ਲੜਕੀ ਦੇ ਮਾਤਾ-ਪਿਤਾ ਪੰਜਾਬ ਰਾਜ ਦੇ ਵਸਨੀਕ ਹੋਣੇ ਚਾਹੀਦੇ ਹਨ, ਸਕੀਮ ਦਾ ਲਾਭ ਇੱਕ ਪਰਿਵਾਰ ਦੀਆਂ ਦੋ ਲੜਕੀਆਂ ਤੱਕ ਸੀਮਤ ਹੈ ਅਤੇ ਲੜਕੀ ਦੀ ਉਮਰ 18 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ।
ਸ਼੍ਰੀ ਸੋਨੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਲਾਭ ਲੈਣ ਲਈ ਬਿਨੈ-ਪੱਤਰ ਵਿਆਹ ਦੀ ਮਿਤੀ ਤੋਂ 30 ਦਿਨ ਪਹਿਲਾਂ ਅਤੇ ਵਿਆਹ ਦੀ ਮਿਤੀ ਤੋਂ ਬਾਅਦ 30 ਦਿਨ ਦੇ ਅੰਦਰ-ਅੰਦਰ ਨਿਰਧਾਰਤ ਪ੍ਰੋਫਾਰਮੇ ਵਿੱਚ ਦੇਣਾ ਜਰੂਰੀ ਹੈ। ਉਹਨਾਂ ਦੱਸਿਆ ਕਿ ਇਹ ਬਿਨੈ-ਪੱਤਰ ਸਬੰਧਿਤ ਤਹਿਸੀਲ ਪੱਧਰ ਦੇ ਦਫ਼ਤਰਾਂ ਵਿੱਚ ਦਿੱਤੇ ਜਾ ਸਕਦੇ ਹਨ। ਸ਼੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋ ਬਜ਼ਰੁਗਾਂ ਦੀ ਬੁਢਾਪਾ ਪੈਨਸ਼ਨ ਵੀ ਦੁਗਣੀ ਕਰ ਦਿੱਤੀ ਗਈ ਹੈ ਅਤੇ ਇਸ ਤੋ ਇਲਾਵਾ ਮਹਿਲਾਵਾਂ ਨੂੰ ਬੱਸਾਂ ਵਿਚ ਮੁਫਤ ਸਫਰ ਸਹੂਲਤ ਵੀ ਦਿੱਤੀ ਗਈ ਹੈ।
ਜ਼ਿਲ੍ਹਾ ਸਮਾਜਿਕ ਨਿਆ ਤੇ ਅਧਿਕਾਰਤਾ ਅਫ਼ਸਰ, ਸ: ਸੁਖਵਿੰਦਰ ਸਿੰਘ ਘੁੰਮਣ ਨੇ ਦੱਸਿਆ ਕਿ ਅਸੀਰਵਾਦ ਸਕੀਮ ਤਹਿਤ ਮਹੀਨਾ ਜਨਵਰੀ, 2020 ਤੋਂ ਸਤੰਬਰ, 2020 ਤੱਕ ਐਸ:ਸੀ ਦੇ ਕੁੱਲ 3159 ਕੇਸ, ਜਿੰਨ੍ਹਾਂ ਦੀ ਰਕਮ 6 ਕਰੋੜ 63 ਲੱਖ 39 ਹਜ਼ਾਰ ਰੁਪਏ ਦੀ ਅਦਾਇਗੀ ਲਾਭਪਾਤਰੀਆਂ ਨੂੰ ਹੋੋ ਚੁੱਕੀ ਹੈ ਅਤੇ ਇਸੇ ਤਰ੍ਹਾਂ ਹੀ ਪੱਛੜੀ ਜਾਤੀ ਦੇ 1 ਜਨਵਰੀ, 2020 ਤੋਂ 8 ਅਗਸਤ 2020 ਤੱਕ 934 ਕੇਸਾਂ ਦੀ ਅਦਾਇਗੀ ਕਰ ਦਿੱਤੀ ਗਈ ਹੈ ਜਿਸ ਦੀ ਕੁੱਲ ਰਕਮ 1 ਕਰੋੜ 96 ਲੱਖ 14 ਹਜ਼ਾਰ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ 6748 ਕੇਸ ਮੁੱਖ ਦਫਤਰ ਨੂੰ ਪ੍ਰਵਾਨਗੀ ਲਈ ਭੇਜੇ ਹੋਏ ਹਨ ਅਤੇ ਪ੍ਰਵਾਨਗੀ ਮਿਲਣ ਉਪਰੰਤ ਜਲਦੀ ਹੀ ਲਾਭਪਾਤਰੀਆਂ ਨੂੰ 14 ਕਰੋੜ 17 ਲੱਖ 8 ਹਜ਼ਾਰ ਰੁਪਏ ਦੀ ਬਣਦੀ ਅਦਾਇਗੀ ਕਰ ਦਿੱਤੀ ਜਾਵੇਗੀ।






















