ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਬਠਿੰਡਾ ਦੀ ਹੋਈ ਅਹਿਮ ਇਕੱਤਰਤਾ
ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੇ ਕੱਟੇ ਗਏ ਮਾਣ ਭੱਤੇ ਦੀ ਰਾਸ਼ੀ ਜਾਰੀ ਕਰੇ ਕੈਪਟਨ ਸਰਕਾਰ: ਪ੍ਰਕਾਸ਼ ਕੌਰ ਸੋਹੀ

ਬਠਿੰਡਾ 31 ਮਾਰਚ ( ਕੁਲਬੀਰ ਬੀਰਾ ): ਆਂਗਨਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀ ਅਹਿਮ ਇਕੱਤਰਤਾ ਟੀਚਰਜ਼ ਹੋਮ ਵਿਖੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਕੌਰ ਸੋਹੀ ਦੀ ਅਗਵਾਈ ਹੇਠ ਹੋਈ ਜਿਸ ਵਿਚ ਵੱਡੀ ਗਿਣਤੀ ਵਿਚ ਜ਼ਿਲ੍ਹੇ ਭਰ ਤੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸ਼ਮੂਲੀਅਤ ਕੀਤੀ। ਪ੍ਰੈੱਸ ਬਿਆਨ ਜਾਰੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਕੌਰ ਸੋਹੀ, ਇੰਚਾਰਜ ਚਰਨਜੀਤ ਕੌਰ, ਬਲਾਕ ਪ੍ਰਧਾਨ ਮੱਖਣ ਕੌਰ ਅਤੇ ਪ੍ਰੈੱਸ ਸਕੱਤਰ ਪ੍ਰਤੀਭਾ ਸ਼ਰਮਾ ਨੇ ਕਿਹਾ ਕਿ ਹੱਕੀ ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਪਿਛਲੇ 14 ਦਿਨਾਂ ਤੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਸੰਗਰੂਰ ਰਿਹਾਇਸ਼ ਤੇ ਡਟੀਆਂ ਹੋਈਆਂ ਹਨ ਅਤੇ ਮੰਗਾਂ ਲਾਗੂ ਹੋਣ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕੈਪਟਨ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਸਰਕਾਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੇ ਕੱਟੇ ਗਏ ਮਾਣ ਭੱਤੇ ਦੀ ਰਾਸ਼ੀ ਨੂੰ ਵੀ ਤੁਰੰਤ ਜਾਰੀ ਕਰੇ ਅਤੇ 3 ਸਾਲ ਤੋਂ ਲੈ ਕੇ 6 ਸਾਲ ਤੱਕ ਦੇ ਬੱਚਿਆਂ ਦੇ ਪ੍ਰੀ ਪ੍ਰਾਇਮਰੀ ਕਲਾਸ ਦੇ ਦਾਖ਼ਲੇ ਆਂਗਣਵਾੜੀ ਸੈਂਟਰਾਂ ਵਿਚ ਸ਼ੁਰੂ ਕਰੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿਚ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦਾ ਹਰ ਹਲਕੇ ਵਿੱਚ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਚੱਲ ਰਹੇ ਸੰਘਰਸ਼ ਸਬੰਧੀ ਵਰਕਰਾਂ ਤੇ ਹੈਲਪਰਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਗਿਆ।






















