ਇਤਿਹਾਸਕ ਕਿਸਾਨ ਅੰਦੋਲਨ
ਇਤਿਹਾਸਕ ਕਿਸਾਨ ਅੰਦੋਲਨ 136ਵੇਂ ਦਿਨ ਵਿੱਚ ਹੋਇਆ ਦਾਖਲ
ਕਿਸਾਨ ਲਗਾਤਾਰ ਡਟੇ ਹੋਏ ਹਨ ਦਿੱਲੀ ਦੀਆਂ ਸਰਹੱਦਾਂ ਤੇ
ਪਹਿਲਾ ਅੱਤ ਦੀ ਸਰਦੀ ਝੱਲੀ ਤੇ ਹੁਣ ਅੱਤ ਦੀ ਗਰਮੀ ਵਿੱਚ ਵੀ ਪੂਰੇ ਜੋਸ਼ ਨਾਲ ਡਟੇ ਹਨ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ
ਅੱਜ ਕੇਐਮਪੀ ਐਕਸਪ੍ਰੈਸ ਵੇਅ ਤੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਹਨ ਕਿਸਾਨ
24 ਘੰਟੇ ਲਈ ਕੇਐਮਪੀ ਵੇਅ ਬੰਦ ਕਰਨ ਦਾ ਕੀਤਾ ਹੈ ਐਲਾਨ

ਨਵੀਂ ਦਿੱਲੀ, 10ਅਪ੍ਰੈਲ(ਵਿਸ਼ਵ ਵਾਰਤਾ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਅੰਦੋਲਨ ਹੁਣ 136ਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ। ਇਹ ਅੰਦੋਲਨ ਪਿਛਲੇ ਸਾਲ ਨਵੰਬਰ ਮਹੀਨੇ ਤੋਂ ਸ਼ੁਰੂ ਹੋਇਆ ਸੀ। ਅੱਤ ਦੀ ਗਰਮੀ ਦੇ ਬਾਵਜੂਦ ਵੀ ਕਿਸਾਨ ਪੂਰੇ ਜੋਸ਼ ਨਾਲ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ। ਕਿਸਾਨ ਜੱਥੇਬੰਦੀਆਂ ਦੀ ਇਕੋ ਮੰਗ ਹੈ ਕਿ ਕੇਂਦਰ ਸਰਕਾਰ ਨਵੇਂ ਬਣੇ ਖੇਤੀ ਕਾਨੂੰਨਾਂ ਨੂੰ ਰੱਦ ਕਰੇ। ਅੱਜ ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਦਿਆਂ ਕੁੰਡਲੀ-ਮਨੇਸਰ-ਪਲਵਲ(ਕੇਐਮਪੀ) ਐਕਸਪ੍ਰੈਸ ਵੇਅ ਤੇ 24 ਘੰਟੇ ਬੰਦ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਸ ਸਮੇਂ ਭਾਰੀ ਗਿਣਤੀ ਵਿੱਚ ਕਿਸਾਨ ਕੇਐਮਪੀ ਐਕਸਪ੍ਰੈਸ ਵੇਅ ਤੇ ਡਟ ਗਏ ਹਨ।
ਕਿਸਾਨਾਂ ਦਾ ਕਹਿਣਾ ਹੈ ਕਿ ਬੰਦ ਕਰਨ ਦਾ ਮਕਸਦ ਸਰਕਾਰ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਲਈ ਜਾਗਰੂਕ ਕਰਨਾ ਹੈ। ਕਿਸਾਨਾਂ ਵੱਲੋਂ ਕੁੰਡਲੀ-ਮਨੇਸਰ-ਪਲਵਲ ਐਕਸਪ੍ਰੈਸ ਵੇਅ ਸ਼ਨੀਵਾਰ ਸਵੇਰੇ 8ਵਜੇ ਤੋਂ ਐਤਵਾਰ ਸਵੇਰੇ 8ਵਜੇ ਤੱਕ ਬੰਦ ਰੱਖਿਆ ਜਾਵੇਗਾ। ਕਿਸਾਨਾਂ ਨੇ ਇਸ ਸਮੇਂ ਸ਼ਾਤਮਈ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ ਅਤੇ ਇਸ ਦੇ ਨਾਲ ਹੀ ਇਹ ਵੀ ਕਿਹਾ ਹੈ ਕਿਸੇ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ, ਸਭ ਦਾ ਧਿਆਨ ਰੱਖਿਆ ਜਾਵੇਗਾ। ਐਂਬੂਲੈਂਸ ਤੇ ਮਰੀਜਾਂ ਨੂੰ ਨਹੀਂ ਰੋਕਿਆ ਜਾਵੇਗਾ।






















