ਕੈਬਨਿਟ ਮੰਤਰੀ ਸੋਨੀ ਨੇ 22 ਨੰਬਰ ਫਾਟਕ ਦੇ ਬਣ ਰਹੇ ਫਲਾਈਓਵਰ ਦਾ ਲਿਆ ਜਇਜਾ
ਸ਼ਹਿਰ ਵਿੱਚ ਤੇਜੀ ਨਾਲ ਹੋ ਰਹੇ ਹਨ ਸਮਾਰਟ ਸਿਟੀ ਅਧੀਨ ਵਿਕਾਸ ਕਾਰਜ

ਅੰਮ੍ਰਿਤਸਰ, 10 ਅਪ੍ਰੈਲ:ਸ਼ਹਿਰ ਵਿੱਚ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਤੇਜੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ। ਇਨ੍ਹਾਂ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਸ਼ਹਿਰ ਦੀ ਦਿੱਖ ਕਾਫੀ ਹੱਦ ਤੱਕ ਬਦਲ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵੱਲੋਂ 22 ਨੰਬਰ ਰੇਲਵੇ ਫਾਟਕ ਤੇ ਬਣ ਰਹੇ ਫਲਾਈ ਓਵਰ ਦਾ ਜਾਇਜਾ ਲੈਣ ਉਪਰੰਤ ਕੀਤਾ।
ਸ੍ਰੀ ਸੋਨੀ ਨੇ ਦੱਸਿਆ ਕਿ 22 ਨੰਬਰ ਫਾਟਕ ਤੇ ਫਲਾਈ ਓਵਰ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ ਅਤੇ ਜਲਦ ਹੀ ਇਹ ਬਣ ਕੇ ਤਿਆਰ ਹੋ ਜਾਵੇਗਾ। ਸ੍ਰੀ ਸੋਨੀ ਨੇ ਦੱਸਿਆ ਕਿ ਇਸ ਫਲਾਈ ਓਵਰ ਦੇ ਬਣਨ ਨਾਲ ਲੱਗਣ ਵਾਲੇ ਜਾਮ ਤੋਂ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ ਅਤੇ ਸਮੇਂ ਦੀ ਬੱਚਤ ਵੀ ਹੋਵੇਗੀ। ਇਸ ਮੌਕੇ ਸ੍ਰੀ ਸੋਨੀ ਵੱਲੋਂ ਫਲਾਈ ਓਵਰ ਬਣਾ ਰਹੀ ਕੰਪਨੀ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਮਿਥੇ ਸਮੇਂ ਅੰਦਰ ਇਹ ਕੰਮ ਨੂੰ ਨਿਪਟਾਉਣ ਦੀ ਹਦਾਇਤ ਕੀਤੀ। ਸ੍ਰੀ ਸੋਨੀ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰਾ ਕੰਮ ਗੁਣਵੱਤਾ ਭਰਪੂਰ ਹੋਣਾ ਚਾਹੀਦਾ ਹੈ। ਸ੍ਰੀ ਸੋਨੀ ਨੇ ਸਬੰਧਤ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੀ ਨਿਗਰਾਨੀ ਹੇਠ ਸਾਰਾ ਕੰਮ ਕਰਵਾਉਣ। ਇਸ ਮੌਕੇ ਸ੍ਰੀ ਸੋਨੀ ਵੱਲੋਂ ਇਲਾਕੇ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਲਦ ਨਿਪਟਾਰਾ ਕੀਤਾ ਜਾਵੇੇ।
ਸ੍ਰੀ ਸੋਨੀ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਚੋਣਾਂ ਸਮੇਂ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਿੱਚੋਂ 85 ਫੀਸਦੀ ਤੋਂ ਜਿਆਦਾ ਪੂਰੇ ਕਰ ਲਏ ਗਏ ਹਨ। ਸ੍ਰੀ ਸੋਨੀ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਅਧੀਨ ਇਕ ਜਲਾਈ ਤੋਂ ਰਾਸ਼ੀ ਨੂੰ ਵਧਾ ਕੇ 51000 ਰੁਪਏ ਅਤੇ ਵਿਧਵਾ ਪੈਨਸ਼ਨ 1500 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਸ੍ਰੀ ਸੋਨੀ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।
ਇਸ ਮੌਕੇ ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ, ਡਾ: ਰਾਜ ਕੁਮਾਰ ਵੇਰਕਾ ਚੇਅਰਮੈਨ ਪੰਜਾਬ ਵੇਅਰ ਹਾਊਸਿੰਗ ਕਾਰਪੋਬਰੇਸ਼ਨ, ਸ੍ਰੀ ਦਿਨੇਸ਼ ਬੱਸੀ ਚੇਅਰਮੈਨ ਨਗਰ ਸੁਧਾਰ ਟਰੱਸਟ, ਕੌਂਸਲਰ ਵਿਕਾਸ ਸੋਨੀ ਅਤੇ ਸਰਿੰਦਰ ਛਿੰਦਾ ਅਤੇ ਸਬੰਧਤ ਅਧਿਕਾਰੀ ਵੀ ਹਾਜਰ ਸਨ।






















