ਮੁੱਖ ਮੰਤਰੀ ਦੀ ਦੂਰ ਅੰਦੇਸ਼ੀ ਕਰਕੇ ਹੱਲ ਹੋਇਆ ਕਣਕ ਦੀ ਖਰੀਦ ਦਾ ਰੇੜਕਾ-ਐਮ.ਐਲ.ਏ. ਰਾਜਿੰਦਰ ਸਿੰਘ
-ਆੜਤੀਆਂ ਤੇ ਕਿਸਾਨਾਂ ਦੇ ਨਹੁੰ ਮਾਸ ਦੇ ਰਿਸ਼ਤਾ ਨੂੰ ਖ਼ਤਮ ਨਹੀਂ ਹੋਣ ਦੇਵੇਗੀ ਕੈਪਟਨ ਸਰਕਾਰ-ਕੇ.ਕੇ. ਸ਼ਰਮਾ

ਪਟਿਆਲਾ, 10 ਅਪ੍ਰੈਲ: ਹਲਕਾ ਸਮਾਣਾ ਦੇ ਵਿਧਾਇਕ ਸ੍ਰੀ ਰਾਜਿੰਦਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਕਰਕੇ ਕਣਕ ਦੀ ਖਰੀਦ ਸਬੰਧੀ ਪੈਦਾ ਹੋਇਆ ਆੜਤੀਆਂ ਨਾਲ ਸਬੰਧਤ ਰੇੜਕਾ ਖ਼ਤਮ ਹੋਣ ਕਰਕੇ ਕਿਸਾਨਾਂ ਵੱਲੋਂ ਪੁੱਤਾਂ ਵਾਂਗੂੰ ਪਾਲੀ ਫ਼ਸਲ ਦੀ ਨਿਰਵਿਘਨ ਖਰੀਦ ਸ਼ੁਰੂ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਖਰੀਦ ਕਾਰਜਾਂ ‘ਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਸ. ਰਾਜਿੰਦਰ ਸਿੰਘ ਅੱਜ ਮੁੱਖ ਮੰਤਰੀ ਵੱਲੋਂ ਰਾਜ ਭਰ ‘ਚ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਸਬੰਧੀ ਕੀਤੀ ਗਈ ਵੀਡੀਓ ਕਾਨਫਰੰਸਿੰਗ ਦੌਰਾਨ ਪਟਿਆਲਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜੇ ਹੋਏ ਸਨ। ਉਨ੍ਹਾਂ ਦੇ ਨਾਲ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਜ਼ਿਲ੍ਹਾ ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਬਿਮਲਾ ਸ਼ਰਮਾ ਤੇ ਮਹਿਲਾ ਕਾਂਗਰਸ ਦੀ ਸ਼ਹਿਰੀ ਪ੍ਰਧਾਨ ਕਿਰਨ ਢਿੱਲੋਂ ਵੀ ਮੌਜੂਦ ਸਨ।
ਇਸ ਤੋਂ ਬਾਅਦ ਵੀਡੀਓ ਕਾਨਫਰੰਸਿੰਗ ‘ਚ ਸ਼ਾਮਲ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ‘ਚੋਂ ਕਿਸਾਨਾਂ ਤੇ ਆੜਤੀਆਂ ਦੇ ਨਹੁੰ ਮਾਸ ਦੇ ਰਿਸ਼ਤੇ ਨੂੰ ਖ਼ਤਮ ਨਹੀਂ ਹੋਣ ਦੇਵੇਗੀ। ਸ੍ਰੀ ਸ਼ਰਮਾ ਨੇ ਕਿਹਾ ਕਿ ਇਸ ਲਈ ਸਰਕਾਰ ਵੱਲੋਂ ਖਰੀਦ ਕਾਰਜਾਂ ਵਿੱਚ ਆੜ੍ਹਤੀਆਂ ਦੀ ਸ਼ਮੂਲੀਅਤ ਨੂੰ ਜਾਰੀ ਰੱਖਿਆ ਜਾਵੇਗਾ।
ਸ੍ਰੀ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨਵੀਂਆਂ ਬੰਦਿਸ਼ਾਂ ਅਤੇ ਦਬਾਅ ਦੇ ਮੱਦੇਨਜ਼ਰ ਕਿਸਾਨਾਂ ਅਤੇ ਆੜ੍ਹਤੀਆਂ ‘ਚ ਕਣਕ ਦੀ ਖਰੀਦ ਨੂੰ ਲੈ ਕੇ ਪਾਈ ਜਾ ਰਹੀ ਬੇਯਕੀਨੀ ਅੱਜ ਸੂਬੇ ‘ਚ ਕਣਕ ਦੀ ਖਰੀਦ ਦੀ ਸ਼ੁਰੂਆਤ ਨਾਲ ਖਤਮ ਹੋ ਗਈ ਹੈ, ਜਿਸ ਦਾ ਉਹ ਸਵਾਗਤ ਕਰਦੇ ਹਨ। ਉਨ੍ਹਾਂ ਨੇ ਪੰਜਾਬ ਦੇ ਆੜ੍ਹਤੀਆਂ ਵੱਲੋਂ ਕਿਸਾਨਾਂ ਦੇ ਹਿੱਤਾਂ ‘ਚ ਆਪਣੀ ਸੰਭਾਵੀ ਹੜਤਾਲ ਵਾਪਸ ਲੈਣ ਲਈ ਆੜਤੀਆਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਪੀ.ਐਸ.ਡੀ.ਆਈ.ਸੀ. ਦੇ ਡਾਇਰੈਕਟਰ ਹਿਮਾਸ਼ੂ ਝਾਅ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਏ.ਡੀ.ਸੀ. (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਡੀ.ਐਫ.ਐਸ.ਸੀ. ਹਰਸ਼ਰਨਜੀਤ ਸਿੰਘ ਬਰਾੜ, ਡੀ.ਐਮ.ਓ. ਅਜੇਪਾਲ ਸਿੰਘ ਬਰਾੜ, ਪਨਸਪ ਦੇ ਡੀ.ਐਮ ਬਨਦੀਪ ਕਾਲੇਕਾ ਤੇ ਹੋਰ ਖਰੀਦ ਏਜੰਸੀਆਂ ਦੇ ਨੁਮਾਇੰਦੇ ਮੌਜੂਦ ਸਨ।






















