ਨਵਾਂਸ਼ਹਿਰ, 11 ਅਪ੍ਰੈਲ (ਵਿਸ਼ਵ ਵਾਰਤਾ)-ਹਾੜੀ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜਤੀਆਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਹੈੱਡਕੁਆਰਟਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸ ਵਿਚ ਸਮੂਹ ਜ਼ਿਲਿਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਗਏ ਹਨ, ਤਾਂ ਜੋ ਕੋਵਿਡ-19 ਦੇ ਮੱਦੇਨਜ਼ਰ ਖ਼ਰੀਦ ਕਾਰਜਾਂ ਦੌਰਾਨ ਕਿਸਾਨਾਂ ਅਤੇ ਆੜਤੀਆਂ ਦੇ ਮਸਲਿਆਂ ਦਾ ਫੌਰੀ ਹੱਲ ਕੱਢਿਆ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਮੰਡੀ ਬੋਰਡ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਟੇਟ ਕੰਟਰੋਲ ਰੂਮ ’ਤੇ ਮੰਡੀ ਬੋਰਡ ਦੀਆਂ ਟੀਮਾਂ ਨੂੰ ਖ਼ਰੀਦ ਕਾਰਜਾਂ ਨਾਲ ਸਬੰਧਤ ਸ਼ਿਕਾਇਤਾਂ ਸੁਣਨ ਲਈ ਤਾਇਨਾਤ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਨਾਲ ਸਬੰਧਤ ਕਿਸਾਨ ਅਤੇ ਆੜਤੀਏ 0172-5101649 ਉੱਤੇ ਰਾਬਤਾ ਕਰ ਸਕਦੇ ਹਨ। ਉਨਾਂ ਦੱਸਿਆ ਕਿ ਕਿਸਾਨਾਂ ਅਤੇ ਆੜਤੀਆਂ ਨੂੰ ਖ਼ਰੀਦ ਨਾਲ ਸਬੰਧਤ ਕਿਸੇ ਵੀ ਮਸਲੇ ’ਤੇ ਪਹਿਲਾਂ ਸਬੰਧਤ ਮਾਰਕੀਟ ਕਮੇਟੀ ਦੇ ਸਕੱਤਰ ਨਾਲ ਤਾਲਮੇਲ ਕਰਨਾ ਚਾਹੀਦਾ ਹੈ ਅਤੇ ਜੇਕਰ ਮਸਲਾ ਹੱਲ ਨਹੀਂ ਹੁੰਦਾ ਤਾਂ ਉਹ ਇਸ ਕੰਟਰੋਲ ਰੂਮ ’ਤੇ ਰਾਬਤਾ ਕਰ ਸਕਦੇ ਹਨ। ਉਨਾਂ ਕਿਹਾ ਕਿ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਸਾਨਾਂ ਨੂੰ ਮੰਡੀ ਬੋਰਡ ਦੀ ਮੋਬਾਈਲ ਐਪ ‘ਈ-ਪੀ ਐਮ ਬੀ’ ਡਾਊਨਲੋਡ ਕਰਨ ਲਈ ਆਖਿਆ ਹੈ ਤਾਂ ਕਿ ਮੰਡੀਆਂ ਦੀਆਂ ਗਤੀਧਿੀਆਂ ਦੇ ਨਾਲ-ਨਾਲ ਕਣਕ ਵੇਚਣ ਲਈ ਈ-ਪਾਸ ਬਾਰੇ ਤਾਜ਼ਾ ਜਾਣਕਾਰੀ ਮਿਲਦੀ ਰਹੇ।