ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਆਨਲਾਇਨ ਭਾਸ਼ਣ ਮੁਕਾਬਲੇ

ਅੰਮ੍ਰਿਤਸਰ 12 ਅਪ੍ਰੈਲ 2021:ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਜਸਪਾਲ ਸਿੰਘ ਦੀ ਯੋਗ ਅਗਵਾਈ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਇਕਬਾਲ ਸਿੰਘ ਭੋਮਾ ਦੀ ਰਹਿਨਮਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਉਹਨਾਂ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸੰਬੰਧਿਤ ਆਨਲਾਈਨ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਇਸ ਭਾਸ਼ਣ ਮੁਕਾਬਲੇ ਵਿੱਚ ਵੱਖ-ਵੱਖ ਜਮਾਤਾਂ ਨਾਲ ਸੰਬੰਧਿਤ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਇਸ ਸਮੇਂ ਕਾਲਜ ਦੇ ਪ੍ਰਿੰਸੀਪਲ ਡਾ. ਇਕਬਲ ਸਿੰਘ ਭੋਮਾ ਨੇ ਸੰਬੰਧਿਤ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਜਾਣੂ ਕਰਾਉਂਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਕੁਰਬਾਨੀ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਵਿਕਾਸ ਨਾਲ ਸੰਬੰਧਿਤ ਹੈ। ਉਹਨਾਂ ਨੇ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਕਿਸੇ ਵਿਸ਼ੇਸ਼ ਧਰਮ, ਕੌਮ ਜਾਂ ਫਿਰਕੇ ਨਾਲ ਸਬੰਧਿਤ ਨਹੀਂ ਸਗੋਂ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਕਲਿਆਣ ਲਈ ਪ੍ਰੇਰਿਤ ਕਰਦੀਆਂ ਹਨ। ਸਾਨੂੰ ਉਹਨਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਕੇਵਲ ਨਿੱਜੀ ਹਿੱਤਾ ਤੱਕ ਹੀ ਸੀਮਿਤ ਨਹੀਂ ਰਹਿਣਾ ਚਾਹੀਦਾ ਸਗੋਂ ਸਰਬਤ ਦੇ ਭਲੇ ਦੀ ਕਾਮਨਾ ਕਰਨੀ ਚਾਹੀਦੀ ਹੈ। ਇਸ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਉਹਨਾਂ ਨੇ ਹੌਸਲਾ ਅਫਜਾਈ ਕਰਦਿਆਂ ਉਹਨਾਂ ਨੂੰ ਵਧਾਈ ਦਿੱਤੀ। ਇਸ ਭਾਸ਼ਣ ਮੁਕਾਬਲੇ ਦਾ ਸੰਚਾਲਨ ਮਨੋ-ਵਿਗਿਆਨ ਵਿਭਾਗ ਦੇ ਪ੍ਰੋਫੈਸਰ ਡਾ. ਨਿਸ਼ਾ ਛਾਬੜਾ ਅਤੇ ਰਾਜਨੀਤੀ ਵਿਭਾਗ ਦੇ ਪ੍ਰੋਫੈਸਰ ਡਾ. ਮਨਜੀਤ ਕੌਰ ਨੇ ਕੀਤਾ। ਗਣਿਤ ਵਿਭਾਗ ਦੇ ਪ੍ਰੋਫੈਸਰ ਜਤਿੰਦਰ ਕੌਰ ਅਤੇ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਅਮਾਨਤ ਮਸੀਹ ਨੇ ਜੱਜ ਦੀ ਭੂਮਿਕਾ ਨਿਭਾਈ। ਇਸ ਮੁਕਾਬਲੇ ਵਿਚ ਬੀ.ਐਸ.ਸੀ. ਕੰਪਿਊਟਰ ਸਾਇਸ ਸਮੈਸਟਰ ਚੋਥਾ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਅਤੇ ਬੀ.ਕਾਮ ਸਮੈਸਟਰ ਚੌਥਾ ਦੇ ਵਿਦਿਆਰਥੀ ਅੰਮ੍ਰਿਤਪਾਲ ਸਿੰਘ ਨੇ ਪਹਿਲਾ, ਬੀ.ਏ. ਸਮੈਸਟਰ ਚੌਥਾ ਦੀ ਵਿਦਿਆਰਥਣ ਪਲਕ ਨੇ ਦੂਜਾ ਅਤੇ ਬੀ.ਏ. ਸਮੈਸਟਰ ਚੌਥਾ ਦੇ ਵਿਦਿਆਰਥੀ ਗੁਰਜੀਤ ਸਿੰਘ ਨੇ ਤੀਜਾ ਸਾਥਨ ਹਾਸਿਲ ਕੀਤਾ।






















