ਕੇ.ਐਮ.ਵੀ. ਦੀਆਂ ਵਿਦਿਆਰਥਣਾਂ ਨੇ ਵਿਸਾਖੀ ਦੇ ਤਿਉਹਾਰ ਮੌਕੇ ਜਲ੍ਹਿਆਂ ਵਾਲੇ ਬਾਗ ਦੇ ਸ਼ਹੀਦਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ

ਜਲੰਧਰ,13 ਅਪ੍ਰੈਲ (ਅਸ਼ਵਨੀ ਠਾਕੁਰ) – ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ 2020 ਅਤੇ ਆਊਟਲੁੱਕ ਮੈਗਜ਼ੀਨ ਦੇ ਸਰਵੇਖਣ ਵਿੱਚੋਂ ਟੌਪ ਨੈਸ਼ਨਲ ਅਤੇ ਸਟੇਟ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਦੁਆਰਾ ਵਿਸਾਖੀ ਦੇ ਤਿਉਹਾਰ ਮੌਕੇ ਜਲ੍ਹਿਆਂ ਵਾਲੇ ਬਾਗ਼, ਅੰਮ੍ਰਿਤਸਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ। ਵਿਦਿਆਰਥੀਆਂ ਦੇ ਸਟੂਡੈਂਟ ਵੈੱਲਫੇਅਰ ਵਿਭਾਗ ਦੁਆਰਾ ਆਯੋਜਿਤ ਇਕ ਵਿਸ਼ੇਸ਼ ਪ੍ਰੋਗਰਾਮ ਦੇ ਅੰਤਰਗਤ ਵਿਭਿੰਨ ਵਿਭਾਗਾਂ ਦੀਆਂ ਵਿਦਿਆਰਥਣਾਂ ਨੇ ਆਪਣੇ ਪੋਸਟਰਾਂ ਰਾਹੀਂ 13 ਅਪ੍ਰੈਲ 1919 ਨੂੰ ਵਿਸਾਖੀ ਵਾਲੇ ਦਿਨ ਸ਼ਾਂਤੀਪੂਰਵਕ ਜਲ੍ਹਿਆਂ ਵਾਲੇ ਬਾਗ਼ ਵਿਚ ਇਕੱਠੇ ਹੋਏ ਨਿਹੱਥੇ ਲੋਕਾਂ ਤੇ ਉਸ ਵੇਲੇ ਦੀ ਅੰਗਰੇਜ਼ੀ ਹਕੂਮਤ ਵੱਲੋਂ ਗੋਲੀਆਂ ਚਲਾ ਕੇ ਕੀਤੇ ਗਏ ਮਨੁੱਖਤਾ ਦੇ ਕਤਲੇਆਮ ਨੂੰ ਬਾਖ਼ੂਬੀ ਪੇਸ਼ ਕਰਦੇ ਹੋਈ ਨਮਨ ਕੀਤਾ ਅਤੇ ਨਾਲ ਹੀ ਮੌਜੂਦਾ ਸਮੇਂ ਵਿੱਚ ਸਭ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣ ਲਈ ਪ੍ਰੇਰਿਤ ਕੀਤਾ। ਵਿਦਿਆਰਥਣਾਂ ਗੁਰਦੇਵ ਕੌਰ, ਯਸ਼ਿਕਾ, ਆਕ੍ਰਿਤੀ, ਖੁਸ਼ਬੂ, ਸ਼ਰੁਤੀ ਆਦਿ ਦੁਆਰਾ ਬਣਾਏ ਗਏ ਪੋਸਟਰਾਂ ਨੂੰ ਖੂਬ ਸਰਾਹਿਆ ਗਿਆ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਮੌਕੇ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਸਾਨੂੰ ਸਭ ਨੂੰ ਮਿਲੀ ਹੋਈ ਆਜ਼ਾਦੀ ਸਾਡੇ ਦੇਸ਼ ਦੇ ਮਹਾਨ ਸੂਰਬੀਰ ਯੋਧਿਆਂ ਅਤੇ ਦੇਸ਼ ਭਗਤਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਦਾ ਹੀ ਸਿੱਟਾ ਹੈ। ਸਾਰਥਕ ਸੋਚ ਨੂੰ ਅਪਣਾਉਂਦੇ ਹੋਏ ਇਕ ਦੂਸਰੇ ਦੇ ਮੋਢੇ ਨਾਲ ਮੋਢਾ ਜੋੜ ਕੇ ਸਾਡੇ ਵੱਲੋਂ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਸਿਰਜਣਾ ਹੀ ਉਨ੍ਹਾਂ ਨੂੰ ਸਭ ਤੋਂ ਵੱਡੀ ਸ਼ਰਧਾਂਜਲੀ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਵਿਸ਼ੇਸ਼ ਆਯੋਜਨ ਦੇ ਲਈ ਡਾ. ਮਧੂਮੀਤ, ਡੀਨ, ਸਟੂਡੈਂਟ ਵੈੱਲਫੇਅਰ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।






















