ਪੰਜਾਬ ਐਗਰੋ ਦੇ ਚੇਅਰਮੈਨ ਵੱਲੋਂ ਮੁੱਖ ਮੰਤਰੀ ਨੂੰ ਆਪ ਹੁਦਰੀ ਹੋਈ ਅਫ਼ਸਰਸ਼ਾਹੀ ਵਿਰੁੱਧ ਐਕਸ਼ਨ ਲੈਣ ਲਈ ਕੀਤੀ ਅਪੀਲ :-ਪੜ੍ਹੋ ਕੀ ਸੀ ਮਾਮਲਾ ?

ਫਗਵਾੜਾ 15 ਅਪ੍ਰੈਲ :- ਭਾਰਤ ਰਤਨ ਬਾਬਾ ਸਾਹਿਬ ਡਾ.ਬੀ.ਆਰ.ਅੰਬੇਦਕਰ ਜੀ ਦੇ ਜਨਮ ਦਿਵਸ ਸਬੰਧੀ ਵਰਚੂਅਲ ਤੌਰ ’ਤੇ ਮਨਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਸੱਦਾ ਨਾ ਦਿੱਤੇ ਜਾਣ ’ਤੇ ਸਾਬਕਾ ਮੰਤਰੀ ਪੰਜਾਬ ਅਤੇ ਚੇਅਰਮੈਨ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਸ੍ਰ.ਜੋਗਿੰਦਰ ਸਿੰਘ ਮਾਨ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰਨ ਅਤੇ ਬਣਦਾ ਮਾਨ ਸਨਮਾਨ ਨਾ ਦੇਣ ਲਈ ਆਪ ਹੁਦਰੀ ਹੋਈ ਅਫ਼ਸਰ ਸ਼ਾਹੀ ਵਿਰੁੱਧ ਮਿਸਾਲੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ।
ਮੁੱਖ ਮੰਤਰੀ ਪੰਜਾਬ ਨੂੰ ਲਿਖੇ ਗਏ ਪੱਤਰ ਵਿੱਚ ਸਾਬਕਾ ਮੰਤਰੀ ਨੇ ਕਿਹਾ ਕਿ ਜਦੋਂ ਪੂਰਾ ਦੇਸ਼ ਬੁੱਧਵਾਰ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ.ਬੀ.ਆਰ.ਅੰਬੇਦਕਰ ਜੀ ਦਾ ਜਨਮ ਦਿਵਸ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾ ਰਿਹਾ ਹੈ ਤਾਂ ਇਸ ਸਮੇਂ ਫਗਵਾੜਾ ਪ੍ਰਸ਼ਾਸਨ ਵਲੋਂ ਦਿਖਾਈ ਗਈ ਅਣਗਹਿਲੀ ਅਤੇ ਗੈਰ ਜਿੰਮੇਵਾਰਾਨਾ ਰਵੱਈਏ ਨੇ ਇਸ ਪਵਿੱਤਰ ਤਿਉਹਾਰ ਦੀ ਮਰਯਾਦਾ ਨੂੰ ਹੀ ਭੰਗ ਕਰ ਕੇ ਰੱਖ ਦਿੱਤਾ। ਉਨ੍ਹਾਂ ਅੱਗੇ ਦੱਸਿਆ ਕਿ ਭਾਰਤੀ ਸੰਵਿਧਾਨ ਜਿਸ ਵਿੱਚ ਵਿਧਾਨਪਾਲਿਕਾ, ਕਾਰਜਪਾਲਿਕਾ ਅਤੇ ਨਿਆਂਪਾਲਿਕਾ ਸਬੰਧੀ ਚੰਗੀ ਤਰ੍ਹਾਂ ਸਮਝਾਇਆ ਗਿਆ ਹੈ ਨੂੰ ਦਰਕਿਨਾਰ ਕਰਦਿਆਂ ਫਗਵਾੜਾ ਪ੍ਰਸ਼ਾਸਨ ਵਲੋਂ ਉਨਾ ਸਮੇਤ ਕਾਂਗਰਸ ਪਾਰਟੀ ਦੇ ਚੁਣੇ ਗਏ ਜਨਤਕ ਨੁਮਾਇੰਦਿਆਂ ਨੂੰ ਇਸ ਸਮਾਰੋਹ ਵਿੱਚ ਸ਼ਾਮਿਲ ਹੋਣ ਲਈ ਸੱਦਾ ਨਾ ਦੇਣਾ ਬਹੁਤ ਵੱਡੀ ਅਣਗਹਿਲੀ ਹੈ। ਸ੍ਰ.ਮਾਨ ਨੇ ਕਿਹਾ ਕਿ ਇਸ ਦੇ ਬਾਵਜੂਦ ਕਿ ਮੁੱਖ ਮੰਤਰੀ ਦਫ਼ਤਰ ਵਲੋਂ ਲੋਕ ਨੁਮਾਇੰਦਿਆਂ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਸੱਦਾ ਪੱਤਰ ਦੇਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਸਨ।
ਚੇਅਰਮੈਨ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਨੇ ਕਿਹਾ ਕਿ ਇਹ ਬਿਲਕੁਲ ਹੀ ਸਹਿਣਯੋਗ ਨਹੀਂ ਹੈ ਕਿਉਂਕਿ ਕਾਂਗਰਸੀ ਵਰਕਰਾਂ ਵਲੋਂ ਕਾਂਗਰਸ ਪਾਰਟੀ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਪੂਰੀ ਅੱਡੀ ਚੋਟੀ ਦਾ ਜ਼ੋਰ ਲਗਾਉਂਦਿਆਂ ਆਪਣਾ ਪਸੀਨਾ ਵਹਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਅਫ਼ਸਰਾਂ ਦੇ ਇਸ ਰਵੱਈਆ ਨੂੰ ਨੱਥ ਨਾ ਪਾਈ ਗਈ ਤਾਂ ਉਹ ਦਿਨ ਦੂਰ ਨਹੀਂ ਜਦੋਂ ਕਾਂਗਰਸ ਪਾਰਟੀ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ।
ਸਾਬਕਾ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਮੰਤਰੀ ਮੰਡਲ ਵਿੱਚ ਸ਼ਾਮਿਲ ਹੁੰਦਿਆਂ ਅਤੇ ਫਗਵਾੜਾ ਵਿਧਾਨ ਸਭਾ ਤੋਂ ਤਿੰਨ ਵਾਰ ਵਿਧਾਇਕ ਅਤੇ ਹਾਲ ਹੀ ਵਿੱਚ ਚੇਅਰਮੈਨ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਹੋਣ ਦੇ ਨਾਤੇ ਉਨਾ ਨੂੰ ਗਵਰਨਰ ਹਾਊਸ, ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰਨਾਂ ਵਲੋਂ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਸੱਦਾ ਪੱਤਰ ਮਿਲਦੇ ਰਹੇ ਹਨ। ਪਰ ਉਨ੍ਹਾਂ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਫਗਵਾੜਾ ਪ੍ਰਸ਼ਾਸਨ ਵਲੋਂ ਉਨਾਂ ਦੇ ਨਾਲ-ਨਾਲ ਕਾਂਗਰਸੀ ਵਰਕਰਾਂ ਨੂੰ ਵੀ ਅਣਗੌਲਿਆ ਕੀਤਾ ਗਿਆ ਹੈ, ਜਦੋਂ ਕਿ ਸੱਤਾ ਵਿੱਚ ਉਨਾਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਫਗਵਾੜਾ ਪ੍ਰਸ਼ਾਸਨ ਨੇ ਸਾਨੂੰ ਜਾਣਬੁੱਝ ਕੇ ਇਨਾਂ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਨਜ਼ਰ ਅੰਦਾਜ ਕੀਤਾ ਹੈ , ਜਿਸ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਅਜਿਹਾ ਨਾ ਹੋ ਸਕੇ।
ਚੇਅਰਮੈਨ ਪੰਜਾਬ ਐਗਰੋ ਨੇ ਕਿਹਾ ਕਿ ਹੁਣ ਜਦੋਂ ਚੋਣਾਂ ਵਿੱਚ ਛੇ ਮਹੀਨੇ ਦੇ ਕਰੀਬ ਸਮਾਂ ਰਹਿ ਗਿਆ ਹੈ ਤਾਂ ਪਾਰਟੀ ਕਿਸ ਤਰ੍ਹਾਂ ਦੁਬਾਰਾ ਸੱਤਾ ਵਿੱਚ ਆਉਣ ਦੀ ਆਸ ਕਰ ਸਕਦੀ ਹੈ ਜੇਕਰ ਉਨਾਂ ਦੇ ਅਫ਼ਸਰਾਂ ਦਾ ਇਸੇ ਤਰ੍ਹਾਂ ਦਾ ਰਵੱਈਆ ਰਿਹਾ । ਉਨ੍ਹਾ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਇਸ ਮਾਮਲੇ ਵੱਲ ਨਿੱਜੀ ਧਿਆਨ ਦਿੰਦੇ ਹੋਏ ਅਫ਼ਸਰਾਂ ਵਲੋਂ ਹੋਈ ਇਸ ਅਣਗਹਿਲੀ ਪ੍ਰਤੀ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਂਦੇ ਹੋਏ ਲੋਕ ਨੁਮਾਇੰਦਿਆਂ ਦੇ ਮਾਨ ਸਨਮਾਨ ਨੂੰ ਬਹਾਲ ਰੱਖਣਗੇ। ਉਨ੍ਹਾਂ ਕਿਹਾ ਕਿ 40 ਸਾਲ ਦੇ ਆਪਣੇ ਰਾਜਨੀਤਿਕ ਸਫ਼ਰ ਦੌਰਾਨ ਉਨਾਂ ਅਜਿਹੀ ਆਪਹੁਦਰੀ ਹੋਈ ਅਫ਼ਸਰਸ਼ਾਹੀ ਨੂੰ ਨਹੀਂ ਦੇਖਿਆ, ਜਿਸ ਦਾ ਰਵੱਈਆ ਬਿਲਕੁਲ ਹੀ ਸਹਿਣਯੋਗ ਨਹੀਂ ਹੈ।






















