ਦੀਪ ਸਿੱਧੂ ਦੀ ਦੂਜੇ ਮਾਮਲੇ ਵਿੱਚ ਜ਼ਮਾਨਤ ਪਟੀਸ਼ਨ ਤੇ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ, 23 ਅਪ੍ਰੈਲ(ਵਿਸ਼ਵ ਵਾਰਤਾ) 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ਤੇ ਵਾਪਰੀ ਘਟਨਾ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ਤੇ ਅੱਜ ਮੁੜ ਸੁਣਵਾਈ ਹੋ ਰਹੀ ਹੈ। ਇਹ ਸੁਣਵਾਈ ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਖਿਲਾਫ ਦੂਜੀ ਐਫ.ਆਈ.ਆਰ ਨੂੰ ਲੈ ਕੇ ਦਿੱਲੀ ਦੀ ਅਦਾਲਤ ਦੇ ਵਿੱਚ ਹੋਣੀ ਹੈ। ਇਸ ਤੋਂ ਪਹਿਲਾਂ ਦੀਪ ਸਿੱਧੂ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲ੍ਹੇ ਵਿੱਚ ਹੋਏ ਹੰਗਾਮੇ ਦੇ ਮਾਮਲੇ ਵਿੱਚ ਸ਼ਨੀਵਾਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ। ਪਰ ਬਾਅਦ ਵਿੱਚ ਕ੍ਰਾਈਮ ਬ੍ਰਾਂਚ ਨੇ ਇੱਕ ਵਾਰ ਫਿਰ ਭਾਰਤ ਪੁਰਾਤਤਵ ਵਿਭਾਗ ਵੱਲੋਂ ਦਰਜ ਕਰਾਈ ਐਫਆਈਆਰ ਦੇ ਆਧਾਰ ਤੇ ਦੀਪ ਸਿੱਧੂ ਨੂੰ ਗ੍ਰਿਫਤਾਰ ਕੀਤਾ ਸੀ । ਦੀਪ ਸਿੱਧੂ ਨੂੰ ਲਾਲ ਕਿਲ੍ਹੇ ਦੇ ਅੰਦਰ ਤੋੜ-ਫੋੜ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਵਿਭਾਗ ਨੇ ਇਸ ਸਬੰਧ ਵਿੱਚ ਅਪਰਾਧ ਸ਼ਾਖਾ ਵਿੱਚ ਕੇਸ ਦਰਜ ਕੀਤਾ ਸੀ। ਜਿਸ ਕਾਰਨ ਇਹ ਕਾਰਵਾਈ ਕੀਤੀ ਗਈ ਹੈ






















