ਕਣਕ ਦੀ ਅਦਾਇਗੀ ਵਜੋਂ 533 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੇ ਟਰਾਂਸਫਰ : ਡਿਪਟੀ ਕਮਿਸ਼ਨਰ

ਜਲੰਧਰ 26 ਅਪ੍ਰੈਲ (ਵਿਸ਼ਵ ਵਾਰਤਾ /ਅਸ਼ਵਨੀ ਠਾਕੁਰ) -ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਖ਼ਰੀਦ ਕੀਤੀ ਗਈ ਕਣਕ ਦੀ ਫ਼ਸਲ ਦੀ ਅਦਾਇਗੀ ਵਜੋਂ ਹੁਣ ਤੱਕ 533 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾ ਚੁੱਕੇ ਹਨ, ਜੋ ਕਿ ਕੁੱਲ ਅਦਾਇਗੀ ਦਾ 85 ਫੀਸਦੀ ਬਣਦੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਅਦਾਇਗੀ ਕਰਨ ਦੇ ਮਾਮਲੇ ਵਿੱਚ ਪਨਗ੍ਰੇਨ ਸੂਬਾਈ ਖਰੀਦ ਏਜੰਸੀਆਂ ਵਿੱਚ ਸਭ ਤੋਂ ਮੋਹਰੀ ਹੈ, ਜਿਸ ਵੱਲੋਂ 157 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤੇ ਗਏ ਹਨ। ਜਦਕਿ ਮਾਰਕਫੈੱਡ ਵੱਲੋਂ 152, ਪਨਸਪ ਵੱਲੋਂ 138, ਪੰਜਾਬ ਸਟੇਟ ਵੇਅਰ ਹਾਊਸ ਵੱਲੋਂ 78 ਅਤੇ ਐਫ.ਸੀ.ਆਈ. ਵੱਲੋਂ 8 ਕਰੋੜ ਰੁਪਏ ਡੀ.ਬੀ.ਟੀ. ਰਾਹੀਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਾਏ ਗਏ ਹਨ। ਸ਼੍ਰੀ ਥੋਰੀ ਨੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਇਸ ਦੇ ਨਾਲ ਹੀ ਲਿਫ਼ਟਿੰਗ ਵਿੱਚ ਵੀ ਤੇਜ਼ੀ ਲਿਆਂਦੀ ਗਈ ਹੈ ਅਤੇ ਅਦਾਇਗੀ ਦੇ ਕਾਰਜ ਨੂੰ ਵੀ ਨਾਲੋ-ਨਾਲ ਨਜਿੱਠਣਾ ਯਕੀਨੀ ਬਣਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ‘ਅਨਾਜ ਖ਼ਰੀਦ’ ਪੋਰਟਲ ‘ਤੇ ਰਜਿਸਟਰੇਸ਼ਨ ਕਰਨ ਵਿੱਚ ਮਦਦ ਕਰਨ ਲਈ ਅਨਾਜ ਮੰਡੀਆਂ ਵਿੱਚ ‘ਫਾਰਮਰ ਹੈਲਪ ਡੈਸਕ’ ਸਥਾਪਤ ਕੀਤੇ ਗਏ ਹਨ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ ਅਤੇ ਜ਼ਿਲ੍ਹਾ ਕਿਸਾਨਾਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਸੁਚਾਰੂ ਢੰਗ ਨਾਲ 85 ਫੀਸਦੀ ਅਦਾਇਗੀ ਕਰਨ ਵਿੱਚ ਸਫ਼ਲ ਰਿਹਾ ਹੈ। ਸ਼੍ਰੀ ਥੋਰੀ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫ਼ਸਲ ਦੀ ਤੁਰੰਤ ਖ਼ਰੀਦ, ਨਾਲੋ-ਨਾਲ ਲਿਫ਼ਟਿੰਗ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਮੰਡੀਆਂ ਵਿੱਚ ਕੋਵਿਡ-19 ਸਬੰਧੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸੁਰੱਖਿਆ ਸਾਵਧਾਨੀਆਂ ਦੀ ਸਖ਼ਤੀ ਪਾਲਣਾ ਨੂੰ ਵੀ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਇਸ ਮਹਾਂਮਾਰੀ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲੈ ਕੇ ਆਉਣ ਅਤੇ ਸਰਕਾਰ ਵੱਲੋਂ ਜਾਰੀ ਕੋਵਿਡ ਪ੍ਰੋਟੋਕਾਲਜ਼ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।






















