ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਐਨ.ਐਚ.ਐਮ. ਯੂਨੀਅਨਾਂ ਵੱਲੋਂ ਸਾਰੀਆਂ ਐਮਰਜੈਂਸੀ ਸੇਵਾਵਾਂ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ

ਫ਼ਿਰੋਜ਼ਪੁਰ, 27 ਅਪ੍ਰੈਲ ( ਵਿਸ਼ਵ ਵਾਰਤਾ )-ਐਨ.ਐਚ.ਐਮ. ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਪੰਜਾਬ ਪੱਧਰ ਦੀ ਹੜਤਾਲ ਦੀ ਕਾਲ ਤੇ ਅੱਜ ਫਿਰੋਜ਼ਪੁਰ ਵਿਚ ਸਾਰੀਆਂ ਸਿਹਤ ਸੇਵਾਵਾਂ ਬੰਦ ਕਰਦੇ ਹੋਏ ਜ਼ਿਲਾ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਰੋਸ ਪੂਰਵਕ ਧਰਨਾ ਦਿੱਤਾ ਗਿਆ ਅਤੇ ਮੰਗਾਂ ਨਾ ਮੰਨਣ ਤੇ ਪੰਜਾਬ ਸਰਕਾਰ ਨੂੰ ਅਣਮਿੱਥੇ ਸਮੇਂ ਤੱਕ ਲਈ ਹੜਤਾਲ ਜਾਰੀ ਰੱਖਣ ਦੀ ਚਿਤਾਵਨੀ ਦਿੱਤੀ ਗਈ। ਜ਼ਿਲਾ ਪ੍ਰਧਾਨ ਹਰਜਿੰਦਰ ਸਿੰਘ, ਉੱਪ ਪ੍ਰਧਾਨ ਸੁਖਦੇਵ ਰਾਜ, ਐਮਪੀਐਚ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਨਰਿੰਦਰ ਕੁਮਾਰ ਸ਼ਰਮਾ, ਸਤਪਾਲ ਸਿੰਘ ਅਤੇ ਦਰਜਾ ਚਾਰ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਾਮ ਪ੍ਰਸਾਦ ਨੇ ਕਿਹਾ ਕਿ ਪੰਜਾਬ ਸਰਕਾਰ ਨੈਸ਼ਨਲ ਹੈਲਥ ਮਿਸ਼ਨ ਵਿਚ ਸਾਲਾਂ ਤੋਂ ਕੰਮ ਕਰਦੇ ਆ ਰਹੇ ਕਰੀਬ 12000 ਕਰਮਚਾਰੀਆਂ ਨੂੰ ਰੈਗੂਲਰ ਕਰਦੇ ਹੋਏ ਤੁਰੰਤ ਨੋਟੀਫਿਕੇਸ਼ਨ ਜਾਰੀ ਕਰੇ। ਯੂਨੀਅਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਭਰ ਵਿੱਚ ਸਰਕਾਰ ਵੱਲੋਂ ਕੀਤੇ ਜਾ ਰਹੇ ਸ਼ੋਸ਼ਣ ਦੇ ਖਿਲਾਫ ਸਿਹਤ ਵਿਭਾਗ ਦਾ ਕੰਮ ਮੁਕੰਮਲ ਤੌਰ ਤੇ ਬੰਦ ਰੱਖਿਆ ਗਿਆ ਅਤੇ ਵੈਕਸੀਨੇਸ਼ਨ ਦਾ ਵੀ ਬਾਈਕਾਟ ਕੀਤਾ ਗਿਆ ਅਤੇ ਕੋਰੋਨਾ ਸੈਂਪਲਿੰਗ ਤੇ ਐਮਰਜੈਂਸੀ ਸੇਵਾਵਾਂ ਨੂੰ ਬੰਦ ਕਰਦੇ ਹੋਏ ਕਰਮਚਾਰੀਆਂ ਨੇ ਸਰਕਾਰ ਦਾ ਪਿੱਟ ਸਿਆਪਾ ਕੀਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਇਸ ਮਿਸ਼ਨ ਵਿੱਚ 15-16 ਸਾਲਾਂ ਤੋਂ ਠੇਕੇ ਤੇ ਕੰਮ ਕਰਦੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕਰ ਰਹੀ ਹੈ। ਸਰਕਾਰ ਵੱਲੋਂ ਆਊਟਸੋਰਸਿੰਗ ਕਰਮਚਾਰੀਆਂ, ਕੰਪਿਊਟਰ ਓਪਰੇਟਰਾਂ ਇਨਫਰਾਮੈੰਸ ਅਸਿਸਟੈਂਟ ਫਾਰਮਾਸਿਸਟ, ਸਟਾਫ ਨਰਸਾਂ, ਮਲਟੀਪਰਪਜ਼ ਹੈਲਥ ਵਰਕਰ ਫੀਮੇਲ, ਲੈਬ ਟੈਕਨੀਸ਼ੀਅਨਾਂ ਆਦਿ ਤੋਂ ਬਹੁਤ ਹੀ ਘੱਟ ਤਨਖ਼ਾਹ ਦੇ ਕੇ ਪੱਕੇ ਕਰਮਚਾਰੀਆਂ ਤੋਂ ਵੀ ਜਿਆਦਾ ਕੰਮ ਲਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਨੇ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਉਹ ਪੱਕੇ ਤੌਰ ਤੇ ਐਮਰਜੈਂਸੀ ਸੇਵਾਵਾਂ ਦਾ ਬਾਈਕਾਟ ਕਰਨ ਲਈ ਮਜਬੂਰ ਹੋਣਗੇ।






















