ਕਿਸਾਨਾਂ ਵੱਲੋਂ ਗੁਰੂ ਤੇਗ ਬਹਾਦਰ ਦੀ ਕੁਰਬਾਨੀ ਤੋਂ ਪ੍ਰੇਰਨਾ ਲੈਣ ਦਾ ਅਹਿਦ
ਜ਼ਬਰ-ਜ਼ੁਲਮ ਖ਼ਿਲਾਫ਼ ਇਤਿਹਾਸਕ-ਵਿਰਸੇ ਤੋਂ ਸੇਧ ਲੈਣ ਦਾ ਅਹਿਦ
ਕਿਸਾਨ-ਮਜ਼ਦੂਰ ਏਕਤਾ ਦਿਵਸ ਮਨਾਉਣ ਲਈ ਸੈਂਕੜੇ ਜਥੇ ਦਿੱਲੀ ਰਵਾਨਾ
ਚੰਡੀਗੜ੍ਹ 30 ਅਪਰੈਲ (ਵਿਸ਼ਵ ਵਾਰਤਾ):-ਪੰਜਾਬ ਭਰ ‘ਚ ਕਰੀਬ 100 ਥਾਵਾਂ ‘ਤੇ ਜਾਰੀ ਕਿਸਾਨੀ-ਧਰਨਿਆਂ ਦਾ 212ਵਾਂ ਦਿਨ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਰਿਹਾ। ਕਿਸਾਨਾਂ ਨੇ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਤੋਂ ਪ੍ਰੇਰਨਾ ਲੈਂਦਿਆਂ ਜ਼ਬਰ-ਜ਼ੁਲਮ ਖ਼ਿਲਾਫ਼ ਲੜਦੇ ਰਹਿਣ ਦਾ ਅਹਿਦ ਕੀਤਾ। ਕਿਸਾਨ-ਆਗੂਆਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਜ਼ਬਰ-ਜ਼ੁਲਮ ਖ਼ਿਲਾਫ਼ ਮੱਥਾ ਲਾਉਂਦਿਆਂ ਆਪਣੀ ਸ਼ਹਾਦਤ ਦਿੱਤੀ, ਜੋ ਅੱਜ ਵੀ ਸਾਡੇ ਲਈ ਪ੍ਰੇਰਨਾ ਸਰੋਤ ਹਨ। ਸਾਨੂੰ ਹਰ ਤਰ੍ਹਾਂ ਦੇ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਵਿਤਕਰਿਆਂ ਖ਼ਿਲਾਫ਼ ਸਾਂਝੇ-ਸੰਘਰਸ਼ ਜਾਰੀ ਰੱਖਣੇ ਚਾਹੀਦੇ ਹਨ।
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਸਾਡਾ ਇਤਿਹਾਸ ਅਥਾਹ ਕੁਰਬਾਨੀਆਂ ਨਾਲ ਭਰਿਆ ਪਿਆ ਹੈ।
ਸਾਡੀ ਅਣਖੀਲੀ ਮਿੱਟੀ ਨੂੰ ਇਸ ਗੱਲ ਦਾ ਮਾਣ ਹੈ ਕਿ ਇਸ ਧਰਤ ਦੇ ਵਾਰਸਾਂ ਨੇ ਹਕੂਮਤੀ ਜਬਰ ਅੱਗੇ ਕਦੇ ਵੀ ਸਿਰ ਝੁਕਾਇਆ ਨਹੀਂ, ਸਗੋਂ ਸਿਰ ਉੱਚਾ ਕਰਕੇ ਮਾਣ ਨਾਲ ਜੀਵਿਆ ਹੈ।
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਵੱਲੋਂ ਵੀ ਮਜ਼ਦੂਰ ਜਥੇਬੰਦੀਆਂ ਅਤੇ ਟਰੇਡ ਯੂਨੀਅਨਾਂ ਦੇ ਸਹਿਯੋਗ ਨਾਲ ਪੰਜਾਬ ਭਰ ‘ਚ 1 ਮਈ ਨੂੰ ‘ਕਿਸਾਨ-ਮਜ਼ਦੂਰ ਏਕਤਾ ਦਿਵਸ’ ਵਜੋਂ ਮਨਾਇਆ ਜਾਵੇਗਾ।
ਜਥੇਬੰਦੀਆਂ ਵੱਲੋਂ ਨਾਟਕਕਾਰਾਂ, ਸਾਹਿਤਕਾਰਾਂ ਅਤੇ ਲੋਕ-ਪੱਖੀ ਗਾਇਕਾਂ/ਗੀਤਕਾਰਾਂ ਨੂੰ ਧਰਨਿਆਂ ‘ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ।
ਦਿੱਲੀ ਦੇ ਕਿਸਾਨ-ਮੋਰਚਿਆਂ ‘ਚ ਕਿਸਾਨ-ਮਜ਼ਦੂਰ ਏਕਤਾ ਦਿਵਸ ਮਨਾਉਣ ਲਈ ਪੰਜਾਬ ਦੇ ਮਾਨਸਾ, ਨਵਾਂਸ਼ਹਿਰ, ਬਠਿੰਡਾ, ਮੋਗਾ, ਬਰਨਾਲਾ, ਸੰਗਰੂਰ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਜਿਲ੍ਹਿਆਂ ਤੋਂ ਮਜ਼ਦੂਰਾਂ ਅਤੇ ਕਿਸਾਨਾਂ ਦੇ ਸੈਂਕੜੇ ਜਥੇ ਦਿੱਲੀ ਲਈ ਰਵਾਨਾ ਹੋਏ।
ਜਥੇਬੰਦੀਆਂ ਨੇ ਕਿਸਾਨਾਂ-ਮਜ਼ਦੂਰਾਂ ਨੂੰ ਇਸ ਇਤਿਹਾਸਕ ਦਿਨ ਮੌਕੇ ਦਿੱਲੀ ਦੇ ਕਿਸਾਨ-ਮੋਰਚਿਆਂ ‘ਤੇ ਵੱਡੀਆਂ ਗਿਣਤੀਆਂ ‘ਚ ਜਾਣ ਦਾ ਸੱਦਾ ਦਿੱਤਾ ਹੈ।
ਪੰਜਾਬ ਭਰ ‘ਚ 100 ਤੋਂ ਵੱਧ ਥਾਵਾਂ- ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਅਤੇ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਸਾਹਮਣੇ ਜਾਰੀ ਧਰਨਿਆਂ ‘ਚ ਕਿਸਾਨਾਂ-ਮਜ਼ਦੂਰਾਂ ਨੂੰ ਵੱਡੀਆਂ ਗਿਣਤੀਆਂ ‘ਚ ਸ਼ਮੂਲੀਅਤ ਕਰਨ ਲਈ ਜਥੇਬੰਦੀਆਂ ਵੱਲੋਂ ਸਾਂਝੀਆਂ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ।
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨ ਜਿੰਨੇ ਕਿਸਾਨਾਂ ਲਈ ਮਾਰੂ ਹਨ, ਉਂਨੇ ਹੀ ਇਹ ਰੋਜ਼ ਕਮਾ ਕੇ ਖਾਣ ਵਾਲੇ ਮਜ਼ਦੂਰਾਂ ਦੇ ਵੀ ਵਿਰੋਧੀ ਹਨ। ਇਨ੍ਹਾਂ ਨਾਲ ਕਾਰਪੋਰੇਟਸ ਦੀ ਮਾਲਕੀ ਵਾਲੀਆਂ ਮੰਡੀਆਂ ਪੈਦਾ ਹੋਣਗੀਆਂ ਜਿਨ੍ਹਾਂ ਵਿੱਚ ਮਸ਼ੀਨਾਂ ਦੀ ਭਰਮਾਰ ਹੋਵੇਗੀ ਅਤੇ ਰੁਜ਼ਗਾਰ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਹਜ਼ਾਰਾਂ ਦੀ ਗਿਣਤੀ ਵਿੱਚ ਮਜ਼ਦੂਰ ਦਿਹਾੜੀਦਾਰ, ਪੱਲੇਦਾਰ, ਰੇਹੜੀਆਂ ਫੜ੍ਹੀਆਂ ਵਾਲੇ ਅਤੇ ਚਾਹਾਂ ਦੇ ਖੋਖਿਆਂ ਵਾਲਿਆਂ ਹੱਥੋਂ ਰੁਜ਼ਗਾਰ ਖੋਹਿਆ ਜਾਵੇਗਾ। ਆੜ੍ਹਤੀਆਂ ਦੇ ਨਾਲ ਮੁਨੀਮੀ ਕਰਦੇ ਸੈਂਕੜੇ ਨੌਜਵਾਨ ਵਿਹਲੇ ਹੋ ਜਾਣਗੇ। ਮਸ਼ੀਨਾਂ ਮਜ਼ਦੂਰਾਂ ਦਾ ਰੁਜ਼ਗਾਰ ਖੋਹ ਲੈਣਗੀਆਂ। ਵੱਡੇ ਪੱਧਰ ’ਤੇ ਘਰੇਲੂ ਉਦਯੋਗ ਤਬਾਹ ਹੋ ਜਾਣਗੇ। ਖੇਤੀ ਸੁਧਾਰ ਦੇ ਨਾਮ ’ਤੇ ਪਾਸ ਕਾਨੂੰਨ ਅਨਾਜ ਭੰਡਾਰ ਕਰਨ ਦੀ ਖੁੱਲ੍ਹ ਦਿੰਦੇ ਹਨ ਜੋ ਕਿ ਛੋਟੀ ਕਿਸਾਨੀ ਜਾਂ ਮਜ਼ਦੂਰਾਂ ਦੇ ਵੱਸ ਦੀ ਗੱਲ ਨਹੀਂ। ਇਸ ਨਾਲ ਸਿੱਧੇ ਰੂਪ ਵਿੱਚ ਅਨਾਜ ਭੰਡਾਰਾਂ ਉੱਪਰ ਮੁਨਾਫਾਖੋਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੋ ਜਾਵੇਗਾ। ਕਾਰਪੋਰੇਟਸ ਸਸਤੀਆਂ ਕੀਮਤਾਂ ’ਤੇ ਖਰੀਦੇ ਅਨਾਜ ਨੂੰ ਦੁਗਣੇ-ਚੌਗਣੇ ਰੇਟਾਂ ਉੱਪਰ ਵੇਚਣਗੇ। ਮਜ਼ਦੂਰਾਂ ਲਈ ਇਨ੍ਹਾਂ ਹਾਲਾਤ ਵਿਚ ਖਾਣ ਜੋਗਾ ਅਨਾਜ ਪ੍ਰਾਪਤ ਕਰਨਾ ਵੀ ਬਹੁਤ ਵੱਡੀ ਗੱਲ ਹੋ ਜਾਵੇਗੀ।
ਕਿਸਾਨ-ਆਗੂਆਂ ਨੇ ਕਿਹਾ ਕਿ ਮੋਦੀ-ਹਕੂਮਤ ਨੇ ਨਿੱਜੀਕਰਨ, ਉਦਾਰੀਕਰਨ, ਸੰਸਾਰੀਕਰਨ ਦੀ ਨੀਤੀ ਤੇ ਚਲਦਿਆਂ ਜਿੱਥੇ ਖੇਤੀ ਸੱਭਿਆਚਾਰ ਨੂੰ ਉਜਾੜਨ ਲਈੂ ਤਿੰਨ ਖੇਤੀ ਬਿਲ ਲਿਆਂਦੇ ਹਨ, ਨਾਲ ਦੀ ਨਾਲ ਇਸ ਤੋਂ ਪਹਿਲਾਂ ਜਨਤਕ ਖੇਤਰ ਦੇ ਅਦਾਰਿਆਂ ਬੈਂਕਾਂ, ਬੀਮਾ, ਰੇਲਵੇ, ਜਹਾਜਰਾਨੀ, ਰੇਲਵੇ, ਕੋਇਲਾ ਖਾਣਾਂ, ਬਿਜਲੀ ਬੋਰਡ, ਸੜਕਾਂ, ਸਿਹਤ ਸਿੱਖਿਆ, ਟਰਾਂਸਪੋਰਟ ਆਦਿ ਨੂੰ ਦੇਸੀ-ਬਦੇਸ਼ੀ ਬਹੁਕੌਮੀ ਕੰਪਨੀਆਂ ਦੇ ਹਵਾਲੇ ਕਰ ਰਹੀ ਹੈ। ਇਹ ਅਦਾਰੇ ਲੋਕਾਂ ਦੀ ਕੀਮਤੀ ਜਾਇਦਾਦ ਅਤੇ ਲੱਖਾਂ ਮਜਦੂਰਾਂ ਵੱਲੋਂ ਸ਼ਹਾਦਤ ਦੇਕੇ ਉਸਾਰੇ ਗਏ ਹਨ। ਇਸੇ ਹੀ ਤਰ੍ਹਾਂ ਪਹਿਲਾਂ ਦੀ ਹਾਸ਼ੀਆ ਗ੍ਰਸਤ ਮਜਦੂਰਾਂ ਦੇ ਕਿਰਤ ਕਾਨੂੰਨਾਂ ਦਾ ਭੋਗ ਪਾਕੇ ਚਾਰ ਕੋਡਾਂ ਵਿੱਚ ਤਬਦੀਲ ਕਰ ਦਿੱਤਾ ਹੈ। ਇਸ ਨਾਲ ਕਿਰਤੀਆਂ ਦੀ ਹੋਰ ਵਧੇਰੇ ਰੱਤ ਨਿਚੋੜਨ ਲਈ ਰਾਹ ਪੱਧਰਾ ਕਰ ਦਿੱਤਾ ਗਿਆ ਹੈ।ਇਸ ਲਈ ਮੋਦੀ ਹਕੂਮਤ ਦੇ ਵੱਡੇ ਹੱਲੇ ਦਾ ਜਵਾਬ ਦੇਣ ਲਈ ਕਿਸਾਨ ਮਜਦੂਰਾਂ ਦੀਆਂ ਲਾਸਾਨੀ ਕੁਰਬਾਨੀਆਂ ਭਰਿਆ ਇਤਿਹਾਸ ਸਾਡਾ ਰਾਹ ਦਰਸਾਂਂਵਾ ਹੈ।