ਵਿਦੇਸ਼ਾਂ ਵਿੱਚ ਸਿੱਖਿਆ ਹਾਸਲ ਕਰਨ ਲਈ ਜਾਣ ਵਾਲੇ ਨੌਜਵਾਨਾਂ ਨੂੰ ਪਹਿਲ ਦੇ ਆਧਾਰ ਤੇ ਲਗਾਈ ਜਾਵੇ ਵੈਕਸੀਨ- ਸੁਨੀਲ ਜਾਖੜ

ਚੰਡੀਗੜ੍ਹ, 14 ਮਈ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿੱਚ ਬਣਾਏ ਗਏ ਹੈਲਪਲਾਈਨ ਦੀ ਮਾਫਰਤ ਕੋਰੋਨਾ ਪੀੜਤ ਮਰੀਜਾਂ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਕਿਹਾ ਕਿ ਕਾਂਗਰਸ ਦੀ ਹੈਲਪ ਲਾਈਨ 24 ਘੰਟੇ ਚੱਲ ਰਹੀ ਹੈ। ਉਹਨਾਂ ਨੇ ਕਿਹਾ ਕਿ ਕੋਰੋਨਾ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ, ਥੋੜੀ ਜਿਹੀ ਲਾਪਰਵਾਹੀ ਵੀ ਭਾਰੀ ਪੈ ਸਕਦੀ ਹੈ। ਜਾਖੜ ਨੇ ਕਿਹਾ ਕਿ ਉਹ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਗੱਲਬਾਤ ਕਰਕੇ ਸਰਕਾਰੀ ਹਸਪਤਾਲਾਂ ਵਿੱਚ ਹੋਰ ਸਹੂਲਤਾਂ ਦਿਵਾਉਣਗੇ। ਇਸ ਦੌਰਾਨ ਉਹਨਾਂ ਨੇ ਇਹ ਵੀ ਦੱਸਿਆ ਕਿ ਉਹਨਾਂ ਨੂੰ ਜਾਣਕਾਰੀ ਮਿਲੀ ਹੈ ਕਿ ਕੈਨੇਡਾ ਅਤੇ ਹੋਰ ਦੇਸ਼ਾਂ ਵਿੱਚ ਸਿੱਖਿਆ ਹਾਸਲ ਕਰਨ ਲਈ ਜਾਣ ਵਾਲੇ ਨੌਜਵਾਨਾਂ ਨੂੰ ਵੈਕਸੀਨ ਨਹੀਂ ਲਗਾਈ ਜਾ ਰਹੀ । ਇਸ ਲਈ ਉਹ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਾਹਮਣੇ ਇਹ ਮਾਮਲਾ ਉਠਾਉਣਗੇ ਅਤੇ ਅਪੀਲ ਕਰਨਗੇ ਕਿ ਕੈਨੇਡਾ ਅਤੇ ਹੋਰ ਦੇਸ਼ਾਂ ਵਿੱਚ ਜਾਣ ਵਾਲੇ ਨੌਜਵਾਨਾਂ ਨੂੰ ਪਹਿਲ ਦੇ ਆਧਾਰ ਤੇ ਵੈਕਸੀਨ ਲਗਾਈ ਜਾਵੇ।






















