ਕਿਸਾਨੀ ਘੋਲ ਦੇ 6 ਮਹੀਨੇ ਪੂਰੇ ਹੋਣ ’ਤੇ ਕਿਸਾਨਾਂ ਨੇ ਮਨਾਇਆ ‘ਕਾਲਾ ਦਿਵਸ’

ਬੁਢਲਾਡਾ 26 ਮਈ(ਵਿਸ਼ਵ ਵਾਰਤਾ)— ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੀਆਂ ਬਰੂਹਾਂ ’ਤੇ ਕੋਰੋਨਾ ਦੀ ਪਰਵਾਹ ਕੀਤੇ ਬਿਨਾਂ ਡਟੇ ਹੋਏ ਹਨ। ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰਦੇ ਹੋਏ ਕਿਸਾਨਾਂ ਨੂੰ ਅੱਜ ਪੂਰੇ 6 ਮਹੀਨੇ ਹੋ ਗਏ ਹਨ। 6 ਮਹੀਨੇ ਬੀਤਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਰੱਦ ਨਾ ਕਰਨ ਦੀ ਹੀ ਗੱਲ ਕਹੀ ਜਾ ਰਹੀ ਹੈ। ਦਿੱਲੀ ਕਿਸਾਨ ਅੰਦੋਲਨ ਦੇ ਅੱਜ 6 ਮਹੀਨੇ ਬੀਤਣ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਖ਼ਿਲਾਫ਼ ਪੁਤਲੇ ਸਾੜ ਕੇ ਅਤੇ ਨਾਅਰੇਬਾਜ਼ੀ ਕਰਦਿਆਂ ‘ਕਾਲਾ ਦਿਵਸ’ ਮਨਾਇਆ ਗਿਆ। ਇਸੇ ਤਹਿਤ ਅੱਜ ਸ਼ਹਿਰ ਅਤੇ ਇਸਦੇ ਨਜਦੀਕੀ ਪਿੰਡਾ ’ਚ ਵੀ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ ’ਤੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਜ਼ਿਕਰਯੋਗ ਹੈ ਕਿ 26 ਨਵੰਬਰ 2020 ਨੂੰ ਪੰਜਾਬ ਅਤੇ ਹੋਰ ਵੱਖ-ਵੱਖ ਸੂਬਿਆਂ ਤੋਂ ਕਿਸਾਨਾਂ ਦੇ ਕਾਫ਼ਲਿਆਂ ਨੇ ਦਿੱਲੀ ਵੱਲ ਚਾਲੇ ਪਾਏ ਸਨ। ਕਾਫ਼ੀ ਮੁਸ਼ਕਿਲਾਂ ਨੂੰ ਝੱਲਦੇ ਹੋਏ ਕਿਸਾਨ ਆਖ਼ਰਕਾਰ ਦਿੱਲੀ ਪੁੱਜੇ ਸਨ। ਦਿੱਲੀ ਦੀਆਂ ਬਰੂਹਾਂ ’ਤੇ ਡਟੇ ਕਿਸਾਨ ਅੰਦੋਲਨ ਨੂੰ ਅੱਜ ਯਾਨੀ ਕਿ 26 ਮਈ ਨੂੰ 6 ਮਹੀਨੇ ਪੂਰੇ ਹੋ ਗਏ ਹਨ। ਪਹਿਲਾਂ ਸਰਦੀ ਅਤੇ ਹੁਣ ਗਰਮੀ ਦੇ ਇਸ ਮੌਸਮ ਦੇ ਮਾਰ ਦੇ ਨਾਲ-ਨਾਲ ਕੋਰੋਨਾ ਕਾਲ ਦੇ ਇਸ ਦੌਰ ’ਚ ਵੀ ਕਿਸਾਨ ਆਪਣੇ ਹੱਕਾਂ ਦੀ ਲੜਾਈ ਲਈ ਡਟੇ ਹੋਏ ਹਨ। ਕਿਸਾਨਾਂ ਦਾ ਦਿੱਲੀ ਕੂਚ ਕਰਨ ਦਾ ਮਕਸਦ ਸਿਰਫ ਇੰਨਾ ਹੈ ਕਿ ਕੇਂਦਰ ਸਰਕਾਰ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ, ਜਿਸ ਦੀ ਵਜ੍ਹਾ ਕਰ ਕੇ ਉਹ ਅੱਜ ਵੀ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਹੋਏ ਹਨ।

ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਅਸੀਂ ਘਰ ਵਾਪਸੀ ਨਹੀਂ ਕਰਾਂਗੇ। ਇਸ ਮੌਕੇ ਸਮੂਹ ਕਿਸਾਨ ਜਥੇਬੰਦੀਆ ਦੇ ਨਾਲ ਦੋਧੀ ਯੂਨੀਅਨ ਦੇ ਪ੍ਰਧਾਨ ਬਲਜੀਤ ਬਰੇ, ਜਿਲ੍ਹਾ ਪ੍ਰਧਾਨ ਬਲਵਿਦਰ ਸਿੰਘ ਮੱਲ ਸਿੰਘ ਵਾਲਾ, ਹਰਵਿੰਦਰ ਬੋੜਾਵਾਲ, ਬੱਗਾ ਬੱਛੂਆਣਾ, ਨੱਥੂ ਦਾਤੇਵਾਸ, ਰਾਮ ਕੁਮਾਰ, ਦੀਨਾ ਅਹਿਮਦਪੁਰ, ਸੋਮਾ ਅਤੇ ਸੋਨੂੰ ਡੇਅਰੀ ਵਾਲੇ, ਅਤੇ ਬਾਰ ਅੈਸੋਸ਼ੀਏਸ਼ਨ ਅਾਦਿ ਵਲੋ ਵੀ ਕਾਲੇ ਕਾਨੂੰਨ ਖਿਲਾਫ ਕਾਲਾ ਦਿਵਸ ਮਨਾਇਆ ਗਿਆ।






















