ਪਾਕਿਸਤਾਨ ਵਿੱਚ ਸਿੱਖਾਂ ਦੀ ਸੁਰੱਖਿਆਂ ਨੂੰ ਯਕੀਨੀ ਬਣਾਵੇ ਪਾਕਿਸਤਾਨੀ ਸਰਕਾਰ-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ
ਤਾਲੀਬਾਨ ਵੱਲੋਂ ਪਾਕਿਸਤਾਨੀ ਸਿੱਖਾਂ ਨੂੰ ਦਿੱਤੀਆਂ ਧਮਕੀਆਂ ਦਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਲਿਆ ਨੋਟਿਸ

ਚੰਡੀਗੜ੍ਹ, 29ਮਈ(ਵਿਸ਼ਵ ਵਾਰਤਾ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਭਾਈ ਕੁਲਦੀਪ ਸਿੰਘ ਮਜੀਠੀਆਂ ਤੇ ਹਰਸ਼ਰਨ ਸਿੰਘ ਭਾਤਪੁਰ ਜੱਟਾਂ ਨੇ ਜਾਰੀ ਕੀਤੇ ਗਏ ਇੱਕ ਸਾਂਝੇ ਬਿਆਨ ਵਿੱਚ ਤਾਲਿਬਾਨ ਵਲੋਂ ਪਾਕਿਸਤਾਨ ਦੇ ਸਿੱਖਾਂ ਨੂੰ ਧਮਕੀਆਂ ਦੇਣ ਦਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਗੰਭੀਰ ਨੋਟਿਸ ਲੈਂਦਿਆਂ ਕਿਹਾ ਪਾਕਿਸਤਾਨ ਸਰਕਾਰ ਨੂੰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ ਕਿਉਂਕਿ ਸਿੱਖਾਂ ਵਿੱਚ ਭਾਰੀ ਚਿੰਤਾ ਤੇ ਘਬਰਾਹਟ ਮਹਿਸੂਸ ਕੀਤੀ ਜਾ ਰਹੀ ਹੈ । ਉਹਨਾਂ ਕਿਹਾ ਪਿਛਲੇ ਸਮੇਂ ਵਿੱਚ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਦੇ ਫਿਰਕਿਆਂ ਦੇ ਲੋਕਾਂ ਸਿੱਖਾਂ ਤੇ ਹਿੰਦੂਆਂ ਦਾ ਭਾਰੀ ਜਾਨੀ ਮਾਲੀ ਨੁਕਸਾਨ ਹੋ ਚੁੱਕਾ ਹੈ । ਪਹਿਲਾਂ ਵੀ ਵਪਾਰੀਆਂ ਸਿੱਖਾਂ ਤੇ ਹਿੰਦੂਆਂ ਨੂੰ ਅਗਵਾ ਕਰਕੇ ਕਤਲ ਕੀਤਾ ਜਾ ਚੁੱਕਾ ਹੈ । ਉਹਨਾਂ ਕਿਹਾ ਇੱਕ ਪਾਸੇ ਪਾਕਿਸਤਾਨ ਸਰਕਾਰ ਆਪਣੇ ਆਪ ਨੂੰ ਸਿੱਖਾਂ ਦੇ ਹਮਾਇਤੀ ਹੋਣ ਦਾ ਢੌਂਗ ਰਚਦੀ ਹੈ ਦੂਜੇ ਪਾਸੇ ਪਾਕਿਸਤਾਨ ਵਿੱਚ ਰਹਿ ਰਹੀਆਂ ਲੜਕੀਆਂ ਨੂੰ ਅਗਵਾ ਕਰਕੇ ਉਹਨਾਂ ਦਾ ਜ਼ਬਰਨ ਧਰਮ ਤਬਦੀਲ ਕਰਵਾਇਆ ਜਾ ਰਿਹਾ ਹੈ । ਉਹਨਾਂ ਕਿਹਾ ਅਫ਼ਗ਼ਾਨਿਸਤਾਨ ਤੇ ਪਾਕਿਸਤਾਨ ਵਿੱਚ ਸਿੱਖਾਂ ਤੇ ਹਿੰਦੂਆਂ ਦਾ ਰਹਿਣਾਂ ਦੁੱਭਰ ਹੋ ਗਿਆ ਹੈ ਇਸੇ ਕਾਰਨ ਆਪਣੇ ਭਵਿੱਖ ਤੇ ਜਾਨ ਦੀ ਚਿੰਤਾਂ ਕਾਰਨ ਵੱਡੀ ਗਿਣਤੀ ਵਿੱਚ ਸਿੱਖ ਤੇ ਹਿੰਦੂ ਅਫ਼ਗ਼ਾਨਿਸਤਾਨ ਤੇ ਪਾਕਿਸਤਾਨ ਤੋਂ ਬਾਹਰਲੇ ਦੇਸ਼ਾਂ ਨੂੰ ਪਲਾਇਨ ਕਰ ਚੁੱਕੇ ਹਨ । ਉਹਨਾਂ ਪਾਕਿਸਤਾਨ ਵਿੱਚ ਰਹਿ ਰਹੇ ਸਿੱਖਾਂ ਨੂੰ ਵਿਸ਼ਵਾਸ ਦਿਵਾਇਆ ਕਿ ਦੁਨੀਆਂ ਭਰ ਦੇ ਸਿੱਖ ਉਹਨਾਂ ਨਾਲ ਡਟਕੇ ਖੜ੍ਹੇ ਹਨ । ਉਹਨਾਂ ਭਾਰਤ ਦੇ ਬਦੇਸ਼ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਭਾਰਤ ਦੇ ਸਿੱਖਾਂ ਦੀ ਚਿੰਤਾਂ ਪਾਕਿਸਤਾਨ ਸਰਕਾਰ ਨਾਲ ਸਾਂਝੀ ਕਰਕੇ ਪਾਕਿਸਤਾਨ ਸਰਕਾਰ ਪਾਸੋਂ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ।






















