ਪ੍ਰਤਾਪ ਸਿੰਘ ਬਾਜਵਾ ਦੇ ਭਰਾ ਫ਼ਤਹਿ ਜੰਗ ਸਿੰਘ ਬਾਜਵਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੰਨਿਆ ਆਪਣਾ ਲੀਡਰ

ਚੰਡੀਗੜ੍ਹ, 17ਜੂਨ(ਵਿਸ਼ਵ ਵਾਰਤਾ)- ਕੈਪਟਨ ਅਮਰਿੰਦਰ ਸਿੰਘ ਦੇ ਕੱਟੜ ਵਿਰੋਧੀ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਛੋਟੇ ਭਰਾ ਅਤੇ ਕਾਂਗਰਸ ਵਿਧਾਇਕ ਫ਼ਤਹਿ ਜੰਗ ਸਿੰਘ ਬਾਜਵਾ, ਜਿਨ੍ਹਾਂ ਦੀ ਬੀਤੇ ਦਿਨੀਂ ਮੁੱਖ ਮੰਤਰੀ ਨਾਲ ਮੁਲਾਕਾਤ ਮਗਰੋਂ ਚਰਚਾਵਾਂ ਜੋਰਾਂ ਤੇ ਹੈ।
ਅੱਜ ਇਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਫ਼ਤਹਿ ਜੰਗ ਸਿੰਘ ਬਾਜਵਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਮੇਰੀ ਵੱਡੇ ਭਾਈ ਹਨ, ਉਨ੍ਹਾਂ ਦੀ ਜਗ੍ਹਾ ਵੱਡੇ ਭਾਈ ਵਾਲੀ ਹੈ ਪਰ, ਜਿੱਥੇ ਤੱਕ ਰਾਜਸੀ ਗੱਲ ਹੈ ਉਥੇ ਮੇਰੇ ਲੀਡਰ ਕੈਪਟਨ ਅਮਰਿੰਦਰ ਸਿੰਘ ਹਨ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਰਗਾ ਵੱਡਾ ਚਿਹਰਾ ਕਿਸੇ ਵੀ ਪਾਰਟੀ ਕੋਲ ਨਹੀਂ ਹੈ ,ਜੋ ਪੰਜਾਬ ਦੇ ਮੁੱਦਿਆਂ ਲਈ ਖੜਾ ਹੋਵੇ। ਉਨ੍ਹਾਂ ਕਿਹਾ ਕਿ ਕੈਪਟਨ ਨੇ ਮੇਰੀ ਬਾਂਹ ਕਦੇ ਨਹੀਂ ਛੱਡੀ ਇਸ ਲਈ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਛੱਡਣ ਦਾ ਸਵਾਲ ਹੀ ਨਹੀਂ।
ਉਨ੍ਹਾਂ ਇਹ ਵੀ ਆਖਿਆ ਕਿ ਇਹ ਚੰਦ ਦਿਨਾਂ ਦੀ ਹੀ ਗੱਲ ਹੈ ਅਤੇ ਛੇਤੀ ਹੀ ਕੈਪਟਨ ਅਮਰਿੰਦਰ ਸਿੰਘ, ਪ੍ਰਤਾਪ ਸਿੰਘ ਬਾਜਵਾ ਅਤੇ ਨਵਜੋਤ ਸਿੰਘ ਸਿੱਧੂ ਆਦਿ ਸਾਰੇ ਹੀ ਆਗੂ ਪੰਜਾਬ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਦੇ ਨਜ਼ਰ ਆਉਣਗੇ। ਪੰਜਾਬ ਕਾਂਗਰਸ ਅੰਦਰ ਚੱਲ ਰਹੇ ਖਿਚੋਤਾਣ ਦੀ ਗੱਲ ਕਰਦਿਆਂ ਫ਼ਤਹਿ ਜੰਗ ਸਿੰਘ ਬਾਜਵਾ ਨੇ ਕਿਹਾ ਕਿ ਇਹ ਸਿਲਸਿਲਾ ਬੰਦ ਹੋਣਾ ਚਾਹੀਦਾ ਹੈ। ਉਹਨਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਬਾਗੀ ਸੁਰਾਂ ਉਠਾ ਰਹੇ ਆਗੂਆਂ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਆਪਣੇ ਜਿਹੜੇ ਨੇੜਲੇ ਸਾਥੀ ਤੇ ਕੈਪਟਨ ਅਮਰਿੰਦਰ ਸਿੰਘ ਨੇ ਬੜਾ ਵਿਸ਼ਵਾਸ ਕੀਤਾ ਸੀ ,ਉਹਨਾਂ ਦੇ ਵਿਵਹਾਰ ਤੋਂ ਕੈਪਟਨ ਅਮਰਿੰਦਰ ਮਾਯੂਸ ਹਨ ਕਿਉਂਕਿ ਉਹ ਸਮਝਦੇ ਹਨ ਕਿ ਇਨ੍ਹਾਂ ਆਗੂਆਂ ਨੇ ਉਨ੍ਹਾਂ ਦਾ ਸਾਥ ਨਹੀਂ ਨਿਭਾਇਆ।






















