ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵੱਲੋਂ ਵੀਰਭੱਦਰ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 8 ਜੁਲਾਈ (ਵਿਸ਼ਵ ਵਾਰਤਾ)-: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਨੇ ਵੀਰਵਾਰ ਨੂੰ ਉੱਘੇ ਕਾਂਗਰਸੀ ਆਗੂ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵੀਰਭੱਦਰ ਸਿੰਘ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨਾਂ ਨੇ ਅੱਜ ਸਵੇਰੇ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ, ਸ਼ਿਮਲਾ ਵਿਖੇ ਆਖਰੀ ਸਾਹ ਲਏ। ਉਹ 87 ਵਰਿਆਂ ਦੇ ਸਨ ਅਤੇ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।
ਆਪਣੇ ਸ਼ੋਕ ਸੰਦੇਸ਼ ਵਿਚ ਉਹਨਾਂ ਨੇ ਕਿਹਾ, ‘‘ਮੈਨੂੰ ਵੀਰਭੱਦਰ ਸਿੰਘ ਦੇ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਹੈ। ਉਹ ਇੱਕ ਤਜ਼ੁਰਬੇਕਾਰ ਸਿਆਸਤਦਾਨ ਹੋਣ ਦੇ ਨਾਲ-ਨਾਲ ਹੀ ਉੱਚ ਗੁਣਾਂ ਦੇ ਧਾਰਨੀ ਇੱਕ ਬੇਹੱਦ ਚੰਗੇ ਇਨਸਾਨ ਵੀ ਸਨ।’’
ਛੇ ਵਾਰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਵੀਰਭੱਦਰ ਸਿੰਘ ਵੱਲੋਂ ਦਿੱਤੀਆਂ ਗਈਆਂ ਬਹੁਮੁੱਲੀਆਂ ਸੇਵਾਵਾਂ ਬਾਰੇ ਉਹਨਾਂ ਨੇ ਕਿਹਾ ਕਿ ਉਨਾਂ ਨੇ ਨਾ ਸਿਰਫ ਪਹਾੜੀ ਸੂਬੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਇਆ ਪਰ ਇਸ ਦੇ ਨਾਲ ਹੀ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਵਿੱਚ ਵੀ ਅਹਿਮ ਕਿਰਦਾਰ ਅਦਾ ਕੀਤਾ।






















