ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਲੈ ਕੇ ਵੱਡੇ ਐਲਾਨ,ਸ਼ਹੀਦਾਂ ਦੇ ਪਰਿਵਾਰ ਨੂੰ ਦੇਵਾਂਗੇ ਸਰਕਾਰੀ ਨੌਕਰੀ
ਬੱਚਿਆਂ ਨੂੰ ਪੋਸਟ ਗ੍ਰੈਜੂਏਸ਼ਨ ਤੱਕ ਦਿੱਤੀ ਜਾਵੇਗੀ ਮੁਫ਼ਤ ਸਿੱਖਿਆ
ਪਰਿਵਾਰ ਦਾ ਕਰਵਾਇਆ ਜਾਵੇਗਾ ਸਿਹਤ ਬੀਮਾ

ਚੰਡੀਗੜ੍ਹ, 9ਜੁਲਾਈ(ਵਿਸ਼ਵ ਵਾਰਤਾ)- ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਕਿਸਾਨ ਦਿਨ ਰਾਤ ਇਸ ਗਰਮੀ ਵਿੱਚ ਔਰਤਾਂ, ਬੱਚੇ ਤੇ ਬਜ਼ੁਰਗ ਸੰਘਰਸ਼ ਕਰ ਰਹੇ ਹਨ। ਇਸ ਅੰਦੋਲਨ ਵਿਚ ਹੁਣ ਤੱਕ 550 ਤੋਂ ਵੱਧ ਕਿਸਾਨ ਸ਼ਹੀਦੀ ਪਾ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਇਤਿਹਾਸਕ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਲੋਕਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ ਲਗਭਗ 7 ਮਹੀਨਿਆਂ ਤੋਂ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ 2022 ਵਿਚ ਅਕਾਲੀ-ਬਸਪਾ ਦੀ ਸਰਕਾਰ ਆਉਂਦੀ ਹੈ ਤਾਂ ਪਹਿਲੀ ਕੈਬਨਿਟ ਮੀਟਿੰਗ ਵਿਚ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਪਰਿਵਾਰ ਦੇ ਸਾਰੇ ਬੱਚਿਆਂ ਨੂੰ ਪੋਸਟ ਗ੍ਰੈਜੂਏਸ਼ਨ ਤੱਕ ਸਾਰੀ ਪੜ੍ਹਾਈ ਫ੍ਰੀ ਦਿੱਤੀ ਜਾਵੇਗੀ। ਸ਼ਹੀਦ ਦੇ ਪੂਰੇ ਪਰਿਵਾਰ ਦਾ ਸਿਹਤ ਬੀਮਾ ਕਰਵਾਇਆ ਜਾਵੇਗਾ । ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ ਕਿਉਂਕਿ ਇਹ ਸੰਘਰਸ਼ ਪੂਰੇ ਪੰਜਾਬੀਆਂ ਦਾ ਸੰਘਰਸ਼ ਹੈ। ਕੇਂਦਰ ਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਨਹੀਂ ਮੰਨ ਰਹੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ 2022 ਵਿਚ ਅਕਾਲੀ-ਬਸਪਾ ਦੀ ਸਰਕਾਰ ਆਵੇਗੀ ਤੇ ਜਨਤਾ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ।























