ਫੈਕਟਰੀ ਚ ਅੱਗ ਲੱਗਣ ਕਾਰਨ 52 ਲੋਕਾਂ ਦੀ ਮੌਤ

ਚੰਡੀਗੜ੍ਹ, 10ਜੁਲਾਈ(ਵਿਸ਼ਵ ਵਾਰਤਾ)-ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿਚ ਜੂਸ ਫੈਕਟਰੀ ਵਿਚ ਅੱਗ ਲੱਗਣ ਕਾਰਨ 52 ਲੋਕਾਂ ਦੀ ਮੌਤ ਹੋ ਗਈ। ਕਈ ਹੋਰ ਲੋਕ ਸੜ ਗਏ। ਇਸ ਦੀ ਜਾਣਕਾਰੀ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦਿੱਤੀ। ਰਾਸ਼ਟਰਪਤੀ ਅਬਦੁੱਲ ਹਾਮਿਦ ਅਤੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਇਸ ਹਾਦਸੇ ਵਿੱਚ ਜਾਨ-ਮਾਲ ਦੇ ਨੁਕਸਾਨ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਫਾਇਰ ਸਰਵਿਸ ਦੇ ਅਧਿਕਾਰੀਆਂ ਦੱਸਿਆ ਕਿ ਨਰਾਇਣਗੰਜ ਦੇ ਰੂਪਗੰਜ ਖੇਤਰ ਵਿੱਚ ਵੀਰਵਾਰ ਸ਼ਾਮ ਨੂੰ ਇੱਕ ਫੈਕਟਰੀ ਵਿੱਚ ਅੱਗ ਲੱਗੀ। ਮਿਲੀ ਜਾਣਕਾਰੀ ਅਨੁਸਾਰ ਫੈਕਟਰੀ ਵਿਚ ਕੰਮ ਕਰਨ ਵਾਲੇ ਜ਼ਿਆਦਾਤਰ ਵਰਕਰ ਕਿਸ਼ੋਰ ਸਨ। ਜ਼ਿਲ੍ਹਾ ਪ੍ਰਸ਼ਾਸਨ ਦੇ ਇੱਕ ਅਧਿਕਾਰੀ ਨੇ ਕਿਹਾ “ਹੁਣ ਤੱਕ ਇਸ ਹਾਦਸੇ ਵਿੱਚ 52 ਵਿਅਕਤੀਆਂ ਦੀ ਮੌਤ ਹੋ ਗਈ ਹੈ ਪਰ ਸ਼ੱਕ ਹੈ ਕਿ ਹੋਰ ਲਾਸ਼ਾਂ ਅੰਦਰ ਹਨ ਅਤੇ ਸਰਚ ਆਪ੍ਰੇਸ਼ਨ ਜਾਰੀ ਹੈ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਮਾਰਤ ਵਿੱਚੋਂ 49 ਲਾਸ਼ਾਂ ਬਰਾਮਦ ਹੋਈਆਂ ਹਨ। ਇਸ ਤੋਂ ਇਲਾਵਾ ਬਾਕੀ ਲੋਕਾਂ ਨੇ ਹਸਪਤਾਲ ਜਾਂਦਿਆਂ ਰਾਹ ਵਿੱਚ ਹੀ ਦਮ ਤੋੜ ਦਿੱਤਾ। ਵਧੇਰੇ ਲੋਕਾਂ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ।






















