ਬਲਾਤਕਾਰ ਮਾਮਲੇ ਵਿੱਚ ਸਿਮਰਜੀਤ ਬੈਂਸ ਪੁੱਜੇ ਹਾਈ ਕੋਰਟ
ਚੰਡੀਗੜ੍ਹ,10 ਜੁਲਾਈ(ਵਿਸ਼ਵ ਵਾਰਤਾ): ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸ: ਸਿਮਰਜੀਤ ਸਿੰਘ ਬੈਂਸ ਲੁਧਿਆਣਾ ਦੀ ਅਦਾਲਤ ਵੱਲੋਂ ਉਨ੍ਹਾਂ ਖਿਲਾਫ਼ ਜਬਰ ਜਨਾਹ ਦੇ ਇਕ ਮਾਮਲੇ ਵਿੱਚ ਦਿੱਤੇ ਐਫ.ਆਈ.ਆਰ.ਦਰਜ ਕਰਨ ਦੇ ਹੁਕਮਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਪੁੱਜ ਗਏ ਹਨ।
ਜ਼ਿਕਰਯੋਗ ਹੈ ਕਿ ਲੁਧਿਆਣਾ ਦੀ ਇਕ 45 ਸਾਲਾ ਔਰਤ ਨੇ ਸ: ਸਿਮਰਜੀਤ ਸਿੰਘ ਬੈਂਸ ਖਿਲਾਫ਼ ਉਸ ਨਾਲ ਜਬਰ ਜਨਾਹ ਕਰਨ ਦੇ ਦੋਸ਼ ਲਗਾਏ ਸਨ। ਸ: ਸਿਮਰਜੀਤ ਸਿੰਘ ਬੈਂਸ ਨੇ ਅਦਾਲਤੀ ਹੁਕਮਾਂ ਦੀ ਕਾਪੀ ਲੈ ਕੇ ਹੁਣ ਹਾਈਕੋਰਟ ਦਾ ਰੁਖ਼ ਕੀਤਾ ਹੈ ਅਤੇ ਉਨ੍ਹਾਂ ਵੱਲੋਂ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ। ਬੈਂਸ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਨੇ ਹਾਈ ਕੋਰਟ ਵਿੱਚ ਇਸ ਸੰਬੰਧੀ ਪਟੀਸ਼ਨ ਦਾਖ਼ਲ ਕੀਤੀ ਹੈ ਜਿਸ ਦੀ ਸੁਣਵਾਈ ਛੇਤੀ ਹੀ ਹੋਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ’ਤੇ ਪੂਰਾ ਭਰੋਸਾ ਹੈ।























